ਐਸ.ਏ.ਐਸ ਨਗਰ,01 ਜੁਲਾਈ : ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਜਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਵਾਉਂਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਦੇ ਨਿਰਦੇਸ਼ਾ ਅਨੁਸਾਰ ਮੁਹਾਲੀ ਦੇ ਐਸ.ਡੀ.ਐਮ ਸ੍ਰੀ ਹਰਬੰਸ ਸਿੰਘ ਅਗਵਾਈ ਵਿੱਚ ਗਠਿਤ ਟੀਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਰੀਆਂ ਵੱਲੋਂ 3ਬੀ2 ਦੀ ਮਾਰਕਿਟ ਵਿੱਚ ਵੱਖ-ਵੱਖ ਥਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ । ਚੈਕਿੰਗ ਟੀਮ ਵੱਲੋਂ ਪਲਾਸਟਿਕ ਕੈਰੀਬੈਗ ਦੀ ਵਰਤੋਂ ਕਰਨ ਵਾਲੇ ਕਈ ਦੁਕਾਨਦਾਰਾਂ ਦੇ ਮੌਕੇ ਤੇ ਚਲਾਨ ਵੀ ਕੀਤੇ ਗਏ ਅਤੇ ਵਪਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਪਲਾਸਟਿਕ ਤੋਂ ਬਣੀਆਂ ਵਸਤਾਂ ਦੀ ਵਰਤੋਂ ਬੰਦ ਕਰਨ ਦੀ ਹਦਾਇਤ ਕੀਤੀ ਗਈ ।
ਜਾਣਕਾਰੀ ਦਿੰਦੇ ਹੋਏ ਮੁਹਾਲੀ ਦੇ ਐਸ.ਡੀ.ਐਮ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਤੇ ਪੂਰਨ ਪਾਬੰਧੀ ਦੇ ਹੁਕਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਵਾਉਂਣ ਲਈ ਅੱਜ ਮੋਹਾਲੀ ਦੀਆਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ,ਕਾਂਟੇ,ਚਮਚੇ, ਚਾਕੂ, ਪਾਈਪ,ਟ੍ਰੇ,ਮਿਠਾਇਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀ.ਵੀ.ਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਿੱਕਰ ਦੀ ਮੈਨੂਫੈਕਚਰਿੰਗ, ਇਮਪੋਰਟ, ਸਟੋਕਿੰਗ, ਡਿਸਟਰੀਬਿਊਸ਼ਨ, ਵਿਕਰੀ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਗਈ ਹੈ ਇਨ੍ਹਾਂ ਦੀ ਵਰਤੋਂ ਕਰਨ ਵਾਲੇ ਦੁਕਾਨਾਦਾਰਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਪਲਾਸਟਿਕ ਦਾ ਸਮਾਨ ਪ੍ਰਸਾਸ਼ਨ ਦੁਆਰਾ ਜ਼ਬਤ ਵੀ ਕੀਤਾ ਜਾ ਸਕਦਾ ਹੈ ।
ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਦੁਕਾਨਾਂ ਦੇ ਮਾਲਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋ ਗੁਰੇਜ਼ ਕਰਨ ਲਈ ਕਿਹਾ ਗਿਆ ਹੈ । ਉਨ੍ਹਾਂ ਦੁਕਾਨਦਾਰਾ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪ੍ਰਸ਼ਾਸਨਿਕ ਟੀਮਾਂ ਲਗਾਤਾਰ ਚੈਕਿੰਗ ਕਰਦੀਆਂ ਰਹਿਣਗੀਆ ਜੇਕਰ ਕੋਈ ਵੀ ਦੁਕਾਨਦਾਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਦਾ ਪਾਇਆ ਜਾਦਾ ਹੈ ਤਾਂ ਉਸ ਤੇ ਕਾਰਵਾਈ ਕੀਤੀ ਜਾਵੇਗੀ ।
ਇਸ ਮੌਕੇ ਐਮ.ਸੀ ਮੋਹਾਲੀ ਡਾ ਤਮੰਨਾ, ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਪਿਊਸ਼ ਜਿੰਦਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
No comments:
Post a Comment