ਚੰਡੀਗੜ੍ਹ, 05 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋਣ ’ਤੇ ਮਾਨ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਸਰਕਾਰ ਦੇ ਕੰਮਾਂ ਨੂੰ ਪ੍ਰਸੰਸਾਯੋਗ ਕਰਾਰ ਦਿੱਤਾ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ‘ਆਪ’ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਦਵਿੰਦਰ ਸਿੰਘ ਲਾਡੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਵਿੱਚ ਹੀ ਨੌਜਵਾਨਾਂ ਨੂੰ ਰੋਜ਼ਗਾਰ, ਆਮ ਲੋਕਾਂ ਨੂੰ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕੀਤਾ ਹੈ। ਐਨੇ ਘੱਟ ਸਮੇਂ ਵਿੱਚ ਐਨੇ ਮਹੱਤਵਪੂਰਨ ਕੰਮ ਪੰਜਾਬ ਹੀ ਨਹੀਂ, ਦੇਸ਼ ਦੇ ਕਿਸੇ ਵੀ ਰਾਜ ਦੀ ਸਰਕਾਰ ਨੇ ਅੱਜ ਤੱਕ ਨਹੀਂ ਕੀਤੇ।
ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ਦੀ ਦਿਸ਼ਾ ’ਚ ਮਾਨ ਸਰਕਾਰ ਤੇਜੀ ਨਾਲ ਕੰਮ ਕਰ ਰਹੀ ਹੈ। ਕੇਵਲ ਡੇਢ ਮਹੀਨੇ ਵਿੱਚ ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗਾਂ ’ਚ 26,500 ਦੇ ਕਰੀਬ ਨੌਕਰੀਆਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਸਾਲਾਂ ’ਚ ਪਹਿਲੀ ਵਾਰ ਅੱਜ ਪੰਜਾਬ ਦੇ ਆਮ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ। ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਅਤੇ ਭਰੋਸੇ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਦਿੱਤੀਆਂ ਹਨ, ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ।
ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਦੀ ਤਰ੍ਹਾਂ ‘ਆਪ’ ਸਰਕਾਰ ਕਮਿਸ਼ਨ ਖੋਰੀ ਅਤੇ ਰਿਸ਼ਵਤਖੋਰੀ ’ਤੇ ਨਹੀਂ ਚੱਲ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾ ਦੌਰਾਨ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਮਿਸ਼ਨ ’ਤੇ ਨਹੀਂ, ਸਗੋਂ ਮਿਸ਼ਨ ’ਤੇ ਕੰਮ ਕਰੇਗੀ। ਜੋ ਮੁੱਖ ਮੰਤਰੀ ਨੇ 50 ਦਿਨਾਂ ਦੇ ਕਾਰਜਕਾਲ ’ਚ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਰਕਾਰ ਨੂੰ ਕੰਮ ਤੋਂ ਭਟਕਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਉਨਾਂ ਦੀਆਂ ਸਾਜਿਸ਼ਾਂ ’ਚ ਫਸੇ ਬਿਨ੍ਹਾਂ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰ ਰਹੇ ਹਨ। ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੌਜਵਾਨਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ 26,500 ਸਰਕਾਰੀ ਨੌਕਰੀਆਂ ਦਾ ਐਲਾਨ ਕਰਨਾ ਇਸ ਦਾ ਸਬੂਤ ਹੈ।
ਇਸੇ ਦੌਰਾਨ ਵਿਧਾਇਕ ਦਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਨੇ ਘੱਟ ਸਮੇਂ ਵਿੱਚ ਪੰਜਾਬ ਦੇ ਲੋਕਾਂ ਲਈ ਕਈ ਇਤਿਹਾਸਕ ਕੰਮ ਕੀਤੇ ਹਨ। ਆਪਣੀ ਪਹਿਲੀ ਕੈਬਨਿਟ ਮੀਟਿੰਗ ’ਚ ਹੀ ਉਨ੍ਹਾਂ ਨੌਜਵਾਨਾਂ ਲਈ 25000 ਨੌਕਰੀਆਂ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਹੀ ਟੋਲ ਫਰੀ ਨੰਬਰ ਜਾਰੀ ਕੀਤਾ, ਜਿਸ ਨਾਲ ਭ੍ਰਿਸ਼ਟ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਅੰਦਰ ਤੱਕ ਡਰ ਫ਼ੈਲ ਗਿਆ। ਆਉਣ ਵਾਲੇ ਸਮੇਂ ਵਿੱਚ ਮਾਨ ਸਰਕਾਰ ਹੋਰ ਵੀ ਨੌਕਰੀਆਂ ਦਾ ਐਲਾਨ ਕਰੇਗੀ ਅਤੇ ਇਤਿਹਾਸਕ ਫ਼ੈਸਲੇ ਲਵੇਗੀ।
No comments:
Post a Comment