ਐਸ.ਏ.ਐਸ. ਨਗਰ, ਗੁਰਪ੍ਰੀਤ ਸਿੰਘ ਕਾਂਸਲ 16 ਅਪ੍ਰੈਲ : ਪੰਜਾਬ ਵਿੱਚ ਇਸ ਸਾਲ ਕਰੀਬ 130 ਲੱਖ ਮੀਟਰਕ ਟਨ ਕਣਕ ਦੀ ਖਰੀਦ ਹੋਣ ਦੀ ਸੰਭਾਵਨਾ ਹੈ ਅਤੇ ਖ਼ਰੀਦ ਸਬੰਧੀ ਕਿਸਾਨਾਂ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਗੱਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਅਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਵੀ ਭਗਤ ਨੇ ਮਾਰਕੀਟ ਕਮੇਟੀ ਖਰੜ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ।
ਸ਼੍ਰੀ ਰਵੀ ਭਗਤ ਨੇ ਦੱਸਿਆ ਕਿ ਬਾਰਦਾਨੇ ਦੀ ਕਿਸੇ ਵੀ ਪਾਸੇ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਚੱਜੀ ਖਰੀਦ ਦੇ ਮੱਦੇਨਜ਼ਰ ਪੀ.ਪੀ. ਬੈਗ ਵੀ ਖਰੀਦੇ ਗਏ ਹਨ ਅਤੇ ਕੇਂਦਰ ਸਰਕਾਰ ਤੋਂ ਪੁਰਾਣੇ ਬਾਰਦਾਨੇ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਵੀ ਲੈ ਲਈ ਗਈ ਹੈ। ਉਹਨਾਂ ਕਿਹਾ ਕਿ ਜਿੱਥੇ ਵੀ ਕਿਤੇ ਬਾਰਦਾਨੇ ਸਬੰਧੀ ਕੋਈ ਦਿੱਕਤ ਦਰਪੇਸ਼ ਹੈ, ਉਹ ਫੌਰੀ ਹੱਲ ਕੀਤੀ ਜਾ ਰਹੀ ਹੈ।
ਮੰਡੀ ਬੋਰਡ ਦੇ ਸਕੱਤਰ ਨੇ ਕਿਹਾ ਕਿ ਪਿਛਲੇ ਸੀਜ਼ਨਾਂ ਦੀ ਤਰ੍ਹਾਂ ਇਸ ਵਾਰ ਵੀ ਕਣਕ ਦੀ ਖਰੀਦ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਇਆ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ਼੍ਰੀ ਹਰਕੇਸ਼ ਚੰਦ ਸ਼ਰਮਾ, ਮਾਰਕਿਟ ਕਮੇਟੀ ਦੇ ਮੈਂਬਰ ਸੰਜੀਵ ਰੂਬੀ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।
ਕੈਪਸਨ: ਰਵੀ ਭਗਤ, ਡਾਇਰੈਕਟਰ, ਖ਼ੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ, ਖਰੜ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ।
No comments:
Post a Comment