ਬੂਥਗੜ੍ਹ, ਜਸਬੀਰ ਸਿੰਘ 18 ਮਾਰਚ: ਬਲਾਕ ਮੁਢਲਾ ਸਿਹਤ ਕੇਂਦਰ ਬੂਥਗੜ੍ਹ ਅਧੀਨ ਪੈਂਦੇ ਮੁਢਲਾ ਸਿਹਤ ਕੇਂਦਰ ਖ਼ਿਜ਼ਰਾਬਾਦ ਅਤੇ ਪਲਹੇੜੀ ਵਿਚ ਵੀ ਕੋਵਿਡ ਟੀਕਾਕਰਨ ਸ਼ੁਰੂ ਹੋ ਗਿਆ ਹੈ। ਦੋ ਦਿਨ ਪਹਿਲਾਂ ਪੀ.ਐਚ.ਸੀ. ਬੂਥਗੜ੍ਹ ਵਿਚ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ। ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦਸਿਆ ਕਿ ਵੀਰਵਾਰ ਤੋਂ ਇਨ੍ਹਾਂ ਦੋਹਾਂ ਥਾਵਾਂ ’ਤੇ ਵੀ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕਰ ਦਿਤੇ ਗਏ ਹਨ। ਦੋਵੇਂ ਥਾਈਂ 20 ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਾਏ ਗਏ ਜਿਨ੍ਹਾਂ ਵਿਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ ਸਕੂਲ ਅਧਿਆਪਕ ਵੀ ਸ਼ਾਮਲ ਸਨ।
ਐਸ.ਐਮ.ਓ. ਨੇ ਦਸਿਆ ਕਿ ਵੀਰਵਾਰ ਤਕ ਕੁਲ 60 ਵਿਅਕਤੀਆਂ ਨੂੰ ਟੀਕੇ ਲਾਏ ਜਾ ਚੁੱਕੇ ਹਨ। ਉਨ੍ਹਾਂ ਪੀ.ਐਚ.ਸੀ. ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਅਤੇ ਹੋਰ ਨੇੜਲੇ ਇਲਾਕਿਆਂ ਦੇ ਸੀਨੀਅਰ ਨਾਗਰਿਕਾਂ ਅਤੇ ਹੋਰ ਲਾਭਪਾਤਰੀ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਇਨ੍ਹਾਂ ਕੇਂਦਰਾਂ ਵਿਚ ਆ ਕੇ ਕੋਵਿਡ ਵੈਕਸੀਨ ਦਾ ਟੀਕਾ ਜ਼ਰੂਰ ਲਗਵਾਉਣ। ਉਨ੍ਹਾਂ ਦਸਿਆ ਕਿ ਇਸ ਵੇਲੇ ਸੀਨੀਅਰ ਨਾਗਰਿਕਾਂ ਤੋਂ ਇਲਾਵਾ 45 ਸਾਲ ਤੋਂ 60 ਸਾਲ ਵਿਚਲੇ ਵਿਅਕਤੀ ਜਿਨ੍ਹਾਂ ਨੂੰ ਕੋਈ ਗੰਭੀਰ ਬੀਮਾਰੀ ਹੋਵੇ, ਹੈਲਥ ਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰਾਂ ਨੂੰ ਟੀਕਾ ਲਾਇਆ ਜਾ ਰਿਹਾ ਹੈ। ਡਾ. ਕੁਲਦੀਪ ਸਿੰਘ ਨੇ ਸੀਨੀਅਰ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ-ਭੈਅ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਹਾਲੇ ਤਕ ਕਿਸੇ ਵੀ ਵਿਅਕਤੀ ਅੰਦਰ ਇਸ ਦਾ ਮਾੜਾ ਅਸਰ ਵੇਖਣ ਨੂੰ ਨਹੀਂ ਮਿਲਿਆ।
No comments:
Post a Comment