ਐਸ.ਏ.ਐਸ. ਨਗਰ 21 ਸਤੰਬਰ - ਖੇਤੀ ਆਰਡੀਨੈਂਸ ਬਿੱਲ ਇਕੱਲੇ ਕਿਸਾਨਾਂ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਵਾਸੀਆਂ ਲਈ ਖ਼ਤਰੇ ਦੀ ਘੰਟੀ ਸਾਬਿਤ ਹੋਣਗੇ। ਭਾਵੇਂ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵਲੋਂ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਆਮ ਲੋਕਾਂ ਦੇ ਐਨੇ ਵੱਡੇ ਵਿਰੋਧ ਦੇ ਬਾਅਦ ਵੀ ਇੰਨਾਂ ਬਿੱਲਾਂ ਨੂੰ ਪ੍ਰਵਾਨਗੀ ਦੇ ਦੇਣਾ, ਸਿੱਧੇ ਤੌਰ ’ਤੇ ਆਮ ਲੋਕਾਂ ਨਾਲ ਕੀਤਾ ਗਿਆ ਧੱਕਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਮੋਦੀ ਸਰਕਾਰ ਪਹਿਲਾਂ ਹੀ ਬੁਰੀ ਤਰ੍ਹਾਂ ਝੰਜੋੜੇ ਹੋਏ ਕਿਸਾਨਾਂ ਨੂੰ ਹੋਰ ਝੰਜੋੜ ਦੇਣਾ ਚਾਹੁੰਦੀ ਹੈ, ਜਿਸ ਨੂੰ ਸੂਬੇ ਦੀ ਕੈਪਟਨ ਸਰਕਾਰ ਵਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਖੁਦਕੁਸ਼ੀਆਂ ਦੇ ਰਾਹ ’ਤੇ ਤੁਰਿਆ ਹੋਇਆ ਹੈ ਅਤੇ ਅਜਿਹਾ ਕਰਕੇ ਮੋਦੀ ਸਰਕਾਰ ਕਿਸਾਨਾਂ ਨੂੰ ਬਚਾਉਣ ਦੀ ਬਜਾਏ ਉਲਟਾ ਮੌਤ ਦੇ ਰਸਤੇ ’ਤੇ ਭੇਜ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਦੇ ਨਾਲ ਹਾਂ ਅਤੇ ਇਸ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਰਹਾਂਗੇ ਅਤੇ ਲੋੜ ਪਈ ਤਾਂ ਇਸ ਸੰਘਰਸ਼ ਲਈ ਕੁਰਬਾਨੀ ਦੇਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।
No comments:
Post a Comment