ਐਸ.ਏ.ਐਸ. ਨਗਰ, 26 ਅਕਤੂਬਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਕਿਆਂ ਦੀ ਵਿਕਰੀ ਲਈ ਅੱਜ 40 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਗਠਿਤ ਕੀਤੀ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ ਅਤੇ ਜ਼ਿਲ੍ਹਾ ਅਟਾਰਨੀ ਐਡਮਿਨ ਰਾਕੇਸ਼ ਗੋਇਲ ਦੀ ਹਾਜ਼ਰੀ ਵਿੱਚ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
ਡਰਾਅ ਤੋਂ ਬਾਅਦ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ 40 ਲਾਇਸੈਂਸਾਂ ਲਈ ਕੁੱਲ 1192 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਨੂੰ ਸੁਚਾਰੂ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਤ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਤ ਸਮੇਂ ਅਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 8.00 ਵਜੇ ਤੋਂ 10.00 ਵਜੇ ਤੱਕ ਅਤੇ ਮਿਤੀ 19 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4.00 ਵਜੇ ਤੋਂ 5.00 ਵਜੇ ਤੱਕ ਅਤੇ ਸ਼ਾਮ ਨੂੰ 09.00 ਵਜੇ ਤੋਂ 10.00 ਵਜੇ ਤੱਕ ਨਿਰਧਾਰਤ ਅਵਾਜ਼ ਅੰਦਰ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਚਾਈਨੀਜ਼ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨਹੀਂ ਕਰੇਗਾ। ਪਟਾਕੇ ਵੇਚਣ ਸਬੰਧੀ ਨਿਰਧਾਰਤ ਥਾਵਾਂ ਅਤੇ ਮੁੱਖ ਸ਼ਰਤਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ www.sasnagar.nic.in ਉਤੇ ਵੇਖੀਆਂ ਜਾ ਸਕਦੀਆਂ ਹਨ।
ਕੈਪਸ਼ਨ: ਪਟਾਕਿਆਂ ਦੇ ਲਾਇਸੈਂਸ ਜਾਰੀ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਡਰਾਅ ਕੱਢੇ ਜਾਣ ਦਾ ਦ੍ਰਿਸ਼।

No comments:
Post a Comment