Tuesday, April 18, 2023

ਡੇਅਰੀ ਉਦਮ ਸਿਖਲਾਈ ਕੋਰਸ 01 ਮਈ 2023 ਤੋਂ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ ਵਿਖੇ

ਐਸ.ਏ.ਐਸ.ਨਗਰ, 18 ਅਪ੍ਰੈਲ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਲਾਲ ਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕੁਲਦੀਪ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 01 ਮਈ 2023 ਤੋਂ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ (ਕੁਰਾਲੀ ਮੋਰਿੰਡਾ ਰੋਡ) ਜ਼ਿਲ੍ਹਾ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ।



ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਡਿਪਟੀ ਡਾਇਰੈਕਟਰ ਡੇਅਰੀ ਐਸ.ਏ.ਐਸ ਨਗਰ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਵੇ ਘੱਟੋ ਘੱਟ ਮੈਟ੍ਰਿਕ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਅਤੇ ਉਹਨਾਂ ਕੋਲ ਘੱਟੋ ਘੱਟ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਹੋਣ ਜਾਂ ਅਪਣਾ ਹਾਈਟੈਕ ਡੇਅਰੀ ਫਾਰਮ ਬਣਾਇਆ ਹੋਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ,  ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਹਨਾਂ ਦੀ ਜਾਂਚ ਕਰਨਾ, ਦੁੱਧ ਤੋਂ ਪ੍ਰੋਡਕਟ ਤਿਆਰ ਕਰਨਾ, ਸਾਫ ਦੁੱਧ ਪੈਦਾ ਕਰਨਾ ਅਤੇ ਖਾਦ ਖੁਰਾਕ ਬਾਰੇ ਜਾਣਕਾਰੀ ਦਿਤੀ ਜਾਵੇਗੀ।

ਸ਼੍ਰੀ ਕਸ਼ਮੀਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਕਿਹਾ ਕਿ ਨੌਜਵਾਨਾਂ ਨੂੰ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ 'ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ।

ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ਤੋਂ ਕਿਸੇ ਵੀ ਕੰਮ ਵਾਲੇ ਦਿਨ 100 ਰੁਪਏ ਦਾ ਪ੍ਰਾਸਪੈਕਟ ਪ੍ਰਾਪਤ ਕਰ ਸਕਦੇ ਹਨ।ਇਸ ਕੋਰਸ ਦੌਰਾਨ ਜਨਰਲ ਕੈਟਾਗਿਰੀ ਲਈ 5000/ ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000/ ਰੁਪਏ ਫੀਸ ਰੱਖੀ ਗਈ ਹੈ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 9592813411 'ਤੇ ਸੰਪਰਕ ਕੀਤਾ ਜਾ ਸਕਦਾ ਹੈ।

No comments:

Post a Comment