ਚੰਡੀਗੜ੍ਹ, 7 ਦਸੰਬਰ : ਕਾਲੇ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਕਿਸਾਨਾਂ ਦੇ ਧਰਨੇ ਵਿਚ ਪਹੁੰਚਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਨਹੀਂ, ਬਲਕਿ ਅੰਦੋਲਨਕਾਰੀ ਕਿਸਾਨਾਂ ਦੇ ਸੇਵਾਦਾਰ ਬਣਕੇ ਕੇ ਇਥੇ ਆਏ ਹਾਂ। ਅਰਵਿੰਦ ਕੇਜਰੀਵਾਲ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਦਿੱਲੀ ਦੀ ਸੀਮਾ 'ਤੇ ਡਟੇ ਕਿਸਾਨਾਂ ਦੀ ਹਿਮਾਇਤ ਵਿਚ ਧਰਨਾ ਸਥਾਨ ਉਤੇ ਪਹੁੰਚੇ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਅਨੁਸਾਰ ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਅੰਦੋਲਨਕਾਰੀ ਕਿਸਾਨਾਂ ਦੀਆਂ ਸਹੂਲਤਾਂ ਲਈ ਦਿੱਲੀ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਘੁੰਮ-ਘੁੰਮ ਕੇ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਵੱਲੋਂ 8 ਦਸੰਬਰ ਦੇ ਭਾਰਤ ਬੰਦ ਦਾ ਆਮ ਆਦਮੀ ਪਾਰਟੀ ਵੱਲੋਂ ਸਮਰਥਨ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਇਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤੀਪੂਰਕ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਸਾਡਾ ਸੰਵਿਧਾਨਕ ਹੱਕ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਅੱਜ ਕਿਸਾਨਾਂ ਦਾ ਇਹ ਹੱਕ ਕੁਚਲਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਹੁਤ ਸਰਲ ਅਤੇ ਸਪੱਸ਼ਟ ਹਨ ਜਿਨ੍ਹਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਤੁਰੰਤ ਮੰਨਣਾ ਚਾਹੀਦਾ ਹੈ।
ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਕੌਮੀ ਰਾਜਧਾਨੀ ਦਾ ਮਹਿਮਾਨ ਦੱਸਦਿਆਂ ਕਿਹਾ ਕਿ ਕਿਸਾਨਾਂ ਨੂੰ ਸਾਡੀ ਦਿੱਲੀ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 24 ਘੰਟੇ ਸਖਤ ਮਿਹਨਤ ਕਰਕੇ ਕਿਸਾਨ ਸਾਡੇ ਲਈ ਅੰਨ ਪੈਂਦਾ ਕਰਦਾ ਹੈ ਅਤੇ ਸਾਡੀ ਸੇਵਾ ਕਰਦਾ ਹੈ, ਅੱਜ ਜਦੋਂ ਕਿਸਾਨ ਮੁਸ਼ਕਲ ਵਿਚ ਹੈ ਅਤੇ ਸਾਡਾ ਸਾਰੇ ਦੇਸ਼ ਵਾਸੀਆਂ ਦਾ ਫਰਜ਼ ਹੈ ਕਿ ਅਸੀਂ ਅੰਨਦਾਤਾ ਨਾਲ ਖੜ੍ਹਾ ਹੋਈਏ।
ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਵਾਂ ਦਾ ਉਨ੍ਹਾਂ ਘੁੰਮ ਫਿਰਕੇ ਜਾਇਜ਼ਾ ਲਇਆ ਅਤੇ ਦੱਸਿਆ ਕਿ ਆਪਣੇ ਵਿਧਾਇਕਾਂ, ਆਗੂਆਂ ਅਤੇ ਜਰਨੈਲ ਸਿੰਘ ਰਾਹੀਂ ਜ਼ਰੂਰਤਾਂ, ਦਿੱਕਤਾਂ ਬਾਰੇ ਸਾਰੀ ਜਾਣਕਾਰੀ ਰੱਖਦੇ ਹਨ। ਕਿਸਾਨਾਂ ਵੱਲੋਂ ਅੰਦਰ ਪਾਣੀ ਨਾ ਪਹੁੰਚਣ ਦੀ ਸਮੱਸਿਆ ਧਿਆਨ ਵਿਚ ਲਿਆਉਣ ਉਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਹ ਭਰੋਸਾ ਦਿਵਾਇਆ ਕਿ ਅੰਦਰ ਤੱਕ ਪਾਣੀ ਦਾ ਪ੍ਰਬੰਧ ਪਾਈਪਾ ਰਾਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੀ ਪੂਰੀ ਸਰਕਾਰ, ਸਾਡੇ ਵਿਧਾਇਕ, ਆਗੂ ਅਤੇ ਵਰਕਰ ਅਤੇ ਖੁਦ ਮੈਂ ਇਕ ਸੇਵਾਦਾਰ ਦੀ ਤਰ੍ਹਾਂ ਕਿਸਾਨਾਂ ਦੀ ਸੇਵਾ ਵਿਚ ਲੱਗੇ ਹੋਏ ਹਾਂ ਅਤੇ ਅੱਜ ਵੀ ਮੈਂ ਇਥੇ ਇਕ ਮੁੱਖ ਮੰਤਰੀ ਦੇ ਤੌਰ ਉਤੇ ਨਹੀਂ, ਸੇਵਾਦਾਰ ਵਜੋਂ ਆਇਆ ਹਾਂ।
ਕੇਂਦਰ ਦੀ ਮੋਦੀ ਸਰਕਾਰ ਜਦੋਂ ਕਾਲਾ ਕਾਨੂੰਨਾਂ ਲੈ ਕੇ ਆਈ ਉਸ ਤੋਂ ਪਿੱਛੋਂ ਕਿਸਾਨਾਂ ਦੇ ਸਮਰਥਨ ਵਿਚ ਜੰਤਰ ਮੰਤਰੀ ਵਿਖੇ ਧਰਨਾ ਦੇਣ ਵਾਲੇ ਪਹਿਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਧਰਨੇ ਵਾਲੀ ਥਾਂ ਉਤੇ ਪਹੁੰਚਣ ਵਾਲੇ ਵੀ ਇਕਲੌਤੇ ਮੁੱਖ ਮੰਤਰੀ ਹਨ।
No comments:
Post a Comment