Thursday, May 19, 2022

ਦੁਕਾਨਦਾਰਾਂ ਨੂੰ ਕੋਟਪਾ ਕਾਨੂੰਨ ਬਾਰੇ ਵੀ ਜਾਗਰੂਕ ਕੀਤਾ ਗਿਆ : ਸਿਵਲ ਸਰਜਨ

ਐਸ.ਏ.ਐਸ ਨਗਰ ,19 ਮਈ : ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੇ ਪੱਧਰ ’ਤੇ ਤੰਬਾਕੂ ਰੋਕਥਾਮ ਕਾਰਵਾਈ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਲਗਭਗ 220 ਦੁਕਾਨਾਂ,ਰੇਹੜੀਆਂ-ਫੜ੍ਹੀਆਂ ’ਤੇ ਛਾਪੇ ਮਾਰੇ ਅਤੇ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਵਾਲਿਆਂ ਦੇ 100 ਚਾਲਾਨ ਕੱਟੇ। ਜ਼ਿਲ੍ਹਾ ਸਿਹਤ ਵਿਭਾਗ ਦੇ ਤੰਬਾਕੂ ਰੋਕਥਾਮ ਵਿੰਗ ਦੀਆਂ 9 ਟੀਮਾਂ ਨੇ ਮੋਹਾਲੀ ਸ਼ਹਿਰ, ਡੇਰਾਬੱਸੀ, ਘੜੂੰਆਂ, ਬੂਥਗੜ੍ਹ, ਕੁਰਾਲੀ, ਖਰੜ, ਲਾਲੜੂ, ਢਕੋਲੀ, ਬਨੂੜ ਵਿਚ ਬੀਤੇ 10 ਦਿਨਾਂ ਦੌਰਾਨ ਦੁਕਾਨਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਮੌਕੇ ’ਤੇ 18 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲ ਕੀਤਾ। ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਦੇ ਦੋਸ਼ ਹੇਠ 8 ਚਾਲਾਨ ਕੀਤੇ ਗਏ।


                ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਤੰਬਾਕੂ ਰੋਕਥਾਮ ਵਿੰਗ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਨਵਦੀਪ ਸਿੰਘ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ, 2003 (ਕੋਟਪਾ) ਵੱਖ ਵੱਖ ਟੀਮਾਂ ਨੇ ਕਰਿਆਨਾ ਅਤੇ ਕਨਫ਼ੈਕਸ਼ਨਰੀ ਦੀਆਂ ਦੁਕਾਨਾਂ ਵਿਚ ਜਾਂਚ ਕੀਤੀ ਅਤੇ ਜਿਥੇ ਕਿਤੇ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ, ਉਥੇ ਚਾਲਾਨ ਕਟਦਿਆਂ ਮੌਕੇ ’ਤੇ ਜੁਰਮਾਨਾ ਵਸੂਲ ਕੀਤਾ ਗਿਆ। ਜਾਂਚ ਦੌਰਾਨ ਵੇਖਿਆ ਗਿਆ ਕਿ ਕਈ ਕਰਿਆਨਾ ਅਤੇ ਕਨਫ਼ੈਕਸ਼ਨਰੀ ਦੁਕਾਨਾਂ ’ਤੇ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕਾਨੂੰਨ ਦੀ ਉਲੰਘਣਾ ਹੈ। ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ। ਕੁਝ ਦੁਕਾਨਾਂ ’ਤੇ ਵਿਦੇਸ਼ੀ ਸਿਗਰਟਾਂ ਦੇ ਪੈਕੇਟ ਬਰਾਮਦ ਕੀਤੇ ਗਏ ਜਿਨ੍ਹਾਂ ਉਤੇ ਕੋਈ ਚੇਤਾਵਨੀ ਚਿੰਨ੍ਹ ਨਹੀਂ ਸੀ।


              ਅਧਿਕਾਰੀਆਂ ਨੇ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿਥੇ ਲਗਾਤਾਰ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦੱਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ। ਚਾਲਾਨ ਦੀ ਕਾਰਵਾਈ ਕਰਦਿਆਂ ਦੁਕਾਨਦਾਰਾਂ ਅਤੇ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿਤੀ ਗਈ। ਉਨ੍ਹਾਂ ਸਕੂਲ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇ ਸਕੂਲ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਵੇਚਣ ਵਾਲੀ ਦੁਕਾਨ ਹੈ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਕਿਉਂਕਿ ਕਾਨੂੰਨ ਮੁਤਾਬਕ ਸਕੂਲ ਲਾਗੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਕਾਨੂੰਨ ਦੇ ਘੇਰੇ ਵਿਚ ਰਹਿ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਕਿ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger