ਚੰਡੀਗੜ੍ਹ, 19 ਫਰਵਰੀ :ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜੇ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਦੇ ਸ਼ਹਿਰੀ ਵੋਟਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪਿੰਡਾਂ ਦੀ ਪਾਰਟੀ ਸਮਝਿਆ ਜਾਂਦਾ ਸੀ, ਪ੍ਰੰਤੂ ਸਥਾਨਕ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਕਿ ਹੁਣ 'ਆਪ' ਨੂੰ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦੋਵਾਂ ਖੇਤਰਾਂ ਦੇ ਲੋਕਾਂ ਦਾ ਸਮਰਥਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਹਿਰੀ ਖੇਤਰਾਂ ਵਿੱਚ ਪੰਜ ਤੋਂ ਸਾਢੇ ਪੰਜ ਫੀਸਦੀ ਦੇ ਆਸਪਾਸ ਵੋਟ ਮਿਲੀ ਸੀ। ਪ੍ਰੰਤੂ ਇਸ ਵਾਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਪਾਰਟੀ ਨੂੰ ਪਹਿਲਾਂ ਮਿਲੀਆਂ ਸ਼ਹਿਰੀ ਵੋਟਾਂ ਦੇ ਮੁਕਾਬਲੇ ਕਈ ਗੁਣਾਂ ਜ਼ਿਆਦਾ ਵੋਟਾਂ ਮਿਲੀਆਂ ਹਨ। 2022 ਵਿਧਾਨ ਸਭਾ ਚੋਣਾਂ ਲਈ ਇਹ ਸਾਡੇ ਲਈ ਚੰਗੇ ਸੰਕੇਤ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਸ਼ਹਿਰ ਵਿਚ ਪਾਰਟੀ ਦਾ ਵੋਟ ਸ਼ੇਅਰ ਪਹਿਲਾਂ ਦੇ ਮੁਕਾਬਲੇ ਕਾਫੀ ਵਧਿਆ ਹੈ। ਇਸ ਚੋਣ ਵਿਚ ਸਾਡੇ ਵੋਟ ਬੈਂਕ ਵਿਚ ਕਾਫੀ ਵਾਧਾ ਹੋਇਆ ਹੈ ਅਤੇ ਪਾਰਟੀ ਦੀ ਸਥਿਤੀ ਕਾਫੀ ਮਜ਼ਬੂਤ ਹੋਈ ਹੈ। ਬਹੁਤ ਖੁਸ਼ੀ ਦੀ ਗੱਲ ਹੈ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਦਾ ਵੀ ਆਮ ਆਦਮੀ ਪਾਰਟੀ ਵੱਲ ਝੁਕਾਅ ਵਧ ਰਿਹਾ ਹੈ। ਹੁਣ ਪੰਜਾਬ ਦੇ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਲੋਕ ਵੀ ਆਮ ਆਦਮੀ ਪਾਰਟੀ ਦਾ ਸਮਰਥਨ ਕਰ ਰਹੇ ਹਨ ਅਤੇ ਪਾਰਟੀ ਉਤੇ ਆਪਣਾ ਭਰੋਸਾ ਪ੍ਰਗਟਾ ਰਹੇ ਹਨ।
ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਹਿੰਸਾ ਅਤੇ ਹਮਲੇ ਦੀਆਂ ਘਟਨਾਵਾਂ ਦੇ ਬਾਵਜੂਦ ਸਾਡੇ ਵਰਕਰਾਂ ਅਤੇ ਉਮੀਦਵਾਰਾਂ ਨੇ ਬਹਾਦਰੀ ਅਤੇ ਸਹਿਣਸ਼ੀਲਤਾ ਦਾ ਪ੍ਰੀਖਿਆ ਦਿੱਤੀ ਅਤੇ ਚੋਣਾਂ ਵਿੱਚ ਡਟ ਕੇ ਖੜ੍ਹੇ ਰਹੇ। ਅਸੀਂ ਆਪਣੇ ਵਰਕਰਾਂ ਦੇ ਹੌਸਲੇ ਅਤੇ ਹਿੰਮਤ ਨੂੰ ਸਲਾਮ ਕਰਦੇ ਹਾਂ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਸਾਡੇ ਉਮੀਦਵਾਰਾਂ ਉੱਤੇ ਹਮਲੇ ਹੋਏ, ਉਨ੍ਹਾਂ ਨੂੰ ਧਮਕੀਆਂ ਮਿਲੀਆਂ, ਫਿਰ ਵੀ 'ਆਪ' ਦੇ ਕਈ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। ਹੁਣ ਆਮ ਆਦਮੀ ਪਾਰਟੀ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਮਜ਼ਬੂਤ ਹੋ ਚੁੱਕੀ ਹੈ। ਪਾਰਟੀ 2022 ਵਿਧਾਨ ਸਭਾ ਚੋਣਾਂ ਚੋਣਾਂ ਵਿੱਚ ਹੋਰ ਮਜ਼ਬੂਤ ਹੋ ਕੇ ਲੜੇਗੀ ਅਤੇ ਆਪਣੀ ਸਰਕਾਰ ਬਣਾਏਗੀ।
ਉਨ੍ਹਾਂ ਕਿਹਾ ਕਿ ਮਾਝਾ ਅਤੇ ਦੁਆਬਾ, ਜਿੱਥੇ ਪਾਰਟੀ ਪਹਿਲਾਂ ਕਮਜੋਰ ਸਥਿਤੀ ਵਿੱਚ ਸੀ। ਇਸ ਚੋਣ ਵਿੱਚ ਉਥੇ ਵੀ ਲੋਕਾਂ ਦਾ ਕਾਫੀ ਸਮਰਥਨ ਮਿਲਿਆ ਅਤੇ ਵੋਟ ਸ਼ੇਅਰ ਵਿੱਚ ਪਹਿਲਾਂ ਦੀ ਤੁਲਨਾ ਵਿਚ ਕਾਫੀ ਵਾਧਾ ਹੋਇਆ।
ਉਨ੍ਹਾਂ ਆਮ ਆਦਮੀ ਪਾਰਟੀ ਉੱਤੇ ਭਰੋਸਾ ਪ੍ਰਗਟਾਉਣ ਵਾਲੇ ਸ਼ਹਿਰੀ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੱਖਾਂ ਸ਼ਹਿਰੀ ਲੋਕਾਂ ਨੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿੱਤੀ। ਅੱਜ ਉਨ੍ਹਾਂ ਕਾਰਨ ਪਾਰਟੀ ਦੀ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਸਥਿਤੀ ਮਜ਼ਬੂਤ ਹੋਈ ਹੈ। ਸਾਡੇ ਜਿੱਛੇ ਹੋਏ ਸਾਰੇ ਕੌਂਸਲਰ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਹਰ ਸੰਭਵ ਯਤਨ ਕਰਨਗੇ।
No comments:
Post a Comment