SBP GROUP

SBP GROUP

Search This Blog

Total Pageviews

ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਲੋਕ ਸਹਿਯੋਗ ਦੇਣ : ਸਿਵਲ ਸਰਜਨ

ਮੋਹਾਲੀ, 23 ਸਤੰਬਰ : ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਕੁੱਲ 13 ਟੀਮਾਂ ਦੀ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਮਾਰਚ ਮਹੀਨੇ ਤੋਂ ਲਗਾਤਾਰ ਜਾਰੀ ਹੈ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਦੱਸਿਆ ਕਿ ਬਹੁਤੇ ਘਰਾਂ ਵਿਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ, ਜਿਸ ਕਾਰਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਮੁੜ ਲਾਰਵਾ ਮਿਲਣ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 180 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 76 ਕੇਸ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਵਜੋਂ ਮਨਾਉਣ ਦੀ ਵੀ ਅਪੀਲ ਕੀਤੀ।

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਸਮਝਦੇ ਹਨ ਕਿ ਇਨ੍ਹੀਂ ਦਿਨੀਂ ਮੌਸਮ ਥੋੜਾ ਠੰਢਾ ਹੋ ਜਾਣ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ, ਜਦੋਂ ਕਿ ਇਨ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਲੋਕਾਂ ਨੂੰ 30 ਨਵੰਬਰ ਤੱਕ ਡੇਂਗੂ ਪ੍ਰਤੀ ਪੂਰੀ ਤਰ੍ਹਾਂ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿੱਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁਲ੍ਹੇ ਰੱਖੇ ਜਾਣ ਤਾਂ ਕਿ ਮੱਛਰ ਦਾ ਖ਼ਾਤਮਾ ਹੋ ਸਕੇ। ਡਾ. ਆਦਰਸ਼ਪਾਲ ਕੌਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਆਪਣੇ ਤੌਰ ’ਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਤਕ ਜ਼ਿਆਦਾ ਹੁੰਦਾ ਹੈ, ਇਸ ਲਈ ਅਕਤੂਬਰ ਤੇ ਨਵੰਬਰ ਮਹੀਨਿਆਂ ਦੌਰਾਨ ਵੀ ਅਵੇਸਲੇ ਨਾ ਰਿਹਾ ਜਾਵੇ। ਅਜਿਹੇ ਕੱਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਬੁਖ਼ਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜ੍ਹੇ ਸਾਫ਼ ਪਾਣੀ ਵਿੱਚ ਪਲਦੇ ਹਨ, ਜਿਵੇਂ ਕੂਲਰਾਂ ਵਿੱਚ, ਪਾਣੀ ਦੀਆਂ ਟੈਂਕੀਆਂ ਵਿੱਚ, ਫੁੱਲਾਂ ਦੇ ਗਮਲਿਆਂ ਵਿੱਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿੱਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿੱਚ।

No comments:


Wikipedia

Search results

Powered By Blogger