ਚੰਡੀਗੜ੍ਹ, 30 ਨਵੰਬਰ : ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਚੱਲ ਰਹੀ ਬਹਿਸਬਾਜ਼ੀ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਕੈਪਟਨ ਖੱਟਰ ਨਾਲ ਸਿੰਗ ਫਸਾਉਣ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਨਾਲ ਟੱਕਰ ਲੈਣ।
ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ 'ਚ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਲੋਕਾਂ ਦਾ ਧਿਆਨ ਭਟਕਾਉਣ ਦੇ ਮਕਸਦ ਕਾਰਨ ਖੱਟਰ ਨਾਲ ਬਿਆਨਬਾਜ਼ੀ ਦੀ ਖੇਡ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਂ ਖੇਤੀ ਪ੍ਰਧਾਨ ਸੂਬੇ ਲਈ ਬਹੁਤ ਕੀਮਤੀ ਹੈ, ਮੁੱਖ ਮੰਤਰੀ ਨੂੰ ਕਿਸਾਨਾਂ ਦੇ ਨਾਲ ਖੜ੍ਹਦੇ ਹੋਏ ਖੱਟਰ ਸਰਕਾਰ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਨਾਲ ਟੱਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਬਿਆਨਬਾਜ਼ੀ ਕਰਕੇ ਲੋਕਾਂ ਦਾ ਧਿਆਨ ਹੋਰ ਪਾਸੇ ਕੇਂਦਰਿਤ ਕਰਨ ਦੇ ਮਕਸਦ ਨਾਲ ਕਿਸਾਨਾਂ ਨਾਲ ਡਟਣ ਦੀ ਬਜਾਏ ਕੇਂਦਰ ਸਰਕਾਰ ਦੇ ਬੁਲਾਰੇ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੀਆਂ ਕਿਹੜੀਆਂ ਮਜਬੂਰੀਆਂ ਹਨ ਜਿਸ ਕਰਕੇ ਮੋਦੀ ਸਰਕਾਰ ਮੂਹਰੇ ਗੋਡੇ ਟੇਕੇ ਹਨ?
ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਨਾਲ ਉਲਝ ਕੇ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਜਿਵੇਂ ਉਹ ਕਿਸਾਨਾਂ ਦੇ ਹਮਾਇਤੀ ਹੋਣ, ਜਦੋਂ ਕਿ ਅਸਲੀਅਤ ਇਸ ਤੋਂ ਉਲਟ ਹੈ।
'ਆਪ' ਆਗੂ ਨੇ ਕਿਹਾ ਕਿ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਭੂਮਿਕਾ ਸ਼ੁਰੂ ਤੋਂ ਹੀ ਸ਼ੱਕੀ ਅਤੇ ਦੋਹਰੇ ਮਾਪਦੰਡਾਂ ਵਾਲੀ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਖੇਤੀ ਆਰਡੀਨੈਂਸਾਂ ਬਾਰੇ ਗਠਿਤ ਕੇਂਦਰ ਦੀ ਹਾਈਪਾਵਰ ਕਮੇਟੀ 'ਚ ਕੈਪਟਨ ਸਖ਼ਤ ਸਟੈਂਡ ਲੈਂਦੇ ਅਤੇ ਭਾਜਪਾ ਦੇ ਮਨਸੂਬਿਆਂ ਨੂੰ ਜਨਤਕ ਕਰਦੇ ਤਾਂ ਮੋਦੀ ਸਰਕਾਰ ਕਾਲੇ ਕਾਨੂੰਨ ਪਾਸ ਕਰਨ ਦੀ ਗੁਸਤਾਖ਼ੀ ਨਾ ਕਰ ਸਕਦੀ। ਉਨ੍ਹਾਂ ਕਿਹਾ ਕਿ ਕੈਪਟਨ ਮੋਦੀ ਸਰਕਾਰ ਦੇ ਹੰਕਾਰ ਨਾਲ ਭਰੇ ਅਤੇ ਸ਼ਰਤਾਂ ਵਾਲੇ ਫ਼ੈਸਲਿਆਂ ਦਾ ਸਵਾਗਤ ਕਰਨ ਵਾਲੀ ਨੀਤੀ ਛੱਡ ਕੇ ਮੋਦੀ ਸਰਕਾਰ ਉੱਤੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲ ਕਰਨ ਅਤੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਦਬਾਅ ਪਾਉਂਦੇ।
ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਆਪਣੇ ਅੜੀਅਲ ਵਤੀਰੇ ਕਾਰਨ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ਤੇ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਨਹੀਂ ਦਿੰਦੀ ਤਾਂ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਐਮਐਸਪੀ ਤੇ ਫ਼ਸਲਾਂ ਦੀ ਗਰੰਟੀ ਨਾਲ ਖਰੀਦ ਵਾਲਾ ਕਾਨੂੰਨ ਪਾਸ ਕਰਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਅਤੇ ਪੰਜਾਬ ਦੇ ਹੱਕ 'ਚ ਅਜੇ ਤੱਕ ਇੱਕ ਵੀ ਸਾਰਥਿਕ ਕਦਮ ਉਠਾਉਣ ਤੋਂ ਬੁਰੀ ਤਰ੍ਹਾਂ ਫ਼ੇਲ੍ਹ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਇਹ ਕਰਨ ਦਾ ਦਮ ਨਹੀਂ ਰੱਖਦੇ ਤਾਂ ਗੱਦੀ ਛੱਡ ਦੇਣ।
No comments:
Post a Comment