ਚੰਡੀਗੜ੍ਹ, 21 ਨਵੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿਚ 135 ਬਲਾਕ ਪ੍ਰਧਾਨਾਂ ਨੂੰ ਨਿਯੁਕਤ ਕੀਤਾ ਗਿਆ। ਜਿੰਨਾ ਨੂੰ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁਕਵਾਈ ਗਈ। ਇਹਨਾਂ ਨਿਯੁਕਤੀਆਂ ਨਾਲ ਪੰਜਾਬ ਵਿਚ 22 ਜ਼ਿਲ੍ਹਿਆਂ 'ਚ ਕੁੱਲ 460 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਹੋ ਚੁੱਕੀ ਹੈ।
ਮਾਨ ਨੇ ਕਿਹਾ ਕਿ ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਬਾਰੇ ਬੋਲਦਿਆਂ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ। ਇਸ ਮੌਕੇ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ, ਪਾਰਟੀ ਦੇ ਖ਼ਜ਼ਾਨਚੀ ਨੀਨਾ ਮਿੱਤਲ ਸਮੇਤ ਅਨੇਕਾਂ ਆਗੂ ਮੌਜੂਦ ਸਨ।
ਭਗਵੰਤ ਮਾਨ ਨੇ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਅਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੰਗਠਨ ਨਾ ਸਿਰਫ਼ ਪੰਜਾਬ ਵਿੱਚ ਸਰਕਾਰ ਸਥਾਪਤੀ ਦਾ ਕਾਰਜ ਕਰੇਗਾ ਪ੍ਰੰਤੂ ਉਸ ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ 'ਤੇ ਕਾਰਜ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਧਰਾਤਲ ਪੱਧਰ ਦੇ ਵਰਕਰਾਂ ਵਿੱਚ ਉਤਸ਼ਾਹ ਹੈ ਅਤੇ ਉਹ ਹੁਣ ਹੋਰ ਜੋਸ਼ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਵਰਗੀਆਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਇਸ ਕਰਕੇ ਪੰਜਾਬ ਦੇ ਲੋਕ ਹੁਣ ਪੰਜਾਬ ਵਿਚ ਫੈਲੀ ਸਿਆਸੀ ਗੰਦਗੀ ਨੂੰ ਸਾਫ਼ ਕਰਨ ਲਈ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ ਅਤੇ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਜ਼ਬੂਤ ਸੰਗਠਨ ਬਣਾਉਣ ਲਈ ਪਾਰਟੀ ਵੱਲੋਂ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਕਰਨ ਉਪਰੰਤ ਹੀ ਅਹੁਦੇਦਾਰ ਐਲਾਨ ਕੀਤੇ ਗਏ ਹਨ।
ਜਰਨੈਲ ਸਿੰਘ ਨੇ ਕਿਹਾ ਕਿ ਸੰਗਠਨ ਕਿਸੇ ਵੀ ਰਾਜਨੀਤਕ ਪਾਰਟੀ ਲਈ ਰੀੜ੍ਹ ਦੀ ਹੱਡੀ ਹੁੰਦੀ ਹੈ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਵਰਗਾਂ ਨੂੰ ਇਕਸਾਰ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹੁਣ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਾ ਅਤੇ ਇੱਕ ਮਜ਼ਬੂਤ ਸੰਗਠਨ ਦਾ ਨਿਰਮਾਣ ਕਰਨ ਤਾਂ ਜੋ ਭ੍ਰਿਸ਼ਟਾਚਾਰੀਆਂ ਨੂੰ ਰਾਜਨੀਤੀ ਵਿੱਚੋਂ ਪਾਰ ਕਰਕੇ ਸਾਫ਼ ਸੁਥਰੇ ਅਕਸ ਵਾਲੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਦਾ ਗਠਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਜਲਦੀ ਹੀ ਨਵੇਂ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ ।
No comments:
Post a Comment