ਮੋਹਾਲੀ, 25 ਫ਼ਰਵਰੀ (ਗੁਰਪ੍ਰੀਤ ਸਿੰਘ ਕਾਂਸਲ) ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 644ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼ਹਿਰ ਮੋਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਫੇਜ਼ 7 ਮੋਹਾਲੀ ਸਥਿਤ ਸ੍ਰੀ ਗੁਰੂ ਰਵਿਦਾਸ ਡਾਇਮੰਡ ਟੈਂਪਲ ਤੋਂ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰੂ ਰਵਿਦਾਸ ਜੀ ਦੀ ਬਾਣੀ ਨਾਲ ਸਬੰਧਿਤ ਸ਼ਬਦ ਕੀਰਤਨ ਕਰਕੇ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਦੇ ਸਮੁੱਚੀ ਕਾਇਨਾਤ ਦੇ ਲਈ ਸੰਦੇਸ਼ ਬਾਰੇ ਜਾਣਕਾਰੀ ਦਿੱਤੀ।
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼ 7 ਮੋਹਾਲੀ ਦੇ ਪ੍ਰਧਾਨ ਆਰ.ਏ. ਸੁਮਨ ਅਤੇ ਜਨਰਲ ਸਕੱਤਰ ਬੀ.ਡੀ. ਸਵੈਨ ਦੀ ਅਗਵਾਈ ਵਿੱਚ ਕੱਢੇ ਗਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ਐਸ.ਆਰ. ਲੱਧਡ਼ ਆਈ.ਏ.ਐਸ. ਵੱਲੋਂ ਰਿਬਨ ਕੱਟ ਕੇ ਕਰਵਾਈ ਗਈ। ਇਸ ਮੌਕੇ ਸਾਬਕਾ ਆਈ.ਪੀ.ਐਸ. ਅਧਿਕਾਰੀ ਸੁਰਿੰਦਰ ਕੁਮਾਰ ਚੌਹਾਨ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਐਸ.ਆਰ. ਲੱਧਡ਼ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਸਦੀਆਂ ਪਹਿਲਾਂ ਦਿੱਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਉਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਡੇ ਪਡ਼੍ਹੇ ਲਿਖੇ ਲੋਕਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘਡ਼ੀ ਸਾਡਾ ਸਮਾਜ ਸੌਂ ਰਿਹਾ ਹੈ ਜਿਸ ਨੂੰ ਜਾਗਣਾ ਪਵੇਗਾ। ਸ੍ਰੀ ਲੱਧਡ਼ ਨੇ ਸਮੁੱਚੇ ਦਲਿਤ ਸਮਾਜ ਨੂੰ ਗੁਰੂ ਰਵਿਦਾਸ ਜੀ, ਭਗਤ ਕਬੀਰ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ਮੁਤਾਬਕ ਅੱਗੇ ਚੱਲਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼ ਵਿਆਪੀ ਕਿਸਾਨ ਅੰਦੋਲਨ ਦੇ ਚਲਦਿਆਂ ਦਿੱਲੀ ਦੇ ਰਸਤੇ ਵਿੱਚ ਸਿੰਘੂ ਅਤੇ ਟਿੱਕਰੀ ਬਾਰਡਰ ਉਤੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਵਾਰਡ ਦੇ ਕੌਂਸਲਰ ਪਰਮਜੀਤ ਸਿੰਘ ਹੈਪੀ, ਧਰਮਪਾਲ ਹੋਸ਼ਿਆਰਪੁਰੀ ਵੀ ਹਾਜ਼ਰ ਹੋਏ।
No comments:
Post a Comment