ਅੰਮ੍ਰਿਤਸਰ, 16 ਮਾਰਚ :ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੀ ਆਗੂ ਜੀਵਨਜੋਤ ਕੌਰ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਖਿਲਾਫ ਕੀਤੀ ਗਈ ਸ਼ਿਕਾਇਤ ਉਤੇ ਸੁਣਵਾਈ ਹੋਈ। ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੀ ਬਠਿੰਡਾ ਜ਼ਿਲ੍ਹੇ ਦੀ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਬਜ਼ੁਰਗ ਮਾਤਾ ਮਹਿੰਦਰ ਕੌਰ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਨਾਲ ਕਿਸਾਨਾਂ ਨੂੰ ਵੱਡੀ ਠੇਸ ਪਹੁੰਚੀ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਸਾਨਾਂ ਖਿਲਾਫ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਇਕ ਮੁਹਿੰਮ ਵਿੱਢੀ ਸੀ। ਇਸ ਮੁਹਿੰਮ ਦੇ ਤਹਿਤ ਹੀ ਅੰਮ੍ਰਿਤਸਰ ਦੇ ਆਮ ਆਦਮੀ ਪਾਰਟੀ ਦੀ ਆਗੂ ਜੀਵਨਜੋਤ ਕੌਰ ਨੇ ਕੰਗਨਾ ਰਿਨੌਤ ਖਿਲਾਫ ਕੇਸ ਦਾਇਰ ਕੀਤਾ ਹੈ। ਜੀਵਨਜੋਤ ਕੌਰ ਨੇ ਆਪਣੇ ਵਕੀਲ ਪਰਮਿੰਦਰ ਸੇਠੀ ਰਾਹੀਂ ਅਦਾਲਤ ਵਿੱਚ ਕੇਸ ਦਾਇਰ ਕਰਦੇ ਹੋਏ ਆਪਣੇ ਬਿਆਨ ਦਰਜ ਕਰਵਾਏ ਹਨ। ਅਦਾਲਤ ਵੱਲੋਂ ਉਨ੍ਹਾਂ ਨੂੰ ਸੁਣਨ ਤੋਂ ਬਾਅਦ ਅਗਲੀ ਪੇਸ਼ੀ 19 ਮਈ 2021 ਨਿਸ਼ਚਿਤ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੀਵਨਜੋਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਵਾਲੀ ਸਰਕਾਰ ਆਪਣੇ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਅਣਮਨੁੱਖੀ ਵਿਰਤਾਰਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਅੱਤਿਆਚਾਰ ਖਿਲਾਫ ਆਮ ਆਦਮੀ ਪਾਰਟੀ ਡਟਕੇ ਮੁਕਾਬਲਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲਿਆਂ ਨੂੰ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਕਿਸਾਨਾਂ ਨੂੰ ਅੱਤਵਾਦੀ, ਵੱਖਵਾਦੀ, ਖਾਲਸਤਾਨੀ ਕਹਿਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਰਹੇ। ਉਥੇ ਕੇਂਦਰ ਸਰਕਾਰ ਦੀ ਸਹਿ ਉਤੇ ਕੰਗਨਾ ਰਣੌਤ ਨੇ ਵੀ ਸਾਡੀ ਸਨਮਾਨਜਨਕ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਜਿਸ ਨੂੰ ਲੈ ਕੇ ਸਾਡੇ ਮਨ ਨੂੰ ਵੱਡੀ ਠੇਸ ਲੱਗੀ। ਉਨ੍ਹਾਂ ਕਿਹਾ ਕਿ ਅੱਜ ਲੜੇ ਜਾ ਰਹੇ ਇਤਿਹਾਸਕ ਘੋਲ ਵਿੱਚ ਮਾਈ ਭਾਗੋ ਦੀਆਂ ਵਾਰਸਾਂ ਪੰਜਾਬ ਦੀਆਂ ਮਾਵਾਂ, ਭੈਣਾਂ ਮੋਢੇ ਨਾਲ ਮੋਢਾ ਜੋੜਕੇ ਲੜਾਈ ਲੜ ਰਹੀਆਂ ਹਨ। ਉਹ ਹਰ ਕਠਿਨ ਤੋਂ ਕਠਿਨ ਸਮੱਸਿਆ ਨਾਲ ਲੜਨਾ ਜਾਣਦੀਆਂ ਹਨ, ਭਾਜਪਾ ਆਗੂਆਂ ਜਾਂ ਕੰਗਨਾ ਵਰਗੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਬੁਲੰਦ ਹੌਸਲਿਆਂ ਨੂੰ ਕਮਜੋਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਮਾਤਾ ਮਹਿੰਦਰ ਕੌਰ ਪ੍ਰਤੀ ਕੀਤੀ ਬਿਆਨਬਾਜ਼ੀ ਲਈ ਮੁਆਫੀ ਮੰਗਣ ਲਈ ਮਜ਼ਬੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬਜ਼ੁਰਗ ਹੋਣ ਦੇ ਬਾਵਜੂਦ ਕਿਸਾਨੀ ਸੰਘਰਸ਼ ਵਿੱਚ ਪਾਏ ਜਾ ਰਹੇ ਯੋਗਦਾਨ ਤੋਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੇ ਮਹਿਲਾ ਦਿਵਸ ਮੌਕੇ ਮਾਤਾ ਮਹਿੰਦਰ ਕੌਰ ਨੂੰ ਸਨਮਾਨ ਕੀਤਾ ਹੈ। ਦੂਜੇ ਪਾਸੇ ਭਾਜਪਾ ਦੀ ਕੇਂਦਰ ਸਰਕਾਰ ਤੇ ਉਨ੍ਹਾਂ ਦੇ ਹਿਮਾਇਤੀ ਸਾਡੀਆਂ ਬਜ਼ੁਰਗ ਮਾਵਾਂ ਦਾ ਅਪਮਾਨ ਕਰ ਰਹੇ ਹਨ।
No comments:
Post a Comment