SBP GROUP

SBP GROUP

Search This Blog

Total Pageviews

ਪੀ.ਐਚ.ਸੀ. ਬੂਥਗੜ੍ਹ ਅਧੀਨ ਪਿੰਡਾਂ ਵਿਚ ਜਾਰੀ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ

  ਐਸ.ਏ.ਐਸ ਨਗਰ / ਬੂਥਗੜ੍ਹ,  20 ਮਈ :  ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁੱਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਸਕੂਲਾਂ ਵਿਚ ਜਾ ਕੇ ਡੇਂਗੂ ਬੁਖ਼ਾਰ ਦੇ ਲੱਛਣਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਬੱਚਿਆਂ ਨੂੰ ਜਾਣਕਾਰੀ ਦੇ ਰਹੀਆਂ ਹਨ, ਉਥੇ ਪਿੰਡ-ਪਿੰਡ ਜਾ ਕੇ ਸਰਪੰਚਾਂ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ ਤੇ ਇਸ ਬਾਰੇ ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।




         ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਇਸ ਬੀਮਾਰੀ ’ਤੇ ਕਾਬੂ ਪਾਉਣ ਲਈ ਡਟੀਆਂ ਹੋਈਆਂ ਹਨ ਪਰ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ।

      ਐਸ.ਐਮ.ਓ. ਨੇ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਇਲਾਕੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
     ਇਸ ਮੌਕੇ ਡਾ. ਹਰਮਨ  ਮਾਹਲ, ਡਾ .ਅਰੁਣ ਬਾਂਸਲ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਪਿ੍ਰਤਪਾਲ ਸਿੰਘ ਆਦਿ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ
     ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ,ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

No comments:


Wikipedia

Search results

Powered By Blogger