ਚੰਡੀਗੜ੍ਹ, 15 ਅਗਸਤ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਖੁੱਲ੍ਹਣ 'ਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਸੂਬੇ ਦੇ ਹਰ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹੇਗੀ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਇਹ ਤਾਂ ਸ਼ੁਰੂਆਤ ਹੈ। ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।"
'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਨੂੰ ਮੁਫ਼ਤ ਅਤੇ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।
ਵਿਰੋਧੀ ਧਿਰ ਨੂੰ ਆੜੇ ਹੱਥੀਂ ਲੈਂਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ‘ਆਪ’ ਸਰਕਾਰ ਦੀ ਕਾਰਜਸ਼ੈਲੀ ਵਿੱਚ ਫ਼ਰਕ ਹੈ। ਮਾਨ ਸਰਕਾਰ ਨੇ ਸਿਰਫ਼ 5 ਮਹੀਨਿਆਂ ਵਿੱਚ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਕੇ ਜਨਤਾ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ। ਜਲਦੀ ਹੀ ਹਰੇਕ ਪਿੰਡ ਵਿੱਚ ਹੋਰ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਲੋਕ ਆਪਣੇ ਘਰਾਂ ਨੇੜੇ ਮੁਫ਼ਤ ਅਤੇ ਵਧੀਆ ਇਲਾਜ ਕਰਵਾ ਸਕਣ।
ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਦੀ ਇਸ ਸਮਾਜ ਭਲਾਈ ਸਕੀਮ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਲਈ ਹੁਣ ਮੁਫ਼ਤ ਅਤੇ ਬਿਹਤਰ ਇਲਾਜ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਹੋਵੇਗਾ।
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਨੂੰ ਇੱਕ ਇਮਾਨਦਾਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਆਜ਼ਾਦੀ ਦਾ ਤੋਹਫ਼ਾ ਦੱਸਦਿਆਂ ਕਿਹਾ, ''ਅਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਤੁਹਾਨੂੰ ਸਾਰਿਆਂ ਨੂੰ ਬਹੁਤ ਬਹੁਤ ਮੁਬਾਰਕਾਂ। ਮਾਨ ਸਰਕਾਰ ਨੇ ਅੱਜ ਪੰਜਾਬੀਆਂ ਦੀ ਸੇਵਾ ਵਿੱਚ 75 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਇੱਕ ਇਮਾਨਦਾਰ ਸਰਕਾਰ ਦੁਆਰਾ ਇਹ ਆਪਣੇ ਲੋਕਾਂ ਨੂੰ ਆਜ਼ਾਦੀ ਦੇ ਜਸ਼ਨਾਂ ਦਾ ਤੋਹਫ਼ਾ ਹੈ। ਸਵਤੰਤਰ ਭਾਰਤ - ਇੱਕ ਸਿਹਤਮੰਦ ਭਾਰਤ ਦਾ ਸੁਪਨਾ ਹੁਣ ਸਾਕਾਰ ਹੋਵੇਗਾ।"
ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ, "ਜਿਵੇਂ ਕਿ ਭਾਰਤ ਆਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਅਸੀਂ ਪੰਜਾਬ ਵਿੱਚ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰ ਰਹੇ ਹਾਂ। ਮਿਆਰੀ ਪ੍ਰਾਇਮਰੀ ਹੈਲਥਕੇਅਰ ਤੱਕ ਪਹੁੰਚ ਭਾਰਤ ਦੇ ਸਿਹਤਮੰਦ ਅਤੇ ਮਜ਼ਬੂਤ ਹੋਣ ਦਾ ਆਧਾਰ ਹੈ।"
'ਆਪ' ਦੇ ਸੰਸਦ ਮੈਂਬਰ ਡਾ: ਸੰਦੀਪ ਪਾਠਕ ਨੇ ਕਿਹਾ, ''ਚੰਗੀ ਸਿਹਤ ਸੇਵਾਵਾਂ ਮਨੁੱਖੀ ਅਧਿਕਾਰ ਹਨ ਅਤੇ ਆਮ ਆਦਮੀ ਪਾਰਟੀ ਨੇ ਇਸ ਨੂੰ ਹਕੀਕਤ ਬਣਾ ਦਿੱਤਾ ਹੈ। ਦਿੱਲੀ ਦੀ ਤਰਜ਼ 'ਤੇ ਹੁਣ ਪੰਜਾਬ 'ਚ ਵੀ 75 ਆਮ ਆਦਮੀ ਕਲੀਨਿਕ ਸ਼ੁਰੂ ਹੋ ਗਏ ਹਨ। ਪੰਜਾਬੀਆਂ ਨੂੰ ਬਹੁਤ ਬਹੁਤ ਮੁਬਾਰਕਾਂ।''
No comments:
Post a Comment