ਪੰਜਾਬ ਸਰਕਾਰ ਨੇ ਕਿਸਾਨੀ ਮੰਗਾਂ ਨੂੰ ਅਣਗੌਲੇ ਕੀਤਾ : ਬੀਬੀ ਰਾਜਵਿੰਦਰ ਕੌਰ ਰਾਜੂ
ਮੁਹਾਲੀ 17 ਮਈ : ਪੰਜਾਬ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਅੱਜ 17 ਮਈ ਤੋਂ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਦਾ ਕਿਸਾਨ ਮੋਰਚਾ ਲਾਉਣ ਲਈ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਕਿਸਾਨ ਵੱਡੀ ਗਿਣਤੀ ਵਿੱਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ, ਫੇਸ ਸੱਤ ਨੇੜਲੇ ਗਰਾਊਂਡ ਵਿਚ ਇਕੱਠੇ ਹੋਏ ਹਨ ਉਥੇ ਨਾਲ ਹੀ ਔਰਤਾਂ ਦੀ ਭਲਾਈ ਅਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਸੰਘਰਸ਼ਸ਼ੀਲ ਮਹਿਲਾ ਕਿਸਾਨ ਯੂਨੀਅਨ ਦਾ ਇੱਕ ਜਥਾ ਵੀ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਦੀ ਅਗਵਾਈ ਹੇਠ ਇਸ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਇਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾ ਕਿਸਾਨ ਬੀਬੀ ਰਾਜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਕੇਂਦਰ ਦੀ ਕਿਸਾਨ ਵਿਰੋਧੀ ਨਰੇਂਦਰ ਮੋਦੀ ਸਰਕਾਰ ਵਾਂਗ ਸੂਬੇ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲੇ ਕੀਤਾ ਜਾ ਰਿਹਾ ਹੈ ਜਿਸ ਕਰਕੇ ਸੂਬੇ ਵਿੱਚ ਕਰਜ਼ੇ ਦੇ ਬੋਝ ਹੇਠਾਂ ਦਬੇ ਕਿਸਾਨਾਂ ਦੀਆਂ ਨਿੱਤ ਦਿਹਾੜੇ ਆਤਮ ਹੱਤਿਆਵਾਂ ਨਿਰੰਤਰ ਹੋ ਰਹੀਆਂ ਹਨ ਪਰ ਆਪ ਦੀ ਸਰਕਾਰ ਦੇ ਕੰਨਾਂ ਉਤੇ ਜੂੰ ਵੀ ਨਹੀਂ ਸਰਕ ਰਹੀ। ਇਸ ਰੋਸ ਵਜੋਂ ਹੀ ਪੰਜਾਬ ਦੇ ਕਿਸਾਨ ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਇਹ ਕਿਸਾਨ ਮੋਰਚਾ ਲਾਉਣ ਲਈ ਮਜਬੂਰ ਹੋਏ ਹਨ।
ਮਹਿਲਾ ਨੇਤਾ ਨੇ ਕਿਹਾ ਕਿ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਅਤੇ ਫੋਕੇ ਵਾਅਦੇ ਕਰਕੇ ਸੱਤਾ ਵਿਚ ਆਈ ਮਾਨ ਸਰਕਾਰ ਦੇ ਰਾਜ ਦੌਰਾਨ ਵੀ ਨਸ਼ਿਆਂ ਦਾ ਛੇਵਾਂ ਦਰਿਆ ਬਾਦਸਤੂਰ ਵਗ ਰਿਹਾ ਹੈ ਜੋ ਨੌਜਵਾਨੀ ਨੂੰ ਨਿੱਤ ਨਿਗਲ ਰਿਹਾ ਹੈ ਪਰ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਲਾਣਾ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਦੀ ਥਾਂ ਫੋਕੇ ਐਲਾਨਾਂ ਅਤੇ ਇਸ਼ਤਿਹਾਬਾਜ਼ੀ ਰਾਹੀਂ ਜਨਤਾ ਦਾ ਧਿਆਨ ਭਟਕਾ ਰਿਹਾ ਹੈ।
No comments:
Post a Comment