ਐਸ.ਏ.ਐਸ. ਨਗਰ, 15 ਸਤੰਬਰ : ਪਰਾਲੀ ਸਾੜਨ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹਰੇਕ ਪਿੰਡ ਵਿੱਚ ਗ੍ਰਾਮ ਨੋਡਲ ਅਫ਼ਸਰਾਂ ਅਤੇ ਕਲੱਸਟਰ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀ ਨਿਗਰਾਨੀ ਲਈ ਤਾਇਨਾਤ ਕਰਨ ਦਾ ਅਨੋਖਾ ਰਾਹ ਅਖ਼ਤਿਆਰ ਕੀਤਾ ਹੈ।
ਇਸ ਬਾਰੇ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਨੂੰ ਕਾਬੂ ਵਿੱਚ ਰੱਖਣ ਲਈ ਪਿੰਡ, ਕਲੱਸਟਰ, ਤਹਿਸੀਲ ਅਤੇ ਜ਼ਿਲ੍ਹਾ ਪੱਧਰ 'ਤੇ ਸਖਤੀ ਨਾਲ ਨਿਗਰਾਨੀ ਲਈ 400 ਤੋਂ ਵੱਧ ਨੋਡਲ ਅਫਸਰ ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਾਹ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਦੂਸ਼ਣ ਉਤੇ ਕਾਬੂ ਪਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐਸਸੀ) ਵੱਲੋਂ ਇਕ ਮੋਬਾਈਲ ਐਪ ਵਿਕਸਤ ਕੀਤਾ ਗਿਆ ਹੈ, ਜੋ ਪਿੰਡ, ਸਮੂਹ, ਉਪ-ਮੰਡਲ ਅਤੇ ਜ਼ਿਲ੍ਹਾ ਪੱਧਰ ਉਤੇ ਵੱਖ-ਵੱਖ ਅਧਿਕਾਰੀਆਂ ਨੂੰ ਪਰਾਲੀ ਫੂਕਣ ਦੀਆਂ ਘਟਨਾਵਾਂ ਦੀ ਰਿਪੋਰਟਿੰਗ ਅਤੇ ਇਸ ਸੀਜ਼ਨ ਵਿੱਚ ਹਰ ਅੱਗ ਦੀ ਘਟਨਾ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਜਾਣੂੰ ਕਰਵਾਏਗਾ।
''ਪਰਾਲੀ ਦੀ ਰੋਕਥਾਮ ਲਈ ਜ਼ਿਲ੍ਹੇ ਵਿੱਚ 175 ਆਧੁਨਿਕ ਮਸ਼ੀਨਾਂ ਦੇਣ ਲਈ ਮਨਜ਼ੂਰੀ ਦਿੱਤੀ ਗਈ ਹੈ, ਜੋ 17 ਕਿਸਾਨ ਸਮੂਹਾਂ (ਹਰੇਕ ਸਮੂਹ ਜਿਸ ਵਿੱਚ ਘੱਟੋ ਘੱਟ 8 ਮੈਂਬਰ ਸ਼ਾਮਲ) ਅਤੇ 158 ਵਿਅਕਤੀਗਤ ਪੱਧਰ ਉਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵਿਅਕਤੀਗਤ ਆਧਾਰ ਉਤੇ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਉਤੇ 50 ਪ੍ਰਤੀਸ਼ਤ ਸਬਸਿਡੀ, ਜਦੋਂ ਕਿ ਸੀਐਚਸੀ, ਪੀਏਸੀਐਸ, ਗ੍ਰਾਮ ਪੰਚਾਇਤਾਂ ਅਤੇ ਐਫਪੀਓ ਨੂੰ ਇਹ ਮਸ਼ੀਨਾਂ 80 ਪ੍ਰਤੀਸ਼ਤ ਸਬਸਿਡੀ 'ਤੇ ਮਿਲਣਗੀਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੁਪਰ ਸੀਡਰ, ਹੈਪੀ ਸੀਡਰ, ਸੁਪਰ ਐਸ.ਐਮ.ਐਸ., ਹਾਈਡ੍ਰੌਲਿਕ ਰਿਬਰਸੀਬਲ ਐਮਬੀ ਪਲੋਅ ਮਸ਼ੀਨਾਂ, ਸਟਰਾਅ ਚੌਪਰ, ਸ਼੍ਰੇਡਰ, ਮਲਚਰ ਅਤੇ ਰੀਪਰ ਆਦਿ ਮਸ਼ੀਨਾਂ ਕਿਸਾਨਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਕ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਤਾਂ ਜੋ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਅਤੇ ਖੇਤੀਬਾੜੀ ਵਿਭਾਗ ਦਾ ਇਹ ਸਾਂਝਾ ਯਤਨ ਹੈ ਕਿ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਹਰੇਕ ਪਿੰਡ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਵੈਨ ਉਨ੍ਹਾਂ ਪਿੰਡਾਂ ਨੂੰ ਕਵਰ ਕਰੇਗੀ, ਜਿੱਥੇ ਝੋਨੇ ਦੀ ਅਗੇਤੀ ਵਾਢੀ ਹੁੰਦੀ ਹੈ ਪਰ ਬਾਅਦ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਰਾਜੇਸ਼ ਕੁਮਾਰ ਰਹੇਜਾ, ਵਾਤਾਵਰਣ ਇੰਜਨੀਅਰ ਲਵਨੀਤ ਦੁਬੇ, ਸਹਾਇਕ ਵਾਤਾਵਰਨ ਇੰਜਨੀਅਰ ਰਨਤੇਜ ਸ਼ਰਮਾ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ ਹਾਜ਼ਰ ਸਨ।
No comments:
Post a Comment