ਚੰਡੀਗੜ੍ਹ, 18 ਨਵੰਬਰ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵੱਲੋਂ ਪੰਜਾਬ ਵਿੱਚ ਸਾਰੀਆਂ ਸੀਟਾਂ ਉੱਤੇ ਚੋਣ ਲੜਨ ਦੇ ਦਾਅਵਿਆਂ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੇ ਤਿੰਨ ਦਿਨਾ ਪੰਜਾਬ ਦੌਰੇ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕਿਸਾਨ ਅਤੇ ਲੋਕ ਵਿਰੋਧੀ ਭਾਜਪਾ ਪੰਜਾਬ ਵਿੱਚ ਆਪਣੇ ਘਟੀਆ ਹੱਥਕੰਡੇ ਅਪਣਾ ਕੇ ਸੱਤਾ ਪ੍ਰਾਪਤ ਕਰਨ ਦੇ ਸੁਪਨੇ ਲੈਣੇ ਬੰਦ ਕਰ ਦੇਵੇ। ਚੰਡੀਗੜ੍ਹ ਵਿੱਚ ਪਾਰਟੀ ਦੇ ਹੈੱਡਕੁਆਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਯੂਥ ਵਿੰਗ ਦੇ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਬੀਜੇਪੀ ਭਾਵੇਂ 117 ਦੀ ਥਾਂ ਪੰਜਾਬ ਦੇ ਪਿੰਡ-ਪਿੰਡ ਵਿਚ ਵੀ ਦਫ਼ਤਰ ਖੋਲ੍ਹ ਲੈਣ ਤਾਂ ਵੀ ਸੂਬੇ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੋਖਾ ਕਰਨ ਦੇ ਕਾਰਨ ਭਾਜਪਾ ਅਤੇ ਅਕਾਲੀ ਦਲ ਦਾ ਪੰਜਾਬ ਵਿਚੋਂ ਸਫ਼ਾਇਆ ਹੋ ਚੁੱਕਾ ਹੈ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤੇ ਬਿਨਾਂ ਭਾਜਪਾ ਆਗੂਆਂ ਦਾ ਪੰਜਾਬ ਵਿੱਚ ਵੜਨਾ ਵੀ ਮੁਸ਼ਕਿਲ ਹੋਵੇਗਾ।
ਹੇਅਰ ਨੇ ਕਿਹਾ ਕਿ ਭਾਜਪਾ ਆਗੂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਪੰਜਾਬ ਦੇ ਕਿਸਾਨਾਂ ਉੱਤੇ ਘਟੀਆ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ, ਸਗੋਂ ਉਨ੍ਹਾਂ ਦਾ ਮਜ਼ਾਕ ਉਡਾ ਰਹੇ ਹਨ। ਭਾਜਪਾ ਆਗੂ ਤਰੁਨ ਚੁੱਘ ਵੱਲੋਂ ਪੰਜਾਬ ਦੇ ਕਿਸਾਨਾਂ ਉੱਤੇ ਕੀਤੀ ਟਿੱਪਣੀ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ 'ਆਪ' ਆਗੂ ਨੇ ਕਿਹਾ ਕਿ ਉਨ੍ਹਾਂ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਭਰ ਦੇ ਕਿਸਾਨਾਂ ਦਾ ਅਪਮਾਨ ਕੀਤਾ ਹੈ। ਜਿਸ ਦਾ ਖ਼ਮਿਆਜ਼ਾ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਫ਼ਿਰਕੂ ਸਿਆਸਤ ਪੰਜਾਬ ਵਿੱਚ ਨਹੀਂ ਚੱਲ ਸਕਦੀ ਕਿਉਂਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ। ਇੱਥੇ ਹਿੰਦੂ, ਸਿੱਖ, ਮੁਸਲਿਮ ਅਤੇ ਈਸਾਈ ਸਮੇਤ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਨਾ ਸਿਰਫ਼ ਕਿਸਾਨਾਂ ਬਲਕਿ ਸਾਰੇ ਵਰਗਾਂ ਨਾਲ ਧੋਖਾ ਕੀਤਾ ਹੈ। ਮੋਦੀ ਆਪਣੇ ਸ਼ੇਖ਼ ਚਿੱਲੀ ਵਾਲੇ ਖ਼ਿਆਲਾਂ ਵਿਚ ਪੈ ਕੇ ਕਦੀ ਜੀ.ਐੱਸ.ਟੀ ਅਤੇ ਕਦੇ ਨੋਟਬੰਦੀ ਕਰ ਦਿੰਦੇ ਹੈ। ਜਿਸ ਕਾਰਨ ਦੇਸ਼ ਦਾ ਵਪਾਰੀ ਪੂਰਨ ਤੌਰ 'ਤੇ ਖਤਮ ਹੋਣ ਦੇ ਕਿਨਾਰੇ 'ਤੇ ਪਹੁੰਚ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਵਰ੍ਹਦਿਆਂ ਹੇਅਰ ਨੇ ਕਿਹਾ ਕਿ ਉਹ ਵੀ ਮੋਦੀ ਦੇ ਕਾਲੇ ਕਾਰਨਾਮਿਆਂ ਵਿਚ ਬਰਾਬਰ ਦੇ ਹਿੱਸੇਦਾਰ ਹਨ, ਕਿਉਂਕਿ ਚੋਣਾਂ ਤੋਂ ਪਹਿਲਾਂ ਹੱਥ ਵਿਚ ਸ੍ਰੀ ਗੁਟਕਾ ਸਾਹਿਬ ਪਕੜ ਕੇ ਉਨ੍ਹਾਂ ਨੇ ਹੀ ਸੂਬੇ ਵਿੱਚੋਂ ਨਸ਼ੇ ਦੇ ਖ਼ਾਤਮੇ ਸਮੇਤ ਬੇਰੁਜ਼ਗਾਰੀ ਦੂਰ ਕਰਨ ਵਰਗੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਅਤੇ ਉਹ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਰਗੀ ਸਿੱਖਿਆ, ਸਿਹਤ ਅਤੇ ਹੋਰ ਸੁਵਿਧਾਵਾਂ ਦੇਣ ਵਾਲੀ ਸਰਕਾਰ ਚਾਹੁੰਦੇ ਹਨ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਨੱਢਾ ਦੇ ਪੰਜਾਬ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਪ੍ਰੇਸ਼ਾਨੀ ਨਹੀਂ ਪ੍ਰੰਤੂ ਉਹ ਆਉਂਦੇ-ਆਉਂਦੇ ਆਪਣੇ ਨਾਲ ਬਾਦਲ ਅਤੇ ਕੈਪਟਨ ਨੂੰ ਵੀ ਲੈ ਆਉਣ ਤਾਂ ਜੋ ਉਹ ਦੋਵੇਂ ਵੀ ਪੰਜਾਬ ਦੇ ਗ਼ਰਕ ਚੁੱਕੇ ਹਾਲਾਤਾਂ ਨੂੰ ਜ਼ਮੀਨੀ ਪੱਧਰ ਉੱਤੇ ਤੱਕ ਦੇਖ ਲੈਣ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਤੇ ਹੁਣ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹੀ ਸੂਬੇ ਦੇ ਨੌਜਵਾਨ ਪੰਜਾਬ ਨੂੰ ਛੱਡ ਕੇ ਰੁਜ਼ਗਾਰ ਦੀ ਭਾਲ ਵਿੱਚ ਹੋਰ ਦੇਸਾਂ ਵਿੱਚ ਜਾ ਕੇ ਰਹਿਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰੂ ਨੀਤੀਆਂ ਕਾਰਨ ਕਿਸਾਨਾਂ ਦੀ ਹੋਈ ਦੁਰਦਸ਼ਾ ਕਾਰਨ ਹੀ ਉਹ ਹਰ ਰੋਜ਼ ਆਤਮ ਹੱਤਿਆਵਾਂ ਕਰਨ ਲਈ ਮਜਬੂਰ ਹੋ ਰਹੇ ਹਨ ਅਤੇ ਆਪਣੇ ਪਿੱਛੇ ਪਰਿਵਾਰਾਂ ਨੂੰ ਰੋਂਦਾ ਵਿਲਕਦਾ ਛੱਡ ਕੇ ਸਦਾ ਲਈ ਜਹਾਨ ਤੋਂ ਕੂਚ ਕਰ ਰਹੇ ਹਨ। ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਹੀ ਕਿਸਾਨ ਅੱਜ ਸੜਕਾਂ 'ਤੇ ਬੈਠਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਚਾਲਾਂ ਤੋਂ ਜਾਣੂ ਹੋ ਚੁੱਕੇ ਹਨ ਅਤੇ ਇਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਪੰਜਾਬ ਦੇ ਲੋਕਾਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਮਾਨ ਨੇ ਕਿਹਾ ਕਿ ਉਹ ਸੂਬੇ ਵਿੱਚ ਅਰਵਿੰਦ ਕੇਜਰੀਵਾਲ ਦੀ ਦਿੱਲੀ ਵਾਲੀ ਸਰਕਾਰ ਵਰਗੀ ਇਮਾਨਦਾਰ ਸਰਕਾਰ ਬਣਾਉਣ ਤਾਂ ਜੋ ਪੰਜਾਬ ਨੂੰ ਇੱਕ ਵਾਰ ਫੇਰ ਰੰਗਲਾ ਪੰਜਾਬ ਬਣਾਇਆ ਜਾ ਸਕੇ।
No comments:
Post a Comment