ਚੰਡੀਗੜ੍ਹ, 21 ਨਵੰਬਰ : ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 30 ਨਵੰਬਰ ਨੂੰ ਸੰਗਰੂਰ ਵਿਖੇ ਸੀ ਐਮ ਭਗਵੰਤ ਦੀ ਕੋਠੀ ਦਾ ਕੁੰਡਾ ਖੜਕਾਓ ਐਕਸ਼ਨ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ 'ਚ ਲਾਮਬੰਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਪ੍ਰਬੰਧਕੀ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਫੈਸਲੇ ਲਏ ਗਏ। ਖੇਤ ਮਜ਼ਦੂਰ ਸਭਾ ਪੰਜਾਬ ਦੇ ਪ੍ਰਮੁੱਖ ਆਗੂ ਗੁਲਜ਼ਾਰ ਗੌਰੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਪ੍ਰਗਟ ਸਿੰਘ ਕਾਲਾਝਾੜ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਤੇ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਬਲਵੀਰ ਸਿੰਘ ਤੋਂ ਇਲਾਵਾ ਮਜ਼ਦੂਰ ਆਗੂ ਦੇਵੀ ਕੁਮਾਰੀ ਤੇ ਲਛਮਣ ਸਿੰਘ ਸੇਵੇਵਾਲਾ ਹਾਜ਼ਰ ਹੋਏ।

ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਲਛਮਣ ਸਿੰਘ ਸੇਵੇਵਾਲਾ ਨੇ ਮੀਟਿੰਗ 'ਚ ਪੁੱਜੀਆਂ ਰਿਪੋਰਟਾਂ ਦੇ ਅਧਾਰ 'ਤੇ ਦੱਸਿਆ ਕਿ 30 ਨਵੰਬਰ ਨੂੰ ਹਜ਼ਾਰਾਂ ਮਜ਼ਦੂਰ ਮਰਦ ਔਰਤਾਂ ਵਹੀਰਾਂ ਘੱਤ ਕੇ ਸੰਗਰੂਰ ਪਹੁੰਚ ਕੇ ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ ਖੜਕਾਉਣਗੇ।
ਇਸ ਮੀਟਿੰਗ ਹਾਜ਼ਰ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ਼ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਮੁੜ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 6 ਅਕਤੂਬਰ ਦੀ ਮੀਟਿੰਗ 'ਚ ਪ੍ਰਵਾਨ ਕੀਤੀਆਂ ਮੰਗਾਂ ਉੱਪਰ ਕੋਈ ਅਮਲ ਨਾ ਹੋਣ ਕਾਰਨ ਮਜ਼ਦੂਰ ਵਰਗ 'ਚ ਆਪ ਸਰਕਾਰ ਤੇ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਠੇਕੇ 'ਤੇ ਦੇਣ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦੇਣ, ਬੇਘਰਿਆਂ ਤੇ ਲੋੜਵੰਦਾਂ ਪਲਾਟ ਦੇਣ, ਕੱਟੇ ਪਲਾਟਾਂ ਦਾ ਕਬਜ਼ਾ ਦੇਣ, ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦੇਣ, ਪੈਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕਰਨ, ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਅਤੇ ਦਲਿਤਾਂ 'ਤੇ ਜ਼ਬਰ ਬੰਦ ਕਰਨ ਆਦਿ ਸ਼ਾਮਲ ਹਨ।
ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਵਿਹਲੜ ਤੇ ਜਾਮ ਲਾਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਦੱਸਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਦੀ ਮਸਲੇ ਹੱਲ ਕਰਨ ਦੀ ਥਾਂ ਆਮ ਲੋਕਾਂ ਨੂੰ ਮਜ਼ਬੂਰੀ ਵੱਸ ਸੰਘਰਸ਼ਸ਼ੀਲ ਲੋਕਾਂ ਖਿਲਾਫ ਭੜਕਾਉਣ ਦੀ ਕੋਝੀ ਰਾਜਨੀਤੀ ਕਰ ਰਹੇ ਹਨ। ਮੀਟਿੰਗ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਵਿਖੇ ਸਾਬਕਾ ਪੁਲਿਸ ਅਧਿਕਾਰੀ ਤੇ ਅਫ਼ਸਰਸ਼ਾਹੀ ਦੀ ਅਣਗਿਹਲੀ ਕਾਰਨ ਮਾਰੇ ਗਏ ਨੌਜਵਾਨ ਮਜ਼ਦੂਰ ਤੋਂ ਇਲਾਵਾ ਜ਼ਖ਼ਮੀ ਮਜ਼ਦੂਰਾਂ ਦੇ ਵਾਰਸਾਂ ਨੂੰ ਹਾਦਸੇ ਦੇ ਨੌਂ ਦਿਨ ਬੀਤਣ ਬਾਅਦ ਵੀ ਸਰਕਾਰ ਵੱਲੋਂ ਕੋਈ ਰਾਹਤ ਨਾ ਦੇਣ ਅਤੇ ਨਾ ਹੀ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਾਲੇ ਅਣਮਨੁੱਖੀ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਪੀੜਤਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ ਗਈ।
No comments:
Post a Comment