ਐਸ ਏ ਐਸ ਨਗਰ, 10 ਮਾਰਚ :ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਕੰਮਾਂ ਲਈ ਖਾਸ ਕਰ ਕੇ ਸੇਵਾ ਕੇਂਦਰ ਅਤੇ ਫਰਦ ਕੇਂਦਰ ਵਿਖੇ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੁਲਾਕਾਤ ਵੀ ਕੀਤੀ।
ਇਸ ਮੌਕੇ ਸ਼੍ਰੀ ਮੱਛਲੀਕਲਾਂ ਨੇ ਦੱਸਿਆ ਕਿ ਲੋਕਾਂ ਨੂੰ ਫਰਦ ਕੇਂਦਰ ਵਿੱਚ ਕੁਝ ਦਿੱਕਤਾਂ ਦਰਪੇਸ਼ ਹਨ ਤੇ ਲੋਕਾਂ ਦੀ ਆਮਦ ਮੁਤਾਬਕ ਫਰਦਾਂ ਪ੍ਰਾਪਤ ਕਰਨ ਵਿੱਚ ਸਮਾਂ ਲੱਗ ਰਿਹਾ ਹੈ। ਇਹ ਮੁਸ਼ਕਲ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਦੇ ਧਿਆਨ ਵਿੱਚ ਲਿਆਂਦੀ ਗਈ ਹੈ ਤੇ ਕੈਬਨਿਟ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨਾਲ ਗੱਲ ਕੀਤੀ ਗਈ ਹੈ ਤੇ ਬਹੁਤ ਜਲਦ ਫਰਦ ਕੇਂਦਰ ਵਿਖੇ ਫਰਦਾਂ ਲੈਣ ਸਬੰਧੀ ਇੱਕ ਹੋਰ ਕਾਊਂਟਰ ਸ਼ੁਰੂ ਕੀਤਾ ਜਾਵੇਗਾ, ਜਿਸ ਸਦਕਾ ਲੋਕਾਂ ਨੂੰ ਫਰਦਾਂ ਪ੍ਰਾਪਤ ਕਰਨ ਸਬੰਧੀ ਲੰਮਾ ਸਮਾਂ ਇੰਤਜ਼ਾਰ ਨਹੀਂ ਕਰਨਾ ਪਵੇਗਾ।
ਸ਼੍ਰੀ ਮੱਛਲੀਕਲਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਸਿੱਧੂ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ ਤੇ ਕਿਸੇ ਨੂੰ ਵੀ ਕੰਮ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
No comments:
Post a Comment