ਚੰਡੀਗੜ੍ਹ, 30 ਨਵੰਬਰ : ਆਮ ਆਦਮੀ ਪਾਰਟੀ (ਆਪ) ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਾਲੇ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੇ ਬਾਰਡਰ 'ਤੇ ਡਟੇ ਅੰਦੋਲਨਕਾਰੀ ਕਿਸਾਨਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ, ''ਅੱਜ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਅਤੇ ਤੁਗ਼ਲਕੀ ਫ਼ੈਸਲਿਆਂ ਕਾਰਨ ਪੰਜਾਬ ਸਮੇਤ ਪੂਰੇ ਦੇਸ਼ ਦਾ ਅੰਨਦਾਤਾ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਸਰਦ ਰਾਤਾਂ 'ਚ ਸੜਕਾਂ 'ਤੇ ਲੱਖਾਂ ਦੀ ਗਿਣਤੀ 'ਚ ਡਟੇ ਕਿਸਾਨਾਂ ਦੇ ਹੱਕ 'ਚ ਖੜਨਾ ਦੇਸ਼ ਦੇ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ, ਕਿਉਂਕਿ ਅੰਨਦਾਤਾ ਪੂਰੇ ਦੇਸ਼ ਵਾਸੀਆਂ ਦਾ ਪੇਟ ਭਰਦਾ ਹੈ। ਅਰਵਿੰਦ ਕੇਜਰੀਵਾਲ ਸਾਹਿਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਸੇਵਾਦਾਰ ਬਣਕੇ ਆਪਣਾ ਫ਼ਰਜ਼ ਨਿਭਾਅ ਰਹੀ ਹੈ।''ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਫਰਜ਼ ਸਮਝਦੇ ਹੋਏ ਦਿੱਲੀ ਖੇਤਰ ਵਿਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ। ਮਾਨ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਆਗੂਆਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦੇ ਹੋਏ ਇਹ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਲੜ ਰਿਹਾ ਹੈ।
ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਬਿੱਲਾਂ ਤੋਂ ਲੈ ਕੇ ਹੀ ਵਿਰੋਧ ਕਰ ਰਹੀ ਹੈ, ਜੋ ਬਿੱਲ ਹੁਣ ਕਾਨੂੰਨ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ ਜਿੰਨਾ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਕੇਂਦਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਭ ਤੋਂ ਪਹਿਲਾਂ ਜੰਤਰ ਮੰਤਰ ਉੱਤੇ ਧਰਨਾ ਦਿੰਦੇ ਹੋਏ ਕਾਲੇ ਕਾਨੂੰਨ ਰੱਦ ਕਰਕੇ ਸਾਰੀਆਂ ਫ਼ਸਲਾਂ ਦੀ ਐਮਐਸਪੀ 'ਤੇ ਗਰੰਟੀ ਨਾਲ ਖਰੀਦ ਬਾਰੇ ਕਾਨੂੰਨ ਦੀ ਮੰਗ ਕੀਤੀ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸਾਨਾਂ ਵਿਰੋਧ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਨਾਲ ਖੜਨ ਹੋਣ ਕਰਕੇ ਹੀ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਦੇ ਕਿਸਾਨ ਅੰਦੋਲਨ ਨੂੰ ਕੁਚਲਨ ਵਾਲੇ ਸੁਪਨਿਆਂ ਉੱਤੇ ਪਾਣੀ ਫੇਰ ਦਿੱਤਾ ਜਦੋਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਝੰਡੇ, ਬੈਨਰ ਦੇ ਕਿਸਾਨਾਂ ਦੇ ਨਾਲ ਚੱਲ ਰਹੀ ਹੈ ਅਤੇ ਹਮੇਸ਼ਾ ਚੱਲਦੀ ਰਹੇਗੀ।
No comments:
Post a Comment