ਐਸ ਏ ਐਸ ਨਗਰ, 31 ਮਈ : ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਧੀਨ “ਵਰਲਡ ਨੋ ਤੰਬਾਕੂ ਡੇ” ਵਿਸ਼ੇ ਤੇ ਜਿਲ੍ਹਾ ਐਸ.ਏ.ਐਸ. ਨਗਰ ਦੇ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 24 ਮਈ 2022 ਤੋਂ 30 ਮਈ 2022 ਤੱਕ 'ਐਂਟੀ ਤੰਬਾਕੂ ਕੈਂਪੇਨ' ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੀ ਵਰਤੋਂ ਨਾਲ ਮਨੁੱਖੀ ਸ਼ਰੀਰ ਤੇ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਪੋਸਟਰ, ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਕੈਂਪੇਨ ਦੀ ਸਮਾਪਤੀ ਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੇਰਾਬਸੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵਲੋਂ ਸਾਲ 1987 ਤੋਂ ਹਰ ਸਾਲ 31 ਮਈ ਨੂੰ “ਨੋ ਤੰਬਾਕੂ ਡੇਅ' ਮਨਾਇਆ ਜਾਂਦਾ ਹੈ। ਉਨ੍ਹਾਂ ਵਲੋਂ ਤੰਬਾਕੂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਇਸ ਨਾਲ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਹੋਣ ਦਾ ਖਤਰਾ ਵਧ ਜਾਂਦਾ ਹੈ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਤੰਬਾਕੂ ਦੀ ਵਰਤੋਂ ਕਾਰਨ ਮਨੁੱਖੀ ਸਰੀਰ ਤੇ ਪੈਣ ਵਾਲੇ ਨਕਾਰਾਤਮਿਕ ਪ੍ਰਭਾਵਾਂ ਨੂੰ ਰੋਕਣ ਲਈ ਸਰਕਾਰ ਵਲੋਂ ਸਮੂਹਿਕ ਥਾਵਾਂ ਤੇ ਕਾਨੂੰਨ ਰਾਹੀਂ ਪਾਬੰਦੀ ਲਗਾਈ ਗਈ ਹੈ ਅਤੇ ਨਾਬਾਲਗ ਬੱਚਿਆਂ ਨੂੰ ਤੰਬਾਕੂ ਨਾਲ ਸਬੰਧਤ ਵਸਤਾਂ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਇਸੇ ਤਰਾਂ ਵਿਦਿਅਕ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਵੇਚਣ ਤੇ ਵੀ ਸਰਕਾਰ ਵਲੋਂ ਪਾਬੰਦੀ ਲਗਾਈ ਗਈ ਹੈ।
ਇਸ ਸਮੇਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਲਕਾ ਮੋਂਗਾ ਅਤੇ ਸਕੂਲ ਦੇ ਹੋਰ ਅਧਿਆਪਕ ਵੀ ਹਾਜ਼ਰ ਸਨ।
No comments:
Post a Comment