SBP GROUP

SBP GROUP

Search This Blog

Total Pageviews

ਮੁਕਾਬਲਿਆਂ ਵਿੱਚ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਦੇ ਕੁੱਲ 312 ਵਿਦਿਆਰਥੀਆਂ ਨੇ ਭਾਗ ਲੈ ਕੇ ਕਾਇਮ ਕੀਤੀ ਨਵੀਂ ਮਿਸਾਲ

 ਐਸ ਏ ਐਸ ਨਗਰ 27 ਅਗਸਤ :   ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 26.08.2022 ਨੂੰ ਸੇਂਟ ਸੋਲਜਰ ਕੌਨਵੈਂਟ ਸਕੂਲ, ਫ਼ੇਜ਼ 7, ਮੋਹਾਲੀ ਵਿਖੇ ਦਸਵੀਂ ਜਮਾਤ ਤੱਕ ਪੜ੍ਹਨ ਵਾਲੇ ਵਿਦਿਆਰਥੀਆਂ ਦੇ 'ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ' ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ, ਕਵਿਤਾ ਰਚਨਾ, ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਸ਼ਾਮਲ ਸਨ।  ਮੋਹਾਲੀ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਦੇ 312 ਵਿਦਿਆਰਥੀਆਂ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਜਿਸ ਵਿੱਚ ਕਵਿਤਾ ਗਾਇਨ ਮੁਕਾਬਲੇ ਲਈ 122 ਵਿਦਿਆਰਥੀ, ਲੇਖ ਰਚਨਾ ਲਈ 100 ਵਿਦਿਆਰਥੀ, ਕਹਾਣੀ ਰਚਨਾ ਲਈ 62 ਵਿਦਿਆਰਥੀ ਅਤੇ ਕਵਿਤਾ ਰਚਨਾ ਲਈ 28 ਵਿਦਿਆਰਥੀ ਸ਼ਾਮਲ ਸਨ ।   


ਮੁਕਾਬਲੇ ਸ਼ੁਰੂ ਕਰਨ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ , ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ 'ਜੀ ਆਇਆਂ ਨੂੰ' ਕਿਹਾ ਗਿਆ।  ਐਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਇਨ੍ਹਾਂ ਮੁਕਾਬਲਿਆਂ ਲਈ  ਮੋਹ ਵਿਖਾਉਣ ਲਈ ਡਾ. ਬੋਹਾ ਵੱਲੋਂ ਇਸ ਨੂੰ ਪੰਜਾਬੀ ਮਾਂ ਬੋਲੀ ਲਈ ਸੁਨਹਿਰੇ ਭਵਿੱਖ ਲਈ ਨਵੀਂ ਆਸ ਦੀ ਸੁਨਿਹਰੀ ਕਿਰਨ  ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੁਆਰਾ ਤਿਆਰੀ ਕਰਵਾ ਕੇ ਭੇਜਣਾ ਸਲਾਹੁਣਯੋਗ ਕਦਮ ਹੈ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਸਰਗਰਮੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਵਿਦਿਆਰਥੀਆਂ ਅੰਦਰ ਪੁਸਤਕ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨਰੋਏ ਜੀਵਨ ਮੁੱਲਾਂ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਵਿਦਿਆਰਥੀਆਂ ਅੰਦਰ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ  ਉਤਸ਼ਾਹ ਵੇਖਣ ਵਾਲਾ ਸੀ।  ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਕਵਿਤਾ ਗਾਇਨ ਲਈ ਨੰਦ ਲਾਲ ਨੂਰਪੁਰੀ, ਧਨੀ ਰਾਮ ਚਾਤ੍ਰਿਕ, ਭਾਈ ਵੀਰ ਸਿੰਘ, ਸ਼ਿਵ ਕੁਮਾਰ ਬਟਾਲਵੀ, ਕਰਤਾਰ ਸਿੰਘ ਬਲੱਗਣ, ਅੰਮ੍ਰਿਤਾ ਪ੍ਰੀਤਮ, ਸੁਰਜੀਤ ਪਾਤਰ, ਗੁਰਭਜਨ ਸਿੰਘ, ਸੁਲੱਖਣ ਸਰਹੱਦੀ, ਗੁਰਤੇਜ ਕੋਹਾਰਵਾਲਾ, ਮਨਜੀਤ ਇੰਦਰਾ ਦੀਆਂ ਕਵਿਤਾਵਾਂ ਨੂੰ ਵਿਦਿਆਰਥੀਆਂ ਦੁਆਰਾ ਮੰਚ ਤੋਂ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਕਵਿਤਾ ਰਚਨਾ ਮੁਕਾਬਲੇ (300 ਸ਼ਬਦ) ਲਈ ਮੌਕੇ 'ਤੇ ‘ਰਾਤੀਂ ਮੈਨੂੰ ਸੁਫ਼ਨਾ ਆਇਆ’ ਅਤੇ ‘ਐ ਪੰਜਾਬ’, ਲੇਖ ਰਚਨਾ ਮੁਕਾਬਲੇ (600 ਸ਼ਬਦ) ਲਈ ‘ਮੇਰਾ ਨਾਇਕ ਕੌਣ?’ ਅਤੇ ‘ਇਹੁ ਧਰਤ ਸੁਹਾਵੀ’ ਅਤੇ ਕਹਾਣੀ ਰਚਨਾ ਮੁਕਾਬਲੇ (600 ਸ਼ਬਦ) ਲਈ ‘ਮੈਂ ਇੰਞ ਨਹੀਂ ਹੋਣ ਦਿਆਂਗੀ’ ਅਤੇ ‘ਉਹ ਦਿਨ ਨਹੀਂ ਭੁੱਲਦਾ’ ਵਿਸ਼ੇ ਦਿੱਤੇ ਗਏ। ਸਾਰੀਆਂ ਹੀ ਵਿਧਾਵਾਂ ਵਿੱਚ ਜ਼ਬਰਦਸਤ ਮੁਕਾਬਲਾ ਅਤੇ ਰੌਚਿਕਤਾ ਵੇਖਣ ਵਾਲੀ ਸੀ। ਇਹਨਾਂ ਬੱਚਿਆਂ ਦੇ ਕੱਦ ਭਾਵੇਂ ਨਿੱਕੇ ਸਨ ਪਰ ਜਿੱਤਾਂ ਲਈ  ਹੌਸਲੇ ਵੱਡੇ ਸਨ। ਕਵਿਤਾ ਰਚਨਾ ਵਿੱਚ ਪਹਿਲਾ ਸਥਾਨ ਹੰਸਿਕਾ ਮੇਹਰ, ਦੂਜਾ ਸਥਾਨ ਰੁਸ਼ਨੀਤ ਕੌਰ ਅਤੇ ਤੀਜਾ ਸਥਾਨ ਸਪੀਨਾ ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿੱਚ ਪਹਿਲਾ ਸਥਾਨ ਨਿਹਾਰਕਾ ਸ਼ਰਮਾ, ਦੂਜਾ ਸਥਾਨ ਕਿੰਜਲ ਖ਼ਾਸ ਅਤੇ ਤੀਜਾ ਸਥਾਨ  ਆਨਿਆ ਸ਼ਰਮਾ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਅਨੀਸ਼ਾ ਪਾਂਡੇ, ਦੂਜਾ ਸਥਾਨ ਕੋਮਲਪ੍ਰੀਤ ਕੌਰ ਅਤੇ ਤੀਜਾ ਸਥਾਨ ਅੰਤਰਜੋਤ ਸਿੰਘ ਨੇ ਪ੍ਰਾਪਤ ਕੀਤਾ। ਮੁਕਾਬਲਿਆਂ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ, ਸ਼੍ਰੀਮਤੀ ਕੰਚਨ ਸ਼ਰਮਾ (ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਾਲੀ), ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ, ਇੰਸਟ੍ਰਕਟਰ ਜਤਿੰਦਰਪਾਲ ਸਿੰਘ ਅਤੇ ਮੁਕਾਬਲਿਆਂ ਦੇ ਜੱਜਾਂ ਵੱਲੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000/-, 750/-, 500/- ਰੁਪਏ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਹਰ ਵਿਦਿਆਰਥੀ ਨੂੰ  ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ  ਵੱਲੋਂ ਭਾਗੀਦਾਰੀ ਦਾ ਪ੍ਰਮਾਣ ਪੱਤਰ ਵੀ  ਦਿੱਤਾ ਗਿਆ। ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ ਵਿਦਿਆਰਥੀ  ਹੁਣ ਪਟਿਆਲੇ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਮੁਕਾਬਲਿਆਂ ਦੌਰਾਨ ਜੱਜਮੈਂਟ ਲਈ ਸ਼੍ਰੀ ਸਤਪਾਲ ਭੀਖੀ,  ਡਾ. ਪੁਸ਼ਪਿੰਦਰ ਕੌਰ, ਪ੍ਰੋ. ਗੁਰਜੋਧ ਕੌਰ, ਸ਼੍ਰੀ ਰਾਬਿੰਦਰ ਸਿੰਘ ਰੱਬੀ, ਸ਼੍ਰੀਮਤੀ ਸੁਖਵਿੰਦਰ ਕੌਰ, ਸ਼੍ਰੀ ਸੁਖਜੀਵਨ ਸਿੰਘ ਵੱਲੋਂ ਸਾਰਥਕ ਭੂਮਿਕਾ ਨਿਭਾਈ ਗਈ। ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀਮਤੀ ਜਗਜੀਤ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਦੌਰਾਨ ਸ਼੍ਰੀ ਹਰਨੇਕ ਸਿੰਘ (ਡੀ.ਐੱਮ. ਪੰਜਾਬੀ), ਸ਼੍ਰੀ ਹਰਿੰਦਰ ਸਿੰਘ (ਬੀ.ਐੱਮ. ਪੰਜਾਬੀ), ਵਿਦਿਆਰਥੀਆਂ ਦੇ ਮਾਪੇ ਅਤੇ ਜ਼ਿਲ੍ਹੇ ਦੀਆਂ ਹੋਰ ਅਦਬੀ ਸ਼ਖਸ਼ੀਅਤਾਂ ਵੀ ਹਾਜ਼ਰ ਸਨ।

No comments:


Wikipedia

Search results

Powered By Blogger