SBP GROUP

SBP GROUP

Search This Blog

Total Pageviews

Wednesday, July 5, 2023

ਜ਼ਿਲ੍ਹੇ ਵਿੱਚ ਲਾਏ ਜਾਣਗੇ ਪਰਾਲੀ ਅਧਾਰਤ ਪੈਲੇਟਾਈਜ਼ੇਸ਼ਨ ਅਤੇ ਟੌਰੀਫਿਕੇਸ਼ਨ ਪਲਾਂਟ: ਆਸ਼ਿਕਾ ਜੈਨ

 ਐੱਸ.ਏ.ਐੱਸ.ਨਗਰ, 5 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। 

ਇਸੇ ਲੜੀ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪਰਾਲੀ ਅਧਾਰਤ ਪੈਲੇਟਾਈਜ਼ੇਸ਼ਨ ਅਤੇ ਟੌਰੀਫਿਕੇਸ਼ਨ ਪਲਾਂਟ ਲਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸ ਬਾਬਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 40 ਫ਼ੀਸਦ ਤੱਕ ਵਨ ਟਾਈਮ ਫਾਇਨਾਂਸ਼ੀਅਲ ਅਸਿਸਟੈਂਸ ਦਿੱਤੀ ਜਾ ਰਹੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਪਲਾਨ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।


ਸ਼੍ਰੀਮਤੀ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਫ਼ਸਲਾਂ ਦੀ ਰਹਿੰਦ ਖੂੰਹਦ ਸਬੰਧੀ ਜ਼ੀਰੋ ਬਰਨਿੰਗ ਦਾ ਟੀਚਾ ਮਿੱਥਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਇਸ ਦੀ ਪ੍ਰਾਪਤੀ ਲਈ ਦ੍ਰਿੜ੍ਹ ਹੈ। ਇਹ ਪਲਾਂਟ ਇਸ ਟੀਚੇ ਦੀ ਪੂਰਤੀ ਵਿੱਚ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਪਲਾਂਟ ਲਾਉਣ ਸਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ 'ਵਨ ਟਾਈਮ ਫਾਇਨਾਂਸ਼ੀਅਲ ਅਸਿਸਟੈਂਸ' ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਸ ਦਾ ਲਾਹਾ ਲੈ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਕਰੀਬ 600 ਕਿਲੋ ਕੈਰੀ ਅਤੇ ਕੈਰੀ ਬੈਗ ਬਨਾਉਣ ਵਾਲੀ ਮਸ਼ੀਨਰੀ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜਾ ਵੀ ਕੋਈ ਵਿਅਕਤੀ, ਅਦਾਰਾ ਜਾਂ ਯੂਨਿਟ ਜ਼ਿਲ੍ਹੇ ਵਿਚਲੇ ਜਲ ਸਰੋਤਾਂ ਵਿੱਚ ਸੌਲਿਡ ਵੇਸਟ ਡੰਪ ਕਰਦਾ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਵਾਤਾਵਰਨ ਪਲਾਨ, ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਮੌਨੀਟਰਿੰਗ ਕਮੇਟੀ ਨਾਲ ਸਬੰਧਤ ਹੈ ਤੇ ਇਸ ਸਬੰਧੀ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫ਼ਸਰ, ਨਗਰ ਨਿਗਮ ਮੋਹਾਲੀ ਤੇ ਗਮਾਡਾ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਆਪੋ ਆਪਣੀਆਂ ਪਲਾਨ ਅਪਡੇਸ਼ਨਜ਼ ਭੇਜਣੀਆਂ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਇਸ ਕੰਮ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸ਼੍ਰੀਮਤੀ ਜੈਨ ਨੇ ਨਯਾਂ ਗਾਓਂ ਵਿਖੇ ਲੱਗਣ ਵਾਲੇ ਸੀਵੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਸਬੰਧੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਕਾਰਜਸਾਧਕ ਅਫ਼ਸਰਾਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਸਬੰਧੀ ਸਾਫ਼-ਸਫ਼ਾਈ ਸਬੰਧੀ ਦਿੱਕਤਾਂ ਨੂੰ ਸੂਚੀਬੱਧ ਕਰਨ ਲਈ ਕਿਹਾ ਅਤੇ ਐਸ.ਟੀ.ਪੀਜ਼ ਦੇ ਟਰੀਟਡ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਸ਼੍ਰੀ ਇੰਦਰਪਾਲ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger