ਗੈਂਗਸਟਰਵਾਦ ਖ਼ਤਮ ਹੋਣ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਠੀਕ ਹੋਵੇਗੀ ਅਤੇ ਆਮ ਲੋਕ ਸੁਰੱਖਿਅਤ ਮਹਿਸੂਸ ਕਰਨਗੇ: ਮਾਲਵਿੰਦਰ ਕੰ
ਚੰਡੀਗੜ੍ਹ, 05 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਸਵਾਗਤ ਕੀਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਵਿਸ਼ੇਸ਼ ਟਾਸਕ ਫੋਰਸ ਬਣਨ ਨਾਲ ਸੂਬੇ ਵਿਚੋਂ ਗੈਂਗਸਟਰਵਾਦ ਖ਼ਤਮ ਹੋਣ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਠੀਕ ਹੋਵੇਗੀ ਅਤੇ ਆਮ ਲੋਕ ਸੁਰੱਖਿਅਤ ਮਹਿਸੂਸ ਕਰਨਗੇ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ‘ਆਪ’ ਦੇ ਸੀਨੀਅਰ ਆਗੂ ਤੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਸੂਬਾ ਸੰਯੁਕਤ ਸਕੱਤਰ ਡਾ. ਸੰਨੀ ਆਹਲੂਵਾਲੀਆ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਐਂਟੀ ਗੈਂਗਸਟਰ ਟਾਸਕ ਫੋਰਸ’ ਦਾ ਗਠਨ ਕਰਨ ਦਾ ਫ਼ੈਸਲਾ ਬਹੁਤ ਹੀ ਮਹੱਤਵਪੂਰਨ ਹੈ। ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਟਾਸਕ ਫੋਰਸ ਦੀ ਅਗਵਾਈ ਏ.ਡੀ.ਜੀ.ਪੀ ਰੈਂਕ ਦੇ ਸੀਨੀਅਰ ਪੁਲੀਸ ਅਧਿਕਾਰੀ ਵੱਲੋਂ ਕੀਤੀ ਜਾਵੇਗੀ ਅਤੇ ਵਿਸ਼ੇਸ਼ ਪੁਲੀਸ ਟੀਮ ਵੀ ਤਿਆਰ ਕੀਤੀ ਜਾਵੇਗੀ। ਟਾਸਕ ਫੋਰਸ ਦੇ ਕੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਪੁਲੀਸ ਸਟੇਸ਼ਨ ਵੀ ਬਣਾਏ ਜਾਣਗੇ ਅਤੇ ਇਹ ਫੋਰਸ ਸਥਾਨਕ ਪੁਲੀਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਫੋਰਸ ਪੰਜਾਬ ਵਿੱਚੋਂ ਯੋਜਨਾਬੱਧ ਢੰਗ ਨਾਲ ਹੋਣ ਵਾਲੀਆਂ ਵੱਡੀਆਂ ਵਾਰਦਾਤਾਂ ਨੂੰ ਜੜ੍ਹ ਤੋਂ ਖ਼ਤਮ ਕਰੇਗੀ ਅਤੇ ਗੈਂਗਸਟਰਵਾਦ ਦੇ ਨੈਟਵਰਕ ਨੂੰ ਤੋੜੇਗੀ, ਜਿਸ ਨਾਲ ਪੰਜਾਬ ਵਿਚੋਂ ਅਪਰਾਧ ਅਤੇ ਅਪਰਾਧੀਆਂ ਦਾ ਸਫਾਇਆ ਹੋ ਜਾਵੇਗਾ।
ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਦੀ ਅਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਟਾਸਕ ਫੋਰਸਾਂ ਦੀ ਗਲਤ ਵਰਤੋਂ ਕਰਕੇ ਵਿਰੋਧ ਦੀ ਆਵਾਜ਼ ਦਬਾਉਣ ਅਤੇ ਬੇਗੁਨਾਹ ਲੋਕਾਂ ’ਤੇ ਝੂਠੇ ਮਾਮਲੇ ਦਰਜ ਕਰਕੇ ਪ੍ਰੇਸ਼ਾਨ ਕਰਦੀਆਂ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਟਾਸਕ ਫੋਰਸ ਦੀ ਦੁਰਵਰਤੋਂ ਬਿਲਕੁੱਲ ਵੀ ਨਹੀਂ ਕਰੇਗੀ ਅਤੇ ਨਾ ਹੀ ਰਾਜਨੀਤਿਕ ਬਦਲਾਖ਼ੋਰੀ ਦੀ ਭਾਵਨਾ ਨਾਲ ਕੋਈ ਵੀ ਝੂਠਾ ਜਾਂ ਫਰਜੀ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ।
ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ ਲੋਕਾਂ ਲਈ ਲਗਾਤਾਰ ਇਤਿਹਾਸਕ ਅਤੇ ਵੱਡੇ ਫ਼ੈਸਲੇ ਲੈ ਰਹੇ ਹਨ। ਮੁੱਖ ਮੰਤਰੀ ਨੇ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਹਨ ਕਿ ਪਿੰਡ- ਪਿੰਡ ਜਾ ਕੇ ਲੋਕਾਂ ਨਾਲ ਬੈਠਕਾਂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਹੱਲ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹੀ ਬਣੀ ਹੈ। ਹੁਣ ਆਮ ਲੋਕਾਂ ਨੂੰ ਸਰਕਾਰੀ ਮੁਲਾਜ਼ਮ ਅਤੇ ਅਧਿਕਾਰੀ ਪ੍ਰੇਸ਼ਾਨ ਨਹੀਂ ਕਰਨਗੇ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਆਹਲੂਵਾਲੀਆ ਨੇ ਦਾਅਵਾ ਕੀਤਾ ਕਿ ਜਿਵੇਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਾਕਰ ਨੇ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਸੌਖਾ ਕੀਤਾ ਕੀਤਾ ਹੈ, ਉਸੇ ਤਰ੍ਹਾਂ ਹੀ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਦੁੱਖ ਦਰਦ ਦੂਰ ਕਰੇਗੀ ਅਤੇ ਪ੍ਰੇਸ਼ਾਨੀਆਂ ਨੂੰ ਖ਼ਤਮ ਕਰੇਗੀ।
No comments:
Post a Comment