ਬੂਥਗੜ੍ਹ,ਗੁਰਪ੍ਰੀਤ ਸਿੰਘ ਕਾਂਸਲ 16 ਮਾਰਚ : ਬੂਥਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਵੀ ਕੋਵਿਡ ਟੀਕਾਕਰਨ ਸ਼ੁਰੂ ਹੋ ਗਿਆ ਹੈ। ਮੁਢਲਾ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਨੇ ਕੋਵਿਡ ਟੀਕਾਕਰਨ ਕੇਂਦਰ ਦੀ ਸ਼ੁਰੂਆਤ ਕਰਨ ਮਗਰੋਂ ਦਸਿਆ ਕਿ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀਆਂ ਹਦਾਇਤਾਂ ’ਤੇ ਹਸਪਤਾਲ ਵਿਚ ਸਥਾਪਤ ਕੀਤੇ ਗਏ ਕੇਂਦਰ ਵਿਚ ਕੋਵਿਡ ਵੈਕਸੀਨ ਦਾ ਟੀਕਾ ਲਾਉਣ ਦਾ ਕੰਮ ਮੰਗਲਵਾਰ ਤੋਂ ਸ਼ੁਰੂ ਕਰ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਮੰਗਲਵਾਰ ਨੂੰ 10 ਜਣਿਆਂ ਨੂੰ ਕੋਵਿਡ ਵੈਕਸੀਨ ਦੀ ਖ਼ੁਰਾਕ ਦਿਤੀ ਗਈ ਜਿਨ੍ਹਾਂ ਵਿਚ 9 ਹੈਲਥ ਕੇਅਰ ਵਰਕਰ ਜਦਕਿ ਇਕ ਸੀਨੀਅਰ ਨਾਗਰਿਕ ਸ਼ਾਮਲ ਸਨ।
ਸੀਨੀਅਰ ਮੈਡੀਕਲ ਅਫਸਰ ਨੇ ਪੀ.ਐਚ.ਸੀ. ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਅਤੇ ਹੋਰ ਨੇੜਲੇ ਇਲਾਕਿਆਂ ਦੇ ਸੀਨੀਅਰ ਨਾਗਰਿਕਾਂ ਅਤੇ ਹੋਰ ਲਾਭਪਾਤਰੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੇਂਦਰ ਵਿਚ ਆ ਕੇ ਕੋਵਿਡ ਵੈਕਸੀਨ ਦਾ ਟੀਕਾ ਜ਼ਰੂਰ ਲਗਵਾਉਣ। ਉਨ੍ਹਾਂ ਦਸਿਆ ਕਿ ਇਸ ਵੇਲੇ ਸੀਨੀਅਰ ਨਾਗਰਿਕਾਂ ਤੋਂ ਇਲਾਵਾ 45 ਸਾਲ ਤੋਂ 60 ਸਾਲ ਵਿਚਲੇ ਵਿਅਕਤੀ ਜਿਨ੍ਹਾਂ ਨੂੰ ਕੋਈ ਗੰਭੀਰ ਬੀਮਾਰੀ ਹੋਵੇ ਸਮੇਤ ਹੈਲਥ ਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰਾਂ ਨੂੰ ਟੀਕਾ ਲਾਇਆ ਜਾ ਰਿਹਾ ਹੈ। ਡਾ. ਕੁਲਦੀਪ ਸਿੰਘ ਨੇ ਸੀਨੀਅਰ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ-ਭੈਅ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਹਾਲੇ ਤਕ ਕਿਸੇ ਵੀ ਵਿਅਕਤੀ ਅੰਦਰ ਇਸ ਦਾ ਮਾੜਾ ਅਸਰ ਵੇਖਣ ਨੂੰ ਨਹੀਂ ਮਿਲਿਆ।
ਐਸ. ਐਮ. ਓ ਨੇ ਆਖਿਆ ਕਿ ਟੀਕਾ ਲਗਵਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੌਕੇ ’ਤੇ ਹੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਲਾਭਪਾਤਰੀ ਅਪਣਾ ਆਧਾਰ ਕਾਰਡ ਅਤੇ ਅਪਣਾ ਫ਼ੋਟੋ ਪਛਾਣ ਪੱਤਰ ਨਾਲ ਲੈ ਕੇ ਆਉਣ। ਸਰਕਾਰੀ ਸਿਹਤ ਸੰਸਥਾਵਾਂ ਵਿਚ ਇਹ ਟੀਕਾ ਬਿਲਕੁਲ ਮੁਫ਼ਤ ਲਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਬੀਮਾਰੀ ਦੇ ਮੁੜ ਵੱਧ ਰਹੇ ਕੇਸਾਂ ਸਬੰਧੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਇਸ ਬੀਮਾਰੀ ਦਾ ਟੀਕਾ ਬਣ ਗਿਆ ਹੈ ਪਰ ਹਾਲੇ ਵੀ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਮਾਹਲ, ਡਾ. ਵਿਕਾਸ, ਡਾ. ਸੁਬਿਨ, ਹੈਲਥ ਇੰਸਪੈਕਟਰ ਗੁਰਤੇਜ ਸਿੰਘ ਮੌਜੂਦ ਸਨ।
No comments:
Post a Comment