SBP GROUP

SBP GROUP

Search This Blog

Total Pageviews

Wednesday, October 27, 2021

ਇਹ ਕਾਨੂੰਨ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ

 ਮੋਹਾਲੀ, 27 ਅਕਤੂਬਰ : ਤਿੰਨ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਕਾਨੂੰਨ ਭਾਜਪਾ ਦੇ ਤਾਬੂਤ ਦਾ ਆਖਰੀ ਕਿੱਲ ਸਾਬਤ ਹੋਣਗੇ।

ਖੇਤੀਬਾੜੀ ਵਿਭਾਗ ਵੱਲੋਂ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਅਤੇ ਪ੍ਰਦਰਸ਼ਨੀ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਇਕ ਸਾਲ ਤੋਂ ਅੰਦੋਲਨ ਕਰ ਰਹੇ ਹਨ ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਦੁਰਦਸ਼ਾ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਰ ਕੋਈ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀਆਂ ਵੱਡੀਆਂ ਯੋਜਨਾਵਾਂ ਦੀ ਗੱਲ ਕਰਦਾ ਹੈ ਪਰ ਅਸਲ ਵਿੱਚ ਕਿਸਾਨਾਂ ਲਈ ਕੋਈ ਠੋਸ ਨੀਤੀਆਂ ਨਾ ਬਣਾਏ ਜਾਣ ਕਾਰਨ ਉਨ੍ਹਾਂ ਦੀ ਦੁਰਦਸ਼ਾ ਹੋ ਰਹੀ ਹੈ। ਤਾਕਤ ਦੀ ਵਰਤੋਂ ਨਾਲ ਕਿਸਾਨਾਂ ਨੂੰ ਦਬਾਉਣ ਦੀ ਚਾਰਾਜੋਈ ਸਮੱਸਿਆ ਦਾ ਹੱਲ ਨਹੀਂ ਕਰ ਸਕਦੀ ਕਿਉਂਕਿ ਇਹ ਉਨ੍ਹਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕੇਗੀ।


 ਇਸ ਲਈ, ਕੇਂਦਰ ਉਤੇ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਕਿਸਾਨਾਂ ਦੇ ਦਰਦ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝੇ ਅਤੇ ਉਨ੍ਹਾਂ ਦੀਆਂ ਅਸਲ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕ ਵਿਹਾਰਕ ਵਿਧੀ ਲੱਭਣ ਲਈ ਸੰਵੇਦਨਸ਼ੀਲਤਾ ਨਾਲ ਉਨ੍ਹਾਂ ਤੱਕ ਪਹੁੰਚ ਕਰੇ।
ਮੋਹਾਲੀ ਹਲਕੇ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਬਣੇ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ 15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਇਜਲਾਸ 8 ਨਵੰਬਰ 2021 ਨੂੰ ਸੱਦਣ ਦਾ ਫੈਸਲਾ ਕੀਤਾ ਹੈ।
ਕਿਸਾਨ ਮੇਲੇ ਦੌਰਾਨ ਫ਼ਸਲੀ ਵਿਭਿੰਨਤਾ ਦੀ ਲੋੜ 'ਤੇ ਚਾਨਣਾ ਪਾਉਂਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਨਾਲ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਤੋਂ ਇਲਾਵਾ ਹੋਰ ਫ਼ਸਲਾਂ ਜਿਵੇਂ ਕਿ ਸਰ੍ਹੋਂ ਅਤੇ ਕਪਾਹ ਦਾ ਵੀ ਵਧੀਆ ਮੁੱਲ ਮਿਲਦਾ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ ਪਰ ਸੂਬਾ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਨੇ ਖੇਤੀ ਵਿਗਿਆਨੀਆਂ ਨੂੰ ਫਸਲਾਂ ਦੀਆਂ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਅਜਿਹੇ ਤਰੀਕੇ ਜਾਂ ਕੀਟਨਾਸ਼ਕ/ਨਦੀਨਾਸ਼ਕ ਵਿਕਸਿਤ ਕਰਨ ਲਈ ਵੀ ਕਿਹਾ ਤਾਂ ਜੋ ਝਾੜ ਪ੍ਰਭਾਵਿਤ ਨਾ ਹੋ ਸਕੇ। ਉਨ੍ਹਾਂ ਖੇਤ ਵਿੱਚ ਪਰਾਲੀ ਦਾ ਪ੍ਰਬੰਧਨ ਕਰਨ ਲਈ ਕੇਂਦਰ ਸਰਕਾਰ ਤੋਂ ਝੋਨੇ 'ਤੇ 150 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਡੇਂਗੂ ਦੀ ਰੋਕਥਾਮ ਲਈ ਸੁਚਾਰੂ ਉਪਰਾਲੇ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਉਤਪਾਦਾਂ, ਨੀਤੀਆਂ ਅਤੇ ਹੋਰ ਲੋਕ ਪੱਖੀ ਨੀਤੀਆਂ ਨੂੰ ਪ੍ਰਦਰਸ਼ਿਤ ਕਰਨ ਲਈ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ। ਕਿਸਾਨ ਮੇਲੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਗਰੇਵਾਲ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਰਾਕੇਸ਼ ਰਹੇਜਾ, ਬਲਦੇਵ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ), ਪਰਮਿੰਦਰ ਸਿੰਘ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ ਮੁਹਾਲੀ ਅਤੇ ਏ.ਡੀ.ਓ ਗੁਰਦਿਆਲ ਕੁਮਾਰ ਤੇ ਹੋਰ ਹਾਜ਼ਰ ਸਨ।

No comments:


Wikipedia

Search results

Powered By Blogger