ਐਸ.ਏ.ਐਸ.ਨਗਰ, 03 ਜੂਨ : ਪਿੰਡ ਕੰਡਾਲਾ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ ਅਤੇ ਲੋਕਾਂ ਨੂੰ ਦਰੇਪਸ਼ ਮੁਸ਼ਕਲਾਂ ਫੌਰੀ ਹੱਲ ਕੀਤੀਆ ਜਾਣ। ਇਹ ਹਦਾਇਤਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਪਿੰਡ ਕੰਡਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ।
ਸ. ਸਿੱਧੂ ਨੇ ਇਸ ਮੌਕੇ ਪਿੰਡ ਦੇ ਜਾਰੀ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਲਈ 20 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ. ਸਿੱਧੂ ਵੱਲੋਂ ਇਸ ਪ੍ਰੋਜੈਕਟ ਲਈ 24 ਲੱਖ ਰੁਪਏ ਦਿੱਤੇ ਗਏ ਸਨ ਤੇ ਬਾਕੀ ਖਰਚਾ ਪੰਚਾਇਤ ਵੱਲੋਂ ਕੀਤਾ ਜਾ ਰਿਹਾ ਹੈ। ਸ. ਸਿੱਧੂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।
ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਸ਼ਖ਼ਤ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਸ. ਸਿੱਧੂ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਸ. ਸਿੱਧੂ ਨੇ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਈ ਮੁਸ਼ਕਲਾਂ ਮੌਕੇ ਉੱਤੇ ਹੀ ਦੂਰ ਕਰਵਾਈਆਂ।
ਇਸ ਮੌਕੇ ਸਿਹਤ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਬੀ ਡੀ ਪੀ ਓ ਸੁਖਚੈਨ ਸਿੰਘ, ਐਕਸੀਅਨ ਪੰਚਾਇਤੀ ਰਾਜ ਮਹੇਸ਼ਵਰ ਸ਼ਾਰਦਾ, ਕਰਨੈਲ ਸਿੰਘ ਐਸ ਡੀ ਓ, ਪੀ ਡਬਲਿਊ ਡੀ, ਸਿਮਰਨ ਕੌਰ ਐਸ ਡੀ ਓ ਪਬਲਿਕ ਹੈਲਥ, ਮਨਦੀਪ ਅੱਤਰੀ ਐਸ ਡੀ ਓ ਪਾਵਰਕੌਮ, ਜਸਪਾਲ ਮਸੀਹ, ਜੀ ਈ ਪੰਚਾਇਤੀ ਰਾਜ, ਰਾਜ ਕੁਮਾਰ ਜੇ.ਈ. ਪੀ ਡਬਲਿਊ ਡੀ, ਵਿਮਲਾ ਦੇਵੀ ਸਰਪੰਚ ਕੰਡਾਲਾ, ਮਲਕੀਤ ਸਿੰਘ ਸਾਬਕਾ ਸਰਪੰਚ ਕੰਡਾਲਾ, ਸੁਖਵਿੰਦਰ ਸਿੰਘ ਸੁੱਖਾ, ਸੁਖਪ੍ਰੀਤ ਸਿੰਘ ਗੋਲਡੀ, ਗੁਰਮੀਤ ਸਿੰਘ, ਬਲਬੀਤ ਸਿੰਘ, ਗੁਰਮੇਲ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
No comments:
Post a Comment