SBP GROUP

SBP GROUP

Search This Blog

Total Pageviews

ਸਿਵਲ ਸਰਜਨ ਵਲੋਂ ਡੇਰਾਬੱਸੀ ਤੇ ਢਕੋਲੀ ਦੇ ਹਸਪਤਾਲਾਂ ਦਾ ਦੌਰਾ, ਦਿਤੀਆਂ ਹਦਾਇਤਾਂ

 ਸਰਕਾਰੀ ਸਿਹਤ ਸੰਸਥਾਵਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ : ਡਾ. ਆਦਰਸ਼ਪਾਲ ਕੌਰ

ਐਸ.ਏ.ਐਸ ਨਗਰ  04 ਅਪ੍ਰੈਲ  : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਕਮਿਊਨਿਟੀ ਹੈਲਥ ਸੈਂਟਰ ਢਕੋਲੀ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਰੂਟੀਨ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਸਮੇਤ ਸਮੁੱਚੇ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਉਣ ਵਾਲੇ ਸਾਕ-ਸਬੰਧੀਆਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਅਹਿਮੀਅਤ ਰੱਖਦਾ ਹੈ। ਜੇ ਦੋਹਾਂ ਵਿਚਾਲੇ ਸਾਂਝ ਹੈ ਤਾਂ ਸਹੀ ਅਤੇ ਮਿਆਰੀ ਇਲਾਜ ਵਿਚ ਮਦਦ ਮਿਲਦੀ ਹੈ। ਉਨ੍ਹਾਂ ਸਮੁੱਚੇ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਵੀ ਹਦਾਇਤ ਦਿਤੀ।


   ਸਿਹਤ ਸੰਸਥਾਵਾਂ ਦੇ ਮੁਖੀਆਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਅਪਣੇ ਏਰੀਏ ਦੀਆਂ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਸਿਹਤ ’ਤੇ ਖ਼ੁਦ ਨਜ਼ਰ ਰੱਖਣ ਅਤੇ ਲੋੜ ਪੈਣ ’ਤੇ ਉਨ੍ਹਾਂ ਕੋਲ ਪਹੁੰਚ ਕਰ ਕੇ ਜਾਣਕਾਰੀ ਲੈਣ ਤਾਕਿ ਅਜਿਹੀਆਂ ਔਰਤਾਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾ ਸਕੇ।


            ਡਾ. ਆਦਰਸ਼ਪਾਲ ਨੇ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ, ਡਾ. ਪੋਮੀ ਚਤਰਥ ਸਮੇਤ ਹੋਰ ਅਧਿਕਾਰੀ ਮੌਜੂਦ ਸਨ।


ਫ਼ੋਟੋ : ਮਰੀਜ਼ ਨੂੰ ਵੇਖਦੇ ਹੋਏ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ।

No comments:


Wikipedia

Search results

Powered By Blogger