ਚੰਡੀਗੜ੍ਹ, 8 ਫਰਵਰੀ : ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਵੱਲੋਂ ਚੋਣਾਂ ਜਿੱਤਣ ਲਈ ਸਰਕਾਰੀ ਮਿਸ਼ਨਰੀ ਦੀ ਦੁਰਵਰਤੋਂ ਕਰਨ ਅਤੇ ਕਾਂਗਰਸ ਦੇ ਗੁੰਡਿਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਦੀ ਘਟਨਾ ਉੱਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਚਿੰਤਾ ਪ੍ਰਗਟ ਕੀਤੀ। ਪਾਰਟੀ ਹੈੱਡਕੁਆਟਰ ਉੱਤੇ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣਾਂ ਜਿੱਤਣ ਲਈ ਸੱਤਾ ਦੀ ਦੁਰਵਰਤੋਂ ਕਰਨਾ ਅਤੇ ਗੁੰਡਾਗਰਦੀ ਦਾ ਸਹਾਰਾ ਲੈਣਾ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਨੇ ਦੇਖਿਆ ਹੈ ਕਿ ਕਾਂਗਰਸ ਦੇ ਵਰਕਰਾਂ ਵੱਲੋਂ ਕੀਤੀ ਗਈ ਹਿੰਸਾ ਕਾਰਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਭਰਨ ਸਮੇਂ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਕਿਹਾ ਕਿ ਜੀਰਾ, ਜਲਾਲਾਬਾਦ, ਸੁਨਾਮ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਜਗਰਾਉਂ ਵਿੱਚ 'ਆਪ' ਉਮੀਦਵਾਰਾਂ ਨੂੰ ਕਾਂਗਰਸ ਦੇ ਗੁੰਡਿਆਂ ਦੇ ਹਮਲੇ ਦਾ ਸਾਹਮਣਾ ਕਰਨਾ ਪਿਆ। ਜਿਨ੍ਹਾਂ ਥਾਵਾਂ ਉੱਤੇ ਗੁੰਡਾਗਰਦੀ ਦੀਆਂ ਘਟਨਾਵਾਂ ਵਾਪਰੀਆਂ, ਉਨ੍ਹਾਂ ਸਾਰੀਆਂ ਥਾਵਾਂ ਉਤੇ ਪੁਲਿਸ ਨੇ ਸਥਾਨਕ ਵਿਧਾਇਕਾਂ ਦੇ ਪ੍ਰਭਾਵ ਵਿਚ 'ਆਪ' ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਖਲ ਕਰਨ ਅਤੇ ਚੋਣ ਲੜਨ ਤੋਂ ਰੋਕਣ ਲਈ ਧਮਕੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਬਦਹਾਲ ਕਾਨੂੰਨ ਵਿਵਸਥਾ ਵਾਲੇ ਖੇਤਰਾਂ ਵਿੱਚ ਸਥਿਤੀ ਦਾ ਜਾਇਜ਼ਾ ਲੈ ਕੇ ਉਨ੍ਹਾਂ ਸੀਟਾਂ ਦੀ ਚੋਣ ਕਰੇ ਜਿੱਥੇ ਹਿੰਸਾ ਹੋਣ ਦਾ ਡਰ ਹੈ ਅਤੇ ਸਥਿਤੀ ਦੇ ਆਧਾਰ ਉੱਤੇ ਅਰਧ ਸੈਨਿਕ ਬਲਾਂ ਦੀ ਤੈਨਾਤੀ ਕਰੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਵਾਰ ਰਾਜ ਚੋਣ ਕਮਿਸ਼ਨ ਨੇ ਨਾ ਤਾਂ ਕਾਨੂੰਨ ਵਿਵਸਥਾ ਦੀ ਸਥਿਤੀ ਅਨੁਸਾਰ ਸੀਟਾਂ ਦਾ ਵਰਗੀਕਰਨ ਕੀਤਾ ਹੈ ਅਤੇ ਨਾ ਹੀ ਸੁਰੱਖਿਆ ਬਲਾਂ ਨੂੰ ਤੈਨਾਤੀ ਦੀ ਯੋਜਨਾ ਬਾਰੇ ਕੋਈ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਕਾਂਗਰਸ ਉੱਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ, ਜਿਸ ਵਿੱਚ ਕਾਂਗਰਸ ਦੇ ਗੁੰਡਿਆਂ ਨੇ ਘੋਰ ਗੁੰਡਾਗਰਦੀ ਕੀਤੀ, ਸਾਡੇ ਉਮੀਦਵਾਰਾਂ ਨੂੰ ਧਮਕਾਇਆ, ਡਰਾਇਆ ਅਤੇ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰਾ ਖਰਾਬ ਹੋ ਚੁੱਕੀ ਹੈ। ਪੰਜਾਬ ਦੇ ਲੋਕਾਂ ਅਤੇ ਉਮੀਦਵਾਰਾਂ ਦੋਵਾਂ ਦੀ ਸੁਰੱਖਿਆ ਖਤਰੇ ਵਿੱਚ ਹੈ। ਕਾਂਗਰਸ ਦੇ ਗੁੰਡੇ 'ਆਪ' ਉਮੀਦਵਾਰਾਂ ਨੂੰ ਡਰਾ ਧਮਕਾ ਕੇ ਚੋਣਾਂ ਵਿੱਚ ਧਾਂਦਲੀ ਕਰਨ ਦਾ ਯਤਨ ਕਰ ਰਹੇ ਹਨ। ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਹਿੰਸਾ ਹਮਲੇ ਨਾਲ ਨਜਿੱਠਣ ਲਈ ਕੈਪਟਨ ਨੇ ਕੀ ਯੋਜਨਾ ਬਣਾਈ ਹੈ? ਉਨ੍ਹਾਂ ਕਿਹਾ ਕਿ ਕੈਪਟਨ ਕਾਂਗਰਸ ਦੇ ਗੁੰਡਿਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਉੱਤੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ, ਆਖਿਰ ਇਸ ਦੇ ਪਿੱਛੇ ਉਨ੍ਹਾਂ ਦਾ ਅਸਲੀ ਮਕਸਦ ਕੀ ਹੈ?
ਉਨ੍ਹਾਂ ਕਿਹਾ ਕਿ ਕਾਂਗਰਸ ਨੇ 2017 ਦੇ ਵਿਧਾਨ ਸਭਾ ਚੋਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਬਹੁਤ ਝੂਠੇ ਵਾਅਦੇ ਕੀਤੇ ਸਨ ਅਤੇ ਹੁਣ ਜਦੋਂ ਉਹ ਉਨ੍ਹਾਂ ਨੂੰ ਪੂਰੇ ਕਰਨ ਵਿਚ ਫੇਲ੍ਹ ਰਹੇ ਤਾਂ ਉਨ੍ਹਾਂ ਨੂੰ ਹਾਰ ਦਾ ਡਰ ਲਗ ਰਿਹਾ ਹੈ। ਇਸ ਲਈ ਕਾਂਗਰਸ ਆਗੂ ਇਸ ਚੋਣ ਨੂੰ ਜਿੱਤਣ ਲਈ ਗੁੰਡਾਗਰਦੀ ਦਾ ਸਹਾਰਾ ਲੈ ਰਹੇ ਹਨ। 'ਆਪ' ਆਗੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਸਭ ਤੋਂ ਖਰਾਬ ਕਾਨੂੰਨ ਵਿਵਸਥਾ ਦੀ ਸਥਿਤੀ ਵਾਲੀਆਂ ਸੀਟਾਂ ਉੱਤੇ ਅਰਧਸੈਨਿਕ ਬਲਾਂ ਨੂੰ ਤੁਰੰਤ ਤੈਨਾਤ ਕੀਤਾ ਜਾਵੇ ਅਤੇ ਚੋਣ ਨਿਰਪੱਖ ਅਤੇ ਸੁਤੰਤਰ ਕਰਾਉਣ ਯਕੀਨੀ ਬਣਾਇਆ ਜਾਵੇ।
No comments:
Post a Comment