SBP GROUP

SBP GROUP

Search This Blog

Total Pageviews

ਭਲਕੇ (18 ਫਰਵਰੀ) ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ 'ਤੇ ਪੂਰਨ ਪਾਬੰਦੀ - ਜ਼ਿਲ੍ਹਾ ਚੋਣ ਅਫ਼ਸਰ*

ਜ਼ਿਲ੍ਹੇ ਦੇ ਕਿਸੇ ਵੀ ਹਲਕੇ 'ਚ ਬਾਹਰੀ ਵਿਅਕਤੀ ਦੇ ਠਹਿਰਣ 'ਤੇ ਵੀ ਹੈ ਮਨਾਹੀ

ਐਸ.ਏ.ਐਸ ਨਗਰ, 17 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ (18 ਫਰਵਰੀ, 2022) ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ 'ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੱਲੋਂ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਸਿਆਸੀ ਕਾਰਕੁੰਨਾ ਦੇ ਆਉਣ 'ਤੇ ਪੂਰਨ ਪਾਬੰਦੀ ਹੈ ਅਤੇ ਭਲਕੇ ਸ਼ਾਮ 6 ਵਜੇ ਤੋਂ ਪਹਿਲਾਂ ਸਾਰੇ ਵਿਅਕਤੀ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੁਲਿਸ ਮੁਲਾਜ਼ਮ, ਰਿਟਰਨਿੰਗ ਅਫ਼ਸਰ ਜਾਂ ਫਲਾਇੰਗ ਸਕੁਐਡ ਉਨ੍ਹਾਂ ਦੇ ਵੋਟਰ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਉਸ ਵਿਸ਼ੇਸ਼ ਹਲਕੇ ਦੇ ਵਸਨੀਕ ਹਨ ਜਾਂ ਨਹੀਂ।


ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਯਾਤਰਾ ਯੋਜਨਾ ਇਸ ਤਰ੍ਹਾਂ ਤਿਆਰ ਕਰਨ ਕਿ ਉਹ ਭਲਕੇ ਸ਼ਾਮ 6 ਵਜੇ ਤੋਂ ਪਹਿਲਾਂ ਦੂਜੇ ਹਲਕਿਆਂ ਨੂੰ ਛੱਡ ਦੇਣ ਅਤੇ ਇਸ ਸਬੰਧੀ ਕੋਈ ਵੀ ਬਹਾਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 


ਸ਼੍ਰੀਮਤੀ ਈਸ਼ਾ ਕਾਲੀਆ ਨੇ ਚੇਤਾਵਨੀ ਦਿੱਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਕੋਈ ਵਿਅਕਤੀ ਧੱਕਾ ਕਰਕੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ ।  

ਉਨ੍ਹਾਂ ਕਿਹਾ ਕਿ ਪੁਲਿਸ, ਰਿਟਰਨਿੰਗ ਅਫ਼ਸਰਾਂ ਅਤੇ ਫਲਾਇੰਗ ਸਕੁਐਡ ਵੱਲੋਂ ਸਾਂਝੇ ਤੌਰ 'ਤੇ ਸਾਰੇ ਹੋਟਲਾਂ/ਲੌਜ/ਗੈਸਟ ਹਾਊਸ/ਮੈਰਿਜ ਪੈਲੇਸਾਂ/ਰੈਸਟੋਰੈਂਟਾਂ ਆਦਿ ਦੀ ਮੁਕੰਮਲ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉੱਥੇ ਕੋਈ ਬਾਹਰੀ ਵਿਅਕਤੀ ਨਾ ਠਹਿਰਿਆ ਹੋਵੇ। 

ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪਾਬੰਦ ਹੈ ਕਿ ਸਾਰੇ ਵਰਕਰ, ਜੋ ਕਿ ਵੋਟਰ ਨਹੀਂ ਹਨ, ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਵਿਧਾਨ ਸਭਾ ਹਲਕਾ ਛੱਡਣ।

ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਪਹਿਲਾਂ ਹੀ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਤੱਕ ਵੋਟਾਂ ਦੀ ਸਮਾਪਤੀ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਐਲਾਨਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਨ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਮੈਰਿਜ ਪੈਲੇਸ ਅਤੇ ਹੋਰ ਥਾਵਾਂ 'ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਵੋਟਾਂ ਅਤੇ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਸੁਰੱਖਿਆ ਲਈ ਤਾਇਨਤ ਕੀਤੀਆ ਟੀਮਾਂ ਆਪੋ-ਆਪਣੇ ਪੋਲਿੰਗ ਬੂਥਾਂ 'ਤੇ ਗਸ਼ਤ ਕਰਦੀਆਂ ਰਹਿਣਗੀਆਂ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਖੁੱਲ ਕੇ ਵੋਟ ਪਾਉਣ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਉਮੀਦਵਾਰ/ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਚੀਜ਼ ਆਦਿ ਵੰਡ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

No comments:


Wikipedia

Search results

Powered By Blogger