ਚੰਡੀਗੜ੍ਹ, 08 ਜੂਨ : ਆਮ ਆਦਮੀ ਪਾਰਟੀ (ਆਪ) ਦੀ ਆਗੂ ਅਤੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਮਾਨਸਾ ਮੰਡੀ ਪਹੁੰਚੇ। ਕੈਬਨਿਟ ਮੰਤਰੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਮਰਹੂਮ ਗਾਇਕ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਸਮੇਂ ਉਨ੍ਹਾਂ ਦੇ ਨਾਲ ‘ਆਪ’ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਲੀ, ਵਿਧਾਇਕਾ ਨਰਿੰਦਰ ਕੌਰ ਭਰਾਜ, ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਬਲਕਾਰ ਸਿੱਧੂ ਵੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ। ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੇ ਸ਼ੋਕ ਸੰਦੇਸ਼ ਨੂੰ ਪਰਿਵਾਰ ਨਾਲ ਸਾਂਝਾ ਕੀਤਾ ਅਤੇ ਪੰਜਾਬ ਸਰਕਾਰ ਤਰਫ਼ੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।
ਕੈਬਨਿਟ ਮੰਤਰੀ ਨੇ ਕਿਹਾ, ‘ਸਿੱਧੂ ਮੂਸੇਵਾਲਾ ਦੇ ਚਲੇ ਜਾਣ ਨਾਲ ਪੰਜਾਬੀ ਗਾਇਕੀ ਅਤੇ ਸਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀ ਹੱਤਿਆ ’ਚ ਸ਼ਾਮਲ ਸਾਜ਼ਿਸਕਾਰਾਂ ਅਤੇ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਮਿਲੇਗੀ ਅਤੇ ਕਾਤਲ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।’
ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ੋਕ ਸੰਦੇਸ਼:-
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਇਸ ਦੁੱਖੀ ਘੜੀ ਵਿਚ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਲਿਖਿਆ, ‘‘ਸਤਿਕਾਰਯੋਗ ਸਰਦਾਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਜੀ, ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ਵਿਚ ਆਪ ਜੀ ਦੇ ਹੋਣਹਾਰ ਸਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁੱਖ ਦੀ ਇਸ ਘੜੀ ਵਿੱਚ ਮੈਂ ਆਪ ਜੀ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਸ਼ਰੀਕ ਹੁੰਦਾ ਹੋਇਆ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ।
ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਜਿੱਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਇਕ ਡੂੰਘਾ ਸਦਮਾ ਅਤੇ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ।
ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।
ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ।"
No comments:
Post a Comment