ਮੋਹਾਲੀ, ਗੁਰਪ੍ਰੀਤ ਸਿੰਘ ਕਾਂਸਲ 26 ਫ਼ਰਵਰੀ :
ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਜਿਸ ਤਹਿਤ ਸਿਹਤ ਅਤੇ ਫ਼ਰੰਟ ਲਾਈਨ ਕਾਮਿਆਂ ਨੂੰ ਕੋਵੀਸ਼ੀਲਡ ਵੈਕਸੀਨ ਦਾ ਟੀਕਾ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸੱਤ ਸਿਹਤ ਸੰਸਥਾਵਾਂ ਵਿਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁੁਣ ਤਕ ਕਿਸੇ ਵੀ ਸਿਹਤ ਕਾਮੇ ਅੰਦਰ ਟੀਕੇ ਦਾ ਮਾੜਾ ਅਸਰ ਵੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਟੀਕੇ ਲਾਉਣ ਦਾ ਕੰਮ ਸਿਖਲਾਈ ਪ੍ਰਾਪਤ ਸਟਾਫ਼ ਦੁਆਰਾ ਮਾਹਰ ਡਾਕਟਰਾਂ ਦੀ ਸਿੱਧੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਇਸ ਵੇਲੇ ਹੈਲਥ ਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰਾਂ ਨੂੰ ਟੀਕਾ ਲਾਇਆ ਜਾ ਰਿਹਾ ਹੈੇ ਅਤੇ ਸ਼ੁੱਕਰਵਾਰ ਨੂੰ ਕੁਲ 463 ਵਰਕਰਾਂ ਨੂੰ ਟੀਕਾ ਲਾਇਆ ਗਿਆ ਜਿਨ੍ਹਾਂ ਵਿਚ ਪਹਿਲੀ ਡੋਜ਼ ਲੈਣ ਵਾਲੇ 28, ਦੂਜੀ ਡੋਜ਼ ਲੈਣ ਵਾਲੇ 158 ਅਤੇ ਪਹਿਲੀ ਡੋਜ਼ ਲੈਣ ਵਾਲੇ ਫ਼ਰੰਟ ਲਾਈਨ ਵਰਕਰਾਂ ਦੀ ਗਿਣਤੀ 277 ਸੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ 16 ਜਨਵਰੀ ਨੂੰ ਸਿਹਤ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਦੇਣ ਦੀ ਮੁਹਿੰਮ ਦਾ ਆਗ਼ਾਜ਼ ਕੀਤਾ ਸੀ। ਡਾ.ਆਦਰਸ਼ਪਾਲ ਕੌਰ ਨੇ ਕਿਹਾ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਬਚਾਅ ਲਈ ਇੰਜੈਕਸ਼ਨ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀ ਜਿਨ੍ਹਾਂ ਵਿਚ ਸਿਵਲ ਸਰਜਨ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਵੀਨਾ ਜਰੇਵਾਲ, ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਸ਼ਰਮਾ, ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ. ਡਾ. ਵਿਜੇ ਭਗਤ, ਐਸ.ਐਮ.ਓ. 2 ਡਾ. ਹਰਮਿੰਦਰਜੀਤ ਸਿੰਘ ਚੀਮਾ ਸ਼ਾਮਲ ਹਨ, ਇੰਜੈਕਸ਼ਨ ਲਗਵਾ ਚੁੱਕੇ ਹਨ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਭਾਵੇਂ ਇਸ ਬੀਮਾਰੀ ਦਾ ਟੀਕਾ ਬਣ ਗਿਆ ਹੈ ਪਰ ਹਾਲੇ ਵੀ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment