ਐਸ.ਏ.ਐਸ.ਨਗਰ, 25 ਨਵੰਬਰ: ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ `ਗੁਰੂ ਨਾਨਕ ਚੇਅਰ` ਦੀ ਸਥਾਪਨਾ ਕੀਤੀ ਗਈ, ਜਿੱਥੇ ਵਿਦਿਆਰਥੀਆਂ ਨੂੰ ਬਾਬੇ ਨਾਨਕ ਦੀਆਂ ਸਿੱਖਿਆਵਾਂ, ਉਪਦੇਸ਼ਾਂ ਅਤੇ ਵਿਚਾਰਧਾਰਾ ਤੋਂ ਵਧੇਰੇ ਜਾਣੂ ਕਰਵਾਉਣ ਬਾਬਤ ਖੋਜ ਕਾਰਜਾਂ ਲਈ ਪ੍ਰੋਸਾਹਿਤ ਕੀਤਾ ਜਾਵੇਗਾ।ਚੇਅਰ ਦੇ ਉਦਘਾਟਨੀ ਸਮਾਰੋਹ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰੰਘ ਚੰਨੀ, ਵਿਸ਼ਵ ਪ੍ਰਸਿੱਧ ਅਧਿਆਤਮ ਆਗੂ ਸ਼੍ਰੀ ਸ਼੍ਰੀ ਰਵੀ ਸ਼ੰਕਰ, ਵਾਤਾਵਰਣ ਪ੍ਰੇਮੀ ਅਤੇ ਸਮਾਜ ਸੇਵੀ ਸੰਤ ਬਲਬੀਰ ਸਿੰਘ ਸੀਚੇਵਾਲ, ਪ੍ਰੋ-ਚਾਂਸਲਰ ਡਾ. ਆਰ.ਐਸ. ਬਾਵਾ ਉਚੇੇਚੇ ਤੌਰ `ਤੇ ਮੌਜੂਦ ਰਹੇ।ਇਸ ਮੌਕੇ ਮੁੱਖ ਮਹਿਮਾਨਾਂ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਵਿਖੇ `ਗੁਰੂ ਨਾਨਕ ਬਗ਼ੀਚੀ` ਦਾ ਉਦਘਾਟਨ ਵੀ ਕੀਤਾ ਗਿਆ।ਇਸ ਮੌਕੇ `ਵਰਸਿਟੀ ਵੱਲੋਂ ਨੇੜਲੇ 13 ਪਿੰਡਾਂ `ਚ `ਗੁਰੂ ਨਾਨਕ ਬਗ਼ੀਚੀਆਂ` ਸਥਾਪਿਤ ਕਰਨ ਦਾ ਐਲਾਨ ਵੀ ਕੀਤਾ ਗਿਆ, ਜਿਸ ਦੀ ਸਮੁੱਚੀ ਦੇਖਰੇਖ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ।
ਇਸ ਮੌਕੇ `ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਅਤੇ ਸਥਿਰ ਵਿਕਾਸ ਲਈ ਸੰਯੁਕਤ ਰਾਸ਼ਟਰ ਦਾ ਏਜੰਡਾ` ਵਿਸੇ਼ `ਤੇ ਕਰਵਾਈ ਅੰਤਰਰਾਸ਼ਟਰੀ ਸੈਮੀਨਾਰ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਬੁੱਧੀਜੀਵੀਆਂ, ਵਿਸ਼ਾ ਮਾਹਰਾਂ, ਚਿੰਤਕਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਈ।
ਇਸ ਮੌਕੇ ਗੁਰੂਦੇਵ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਨਮੋਲ ਗਿਆਨ ਦੀ ਸਾਰਥਕਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਅਜੋਕੇ ਯੁੱਗ `ਚ ਸ਼੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ਦੀ ਬਹੁਤ ਜ਼ਿਆਦਾ ਲੋੜ ਹੈ।ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਨਾ ਕੇਵਲ ਕਿਸੇ ਵਿਅਕਤੀ ਜਾਂ ਸਿਰਫ਼ ਪੰਜਾਬ ਅਤੇ ਦੇਸ਼ ਦੇ ਹਿੱਤਾਂ ਦੀ ਗੱਲ ਕੀਤੀ ਬਲਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਸਮੁੱਚੇ ਸੰਸਾਰ ਅਤੇ ਧਰਤੀ ਦੀ ਸੁਰੱਖਿਆ ਕਰਨ ਲਈ ਪ੍ਰੇਰਦੀ ਹੈ।ਰਵੀਸ਼ੰਕਰ ਜੀ ਨੇ ਨਾਨਕ ਪਾਤਸ਼ਾਹ ਦੀਆਂ ਸਿੱਖਿਆਵਾਂ ਸਬੰਧੀ ਤੱਥ ਸਨਮੁੱਖ ਰੱਖਦਿਆਂ ਕਿਹਾ ਕਿ ਅਜੋਕੇ ਸਮੇਂ `ਚ ਸੰਯੁਕਤ ਰਾਸ਼ਟਰ ਦੇ ਸਥਿਰ ਵਿਕਾਸ ਟੀਚਿਆਂ ਦੀ ਪ੍ਰਾਪਤੀ ਲਈ ਸਾਨੂੰ ਜਿਥੇ ਬਾਬੇ ਨਾਨਕ ਦੀ ਵਿਚਾਰਧਾਰ ਨੂੰ ਅਪਣਾਉਣ ਦੀ ਲੋੜ ਹੈ ਉਥੇ ਹੀ ਵੱਧ ਤੋਂ ਵੱਧ ਲੋਕਾਂ ਨੂੰ ਜ਼ਮੀਨੀ ਪੱਧਰ `ਤੇ ਜਾਗਰੂਕ ਕੀਤਾ ਜਾਣਾ ਜ਼ਰੂਰੀ ਹੈ।ਰਵੀ ਸ਼ੰਕਰ ਜੀ ਨੇ ਕਿਹਾ ਕਿ ਨਾਨਕ ਜੀ ਨੇ ਸਾਰੇ ਧਰਮ ਗ੍ਰੰਥਾਂ ਦਾ ਨਿਚੋੜ ਸਰਲ ਸ਼ਬਦਾਂ ਵਿਚ ਪ੍ਰਗਟ ਕੀਤਾ ਹੈ, ਜਿਸ ਨੂੰ ਬੱਚਿਆਂ, ਬਜ਼ੁਰਗਾਂ ਤੋਂ ਲੈ ਕੇ ਹਰ ਵਰਗ ਦਾ ਮਨੁੱਖ ਸਮਝ ਸਕਦਾ ਹੈ।ਅੰਤ `ਚ ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਦੇ ਨਾਲ-ਨਾਲ ਇੱਕ ਵਧੀਆ ਅਤੇ ਸਾਫ਼ ਸੁਥਰੇ ਵਾਤਾਵਰਣ ਪ੍ਰਦਾਨ ਕਰਨ ਜ਼ਿੰਮੇਵਾਰੀ ਨੂੰ ਸਮਝਣਾ ਹੋਵੇਗਾ।
No comments:
Post a Comment