ਚੰਡੀਗੜ੍ਹ, 7 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਮੀਰ ਦੀ ਅਵਾਜ਼ ਸੁਣਨ ਦਾ ਵਾਸਤਾ ਦਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੂੰ ਭਾਜਪਾ ਛੱਡਕੇ ਕਿਸਾਨਾਂ ਨਾਲ ਡੱਟਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਉਤੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੱਚੇ ਸੁੱਚੇ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਵੀ ਇਨ੍ਹਾਂ ਭ੍ਰਿਸ਼ਟ ਅਤੇ ਦੋਗਲੀ ਸੋਚ ਵਾਲੀਆਂ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਦੇਣਾ ਚਾਹੀਦਾ ਹੈ।
ਪਾਰਟੀ ਦੇ ਹੈਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਭਾਜਪਾ ਨਾਲ ਮਿਲਕੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਵੀ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਤੋੜਨ ਦੇ ਏਜੰਡੇ ਉਤੇ ਲੱਗੇ ਹੋਏ ਹਨ ਅਤੇ ਅੰਦਰ ਖਾਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਅੱਜ ਕਿਸਾਨ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਠੰਢੀਆਂ ਰਾਤਾਂ ਵਿਚ ਖੁੱਲ੍ਹੇ ਅਸਮਾਨ ਹੇਠ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਡਟਿਆ ਹੋਇਆ ਹੈ। ਇਸ ਮੌਕੇ ਸਾਨੂੰ ਸਭ ਨੂੰ ਸਿਆਸਤ ਤੋਂ ਉਪਰ ਉਠਕੇ ਕਿਸਾਨਾਂ ਦਾ ਖੁੱਲ੍ਹਕੇ ਸਾਥ ਦੇਣਾ ਚਾਹੀਦਾ ਹੈ। ਇਸ ਲਈ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਜ਼ਮੀਰ ਦੀ ਅਵਾਜ਼ ਸੁਣਕੇ ਇਨ੍ਹਾਂ ਲੁਟੇਰਿਆਂ ਤੋਂ ਕਿਨਾਰਾ ਕਰਨਾ ਚਾਹੀਦਾ ਹੈ।
ਮਾਨ ਨੇ ਕਿਹਾ ਕਿ ਅੱਜ ਭਾਜਪਾ ਉਨ੍ਹਾਂ ਦਾ ਵਿਰੋਧ ਕਰ ਰਹੀ ਹੈ ਜੋ ਕਿਸਾਨਾਂ ਦੇ ਅੰਦੋਲਨ ਵਿਚ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਖੇਤੀ ਬਾਰੇ ਸਾਰੇ ਕਾਲੇ ਕਾਨੂੰਨਾਂ ਦਾ ਸਖਤ ਵਿਰੋਧ ਕਰਦੀ ਆਈ ਹੈ ਅਤੇ ਖੁੱਲ੍ਹਕੇ ਕਿਸਾਨ ਦੇ ਸਮਰਥਨ 'ਚ ਖੜ੍ਹੀ ਹੈ। ਇਸੇ ਕਰਕੇ ਭਾਜਪਾ ਦੇ ਨਾਲ-ਨਾਲ ਬਾਦਲ ਅਤੇ ਕੈਪਟਨ ਵੀ ਆਮ ਆਦਮੀ ਪਾਰਟੀ ਵਿਰੁੱਧ ਝੂਠਾ ਪ੍ਰਚਾਰ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ (ਸੋਮਵਾਰ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਸੇਵਾਦਾਰ ਵਜੋਂ ਸਿੰਘੂ ਬਾਰਡਰ ਉਤੇ ਕਿਸਾਨਾਂ ਨੂੰ ਮਿਲਕੇ ਵਾਪਸ ਆ ਰਹੇ ਸਨ ਤਾਂ ਭਾਜਪਾ ਦੇ ਆਗੂਆਂ ਵੱਲੋਂ ਉਨ੍ਹਾਂ (ਕੇਜਰੀਵਾਲ) ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ਪੂਰੀ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਡਰਾਮਿਆਂ ਦੀ ਪ੍ਰਵਾਹ ਨਹੀਂ ਕਰਦੀ ਅਤੇ ਨਾ ਹੀ ਕਿਸੇ ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਤਾਕਤ ਆਮ ਆਦਮੀ ਪਾਰਟੀ ਨੂੰ ਕਿਸਾਨਾਂ ਦਾ ਸਾਥ ਦੇਣ ਤੋਂ ਰੋਕ ਨਹੀਂ ਸਕਦੀ। ਆਮ ਆਦਮੀ ਪਾਰਟੀ ਕਿਸਾਨਾਂ ਨਾਲ ਪਹਿਲਾਂ ਵੀ ਖੜ੍ਹੀ ਸੀ, ਹੁਣ ਵੀ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਡਟੀ ਰਹੇਗੀ, ਬੇਸ਼ੱਕ ਕੋਈ ਕਿੰਨਾ ਵੀ ਦਬਾਅ ਪਾਉਣ ਦੀ ਕੋਸ਼ਿਸ਼ ਕਿਉਂ ਨਾ ਕਰੇ।
ਕੇਂਦਰੀ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਬਿਆਨ ਉਤੇ ਪਲਟਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਇਕ ਪਾਸੇ ਤਾਂ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਦੂਜੇ ਪਾਸੇ ਮੋਦੀ ਸਰਕਾਰ ਦੇ ਮੰਤਰੀ ਹੰਕਾਰ ਨਾਲ ਭਰੀਆਂ ਟਿੱਪਣੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਵਿਚ 6ਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਤਰੀ ਦਾ ਅਜਿਹਾ ਬਿਆਨ ਦੱਸਦਾ ਹੈ ਕਿ ਮੋਦੀ ਸਰਕਾਰ ਅਜੇ ਵੀ ਕਿਸਾਨ ਅੰਦੋਲਨ ਨੂੰ ਹਲਕੇ ਵਿਚ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਅੱਜ ਨਹੀਂ ਤਾਂ ਕੱਲ੍ਹ ਅੜੀਅਲ ਰਵਈਆ ਛੱਡਕੇ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ, ਕਿਉਂਕਿ ਅੰਦੋਲਨਕਾਰੀ ਕਿਸਾਨਾਂ ਨੇ ਦੋ ਟੁਕ ਵਿਚ ਹਾਂ ਜਾਂ ਨਾ ਵਿਚ ਜਵਾਬ ਮੰਗਿਆ ਹੈ।
ਮਾਨ ਨੇ ਕਿਹਾ ਕਿ ਭਾਜਪਾ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਤੇ ਗੁਰਦਾਸਪੁਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਵੱਲੋਂ ਕੀਤੀ ਗਈ ਬਿਆਨਬਾਜ਼ੀ ਪੂਰੀ ਤਰ੍ਹਾਂ ਗੈਰਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਨਾਲ ਹੈ ਜਿਨ੍ਹਾਂ ਨੇ ਉਸ ਨੂੰ ਵੋਟਾਂ ਪਾ ਕੇ ਸੰਸਦ ਵਿਚ ਭੇਜਿਆ ਜਾਂ ਉਸ ਭਾਜਪਾ ਨਾਲ ਜੋ ਕਾਰਪੋਰੇਟ ਘਰਾਣਿਆਂ ਹੱਥੋਂ ਕਿਸਾਨਾਂ ਨੂੰ ਖਤਮ ਕਰ ਦੇਣਾ ਚਾਹੁੰਦੀ ਹੈ।
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ ਖਰਾਬ ਹੈ। ਉਨ੍ਹਾਂ ਕਿਹਾ ਕਿ ਇਸ ਪਾਸੇ ਤਾਂ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਦੌਰ ਜਾਰੀ ਰੱਖਿਆ ਹੈ, ਦੂਜੇ ਪਾਸੇ ਭਾਜਪਾ ਨੇ ਕਾਲੇ ਕਾਨੂੰਨ ਨੂੰ ਸਹੀ ਸਾਬਤ ਕਰਨ ਲਈ ਝੂਠ ਨਾਲ ਭਰੀ ਧੋਖਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਕਿ ਐਮਐਸਪੀ ਤਾਂ ਕੇਵਲ ਅਮੀਰ ਕਿਸਾਨਾਂ ਨੂੰ ਮਿਲ ਰਹੀ ਹੈ, ਜੋ ਕੇਵਲ 6 ਫੀਸਦੀ ਹਨ। ਮਾਨ ਨੇ ਭਾਜਪਾ ਸਰਕਾਰ ਵੱਲੋਂ ਕੀਤੀ ਜਾਂਦੀ ਬਿਆਨਬਾਜ਼ੀ ਉਤੇ ਪਲਟਵਾਰ ਕਰਦਿਆਂ ਸਵਾਲ ਕੀਤਾ ਕਿ ਜੇਕਰ ਅਸਲੀ ਕਿਸਾਨ ਖੇਤਾਂ ਵਿਚ ਹਨ ਤਾਂ ਦਿੱਲੀ ਸੀਮਾ ਉਤੇ ਡਟੇ ਲੱਖਾਂ ਕਿਸਾਨ ਕੌਣ ਹਨ ਅਤੇ ਕੇਂਦਰ ਸਰਕਾਰ ਦੇ ਮੰਤਰੀ ਉਨ੍ਹਾਂ ਦੇ ਆਗੂਆਂ ਨਾਲ ਮੈਰਾਥਨ ਮੀਟਿੰਗਾਂ ਕਿਉਂ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਸ ਵਹਿਮ ਵਿਚ ਨਹੀਂ ਰਹਿਣਾ ਚਾਹੀਦਾ ਕਿ ਕਿਸਾਨ ਕਿਸੇ ਰਾਜਨੀਤਿਕ ਏਜੰਡੇ ਤਹਿਤ ਕਿਸੇ ਹੋਰ ਦੇ ਇਸ਼ਾਰਿਆਂ ਉਤੇ ਸਰਦੀ ਦੇ ਮੌਸਮ ਵਿਚ ਸਰਕਾਰ ਨਾਲ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਤੇ ਮੋਦੀ ਸਰਕਾਰ ਨੂੰ ਇਹ ਬਦਨੀਅਤ ਬਹੁਤ ਭਾਰੀ ਪਵੇਗੀ।
No comments:
Post a Comment