ਸੰਗਰੂਰ, 23 ਜੂਨ : ਸੰਗਰੂਰ ਜ਼ਿਮਨੀ ਚੋਣ ਵਿੱਚ ਆਪਣੀ ਜਿੱਤ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਪੂਰੀ ਤਰ੍ਹਾਂ ਆਸਵੰਦ ਹਨ। ਵੀਰਵਾਰ ਨੂੰ ਵੋਟਾਂ ਪੈਣ ਤੋਂ ਬਾਅਦ ਗੁਰਮੇਲ ਸਿੰਘ ਘਰਾਚੋਂ ਨੇ ਜਾਰੀ ਕੀਤੇ ਬਿਆਨ ਰਾਹੀਂ ਦਾਅਵਾ ਕੀਤਾ ਕਿ ਸੰਗਰੂਰ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ‘ਝਾੜੂ’ ਦੇ ਨਿਸ਼ਾਨ ’ਤੇ ਵੋਟਾਂ ਪਾਈਆਂ ਹਨ ਅਤੇ ਇਸ ਰੁਝਾਨ ਨੂੰ ਦੇਖਦਿਆਂ ਸਾਬਤ ਹੁੰਦਾ ਹੈ ਕਿ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਜਿੱਤ ਦਾ ਐਲਾਨ ਚੋਣ ਕਮਿਸ਼ਨ ਵੱਲੋਂ 26 ਜੂਨ ਨੂੰ ਸਰਕਾਰੀ ਤੌਰ ’ਤੇ ਕਰਨਾ ਹੀ ਬਾਕੀ ਰਹਿ ਗਿਆ ਹੈ।
ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਤਿੰਨ ਮਹੀਨਿਆਂ ਦੇ ਕੰਮਾਂ ’ਤੇ ਵਿਸ਼ਵਾਸ਼ ਪ੍ਰਗਟ ਕੀਤਾ ਹੈ। ਚੋਣ ਪ੍ਰਚਾਰ ਦੌਰਾਨ ਜਿੱਥੇ ਵੀ ਗਏ ਹਾਂ, ਲੋਕਾਂ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਅਤੇ ਮਾਫੀਆ ਵਿਰੋਧੀ ਕਾਰਵਾਈਆਂ ’ਤੇ ਖੁਸ਼ੀ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਇਸ ਜ਼ਿਮਨੀ ਚੋਣ ’ਚ ਵੀ ਆਮ ਆਦਮੀ ਪਾਰਟੀ ਦੀ ਇੱਕ ਤਰਫ਼ਾ ਜਿੱਤ ਹੋਵੇਗੀ। ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕਿਸੇ ਵੀ ਥਾਂ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਿੱਚ ਨਹੀਂ ਹਨ ਅਤੇ ਇਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੀਆਂ ਜ਼ਮਾਨਤਾਂ ਜ਼ਬਤ ਹੋਣ ਦੀ ਚਿੰਤਾ ਹੋ ਰਹੀ ਹੈ।
No comments:
Post a Comment