ਐਸ ਏ ਨਗਰ, 24 ਮਈ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ’ਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹਾ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਆਦਰਸ਼ਪਾਲ ਕੌਰ ਨੇ ਰੂਟੀਨ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ ਅਤੇ ਵੱਖ-ਵੱਖ ਕਮਰਿਆਂ ਵਿਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦਸਿਆ ਕਿ ਸਾਰਾ ਸਟਾਫ਼ ਡਿਊਟੀ ’ਤੇ ਹਾਜ਼ਰ ਸੀ। ਸਿਵਲ ਸਰਜਨ ਨੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਜਿਨ੍ਹਾਂ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ।
ਜ਼ਿਲ੍ਹੇ ਦੇ ਮੁੱਖ ਸਿਹਤ ਅਧਿਕਾਰੀ ਨੇ ਡਾਕਟਰਾਂ ਸਮੇਤ ਸਮੁੱਚੇ ਸਟਾਫ਼ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਪੂਰੀ ਤਰਜੀਹ ਦਿਤੀ ਜਾਵੇ ਅਤੇ ਉਨ੍ਹਾਂ ਦੀ ਜਾਂਚ ਤੇ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਚੀ ਬਣਾਉਣ ਸਮੇਤ ਬਾਕੀ ਕਾਗ਼ਜ਼ੀ ਕਾਰਵਾਈ ਬਾਅਦ ਵਿਚ ਵੀ ਮੁਕੰਮਲ ਕੀਤੀ ਜਾ ਸਕਦੀ ਹੈ ਪਰ ਪਹਿਲੀ ਕੰਮ ਮਰੀਜ਼ ਨੂੰ ਸੰਭਾਲਣਾ ਅਤੇ ਇਲਾਜ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਸਾਰੇ ਕਮਰਿਆਂ ਅਤੇ ਵਿਹੜੇ ਵਿਚ ਸਾਫ਼-ਸਫ਼ਾਈ ਵਲ ਹੋਰ ਧਿਆਨ ਦੇਣ ਦੀ ਲੋੜ ’ਤੇ ਵੀ ਜ਼ੋਰ ਦਿਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਜਿਸ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਸਿਵਲ ਸਰਜਨ ਨੇ ਮੈਡੀਕਲ ਅਫ਼ਸਰਾਂ ਤੇ ਹੋਰ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ। ਜੇ ਕਦੇ ਕੋਈ ਅਣਸੁਖਾਵੀਂ ਸਥਿਤੀ ਪੈਦਾ ਹੋ ਜਾਂਦੀ ਹੈ ਤਾਂ ਵੀ ਮਰੀਜ਼ਾਂ ਪ੍ਰਤੀ ਹਲੀਮੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਅਹਿਮੀਅਤ ਰੱਖਦਾ ਹੈ। ਜੇ ਦੋਹਾਂ ਵਿਚਾਲੇ ਸਾਂਝ ਹੈ ਤਾਂ ਸਹੀ ਅਤੇ ਮਿਆਰੀ ਇਲਾਜ ਵਿਚ ਮਦਦ ਮਿਲਦੀ ਹੈ। ਜਦ ਡਾਕਟਰ ਮਰੀਜ਼ ਪ੍ਰਤੀ ਹਮਦਰਦੀ ਵਿਖਾਏਗਾ ਤਾਂ ਮਰੀਜ਼ ਅਪਣੀ ਬੀਮਾਰੀ ਬਾਰੇ ਚੰਗੀ ਤਰ੍ਹਾਂ ਖੁਲ੍ਹ ਕੇ ਦੱਸ ਸਕਦਾ ਹੈ ਜਿਸ ਨਾਲ ਉਸ ਦਾ ਛੇਤੀ ਇਲਾਜ ਸੰਭਵ ਹੈ।
No comments:
Post a Comment