ਐਸ.ਏ.ਐਸ. ਨਗਰ, 20 ਅਗਸਤ : ਪੰਜਾਬ ਸਰਕਾਰ ਦੇ ਇੱਕ ਹੋਰ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਰਜ਼ਾ ਰਾਹਤ ਸਕੀਮ ਦੇ ਪੰਜਵੇਂ ਪੜਾਅ ਅਧੀਨ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪੇ।
ਇਸ ਪਹਿਲਕਦਮੀ ਨੂੰ ਮਿਸਾਲੀ ਦੱਸਦਿਆਂ ਸ. ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਅੱਜ ਕੁੱਲ 1148.42 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਸਮਾਰੋਹ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸਥਾਨ `ਤੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਰਜ਼ਾ ਮੁਆਫ਼ੀ ਸਕੀਮ ਦੇ ਪੰਜਵੇਂ ਪੜਾਅ ਤਹਿਤ ਕਰੋੜਾਂ ਰੁਪਏ ਦੇ ਕਰਜ਼ੇ ਦੀ ਮੁਆਫ਼ੀ ਕੀਤੀ। ਉਨ੍ਹਾਂ ਦੱਸਿਆ ਕਿ ਰਾਜ ਭਰ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ 2.85 ਲੱਖ ਕਰਜ਼ਦਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ ਕੁੱਲ 520 ਕਰੋੜ ਦਾ ਕਰਜ਼ਾ ਇਸ ਇਕ ਕਦਮ ਨਾਲ ਮੁਆਫ ਕਰ ਦਿੱਤਾ ਗਿਆ ਹੈ।
ਇਸ ਕਰਜ਼ਾ ਮੁਆਫ਼ੀ ਸਕੀਮ ਬਾਰੇ ਗੱਲ ਕਰਦਿਆਂ, ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਦਾ ਤਕਰੀਬਨ 4600 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਦਬੇ ਕੁਚਲੇ ਵਰਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਰਦੇਸ਼ਤ ਹੈ ਅਤੇ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ਦੇ ਬਾਵਜੂਦ ਸਰਕਾਰ ਖੇਤੀਬਾੜੀ ਨੂੰ ਇਕ ਲਾਭਦਾਇਕ ਖੇਤਰ ਬਣਾਉਣ ਦੇ ਯਤਨ ਕਰ ਰਹੀ ਹੈ।
ਸੂਬਾ ਸਰਕਾਰ ਦੇ ਯਤਨਾਂ ਬਾਰੇ ਜਾਣੂੰ ਕਰਵਾਉਂਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਜਿਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਤੋਂ ਇਲਾਵਾ ਇਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਫ਼ਸਲ ਮੰਡੀ ਵਿੱਚ ਆਉਣ ਦੇ 48 ਘੰਟਿਆਂ ਵਿੱਚ 9 ਫਸਲਾਂ ਦੀ ਖਰੀਦ ਕੀਤੀ ਹੈ ਅਤੇ ਕਿਸਾਨਾਂ ਦੇ ਬਕਾਏ ਸਮੇਂ ਸਿਰ ਅਦਾ ਕੀਤੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਡੀ) ਡਾ: ਹਿਮਾਂਸ਼ੂ ਅਗਰਵਾਲ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਨੇ ਵੱਖ-ਵੱਖ ਪਿੰਡਾਂ ਦੇ 10 ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫਿਕੇਟ ਸੌਂਪੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਹਾਲੀ ਜਸਵਿੰਦਰ ਸਿੰਘ, ਐਮ.ਡੀ. ਸਹਿਕਾਰੀ ਬੈਂਕ ਮੋਹਾਲੀ ਭਾਸਕਰ ਕਟਾਰੀਆ, ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ ਮੋਹਾਲੀ ਦਵਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਮੋਹਾਲੀ ਰਾਜੇਸ਼ ਕੁਮਾਰ ਰਹੇਜਾ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਮੋਹਾਲੀ ਗੁਰਦਿਆਲ ਕੁਮਾਰ ਵੀ ਹਾਜ਼ਰ ਸਨ।
No comments:
Post a Comment