ਚੰਡੀਗੜ੍ਹ, 18 ਅਗਸਤ : ਪੰਜਾਬ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖਿਰੀ ਵਿਖੇ ਧਰਨਾ ਪ੍ਰਦਰਸ਼ਨ ਕਰਨ ਲਈ ਪਹੁੰਚਣ 'ਤੇ ਆਮ ਆਦਮੀ ਪਾਰਟੀ (ਆਪ) ਨੇ ਇਸ ਮਾਮਲੇ 'ਚ ਇਨਸਾਫ਼ ਨੂੰ ਲੈ ਕੇ ਹੋ ਰਹੀ ਦੇਰੀ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲਿਆ। ਕਿਹਾ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੇ ਹਨ ਕਿਉਂਕਿ ਕਿਸਾਨਾਂ ਦੇ ਪੁਰਜ਼ੋਰ ਵਿਰੋਧ ਤੋਂ ਬਾਅਦ ਉਹਨਾਂ ਨੂੰ ਤਿੰਨ ਖੇਤੀ ਕਾਨੂੰਨ ਵਾਪਿਸ ਲੈਣੇ ਪਏ ਸਨ।
ਭਾਰਤੀ ਜਨਤਾ ਪਾਰਟੀ 'ਤੇ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਕਿਸਾਨਾਂ ‘ਤੇ ਝੂਠੇ ਕੇਸ ਦਰਜ ਕਰਕੇ ਇੱਕ ਸਾਲ ਤੋਂ ਉਹਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਜਦਕਿ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਆਪਣੀ ਕਾਰ ਨਾਲ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲ ਕੇ ਮਾਰ ਦਿੱਤਾ ਸੀ, ਅਤੇ ਉਹ ਆਜ਼ਾਦ ਘੁੰਮ ਰਿਹਾ ਹੈ।
ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜਵਾਬ ਮੰਗਿਆ ਕਿ ਅਜੇ ਤੱਕ ਅਜੈ ਮਿਸ਼ਰਾ ਟੇਨੀ ਨੂੰ ਮੰਤਰੀ ਮੰਡਲ 'ਚੋਂ ਬਾਹਰ ਦਾ ਰਸਤਾ ਕਯੀ ਨੀ ਦਿਖਾਇਆ ਗਿਆ। ਇਸ ਮਾਮਲੇ ਵਿੱਚ ਨਾ ਤਾਂ ਕਿਸਾਨਾਂ ਨੂੰ ਕੋਈ ਇਨਸਾਫ਼ ਮਿਲਿਆ ਅਤੇ ਨਾ ਹੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਕੋਈ ਠੋਸ ਕਾਨੂੰਨੀ ਕਾਰਵਾਈ ਕੀਤੀ ਗਈ। ਜਿਸ ਕਾਰਨ ਲਖੀਮਪੁਰ ਖਿਰੀ ਵਿੱਚ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਕੰਗ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਕੇਂਦਰ ਵਿਰੁੱਧ ਕਿਸਾਨਾਂ ਦੀ ਇਸ ਸੰਘਰਸ਼ ਵਿੱਚ ਹਮੇਸ਼ਾ ਉਹਨਾਂ (ਕਿਸਾਨਾਂ) ਨਾਲ ਖੜੀ ਹੈ।
ਕੰਗ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਕਿਹਾ ਸੀ ਕਿ ਇਕ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਕਿਸਾਨਾਂ ਦੀ ਨੁਮਾਇੰਦਗੀ ਹੋਵੇਗੀ। ਪਰ ਐਮ ਐਸ ਪੀ ਕਮੇਟੀ ਦੇ ਜੋ 23 ਮੈਂਬਰ ਹਨ ਉਹਨਾਂ ਨੇ ਕਿਸਾਨ ਅੰਦੋਲਨ ਦੌਰਾਨ ਤਿੰਨੋਂ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਸੀ। ਪੰਜਾਬ ਦੇ ਕਿਸਾਨਾਂ ਨੂੰ ਕਮੇਟੀ ਵਿੱਚ ਕੋਈ ਪ੍ਰਤੀਨਿਧਤਾ ਨਹੀਂ ਦਿੱਤੀ ਗਈ।
ਕੰਗ ਨੇ ਕਿਹਾ ਕਿ ਇਹ ਸਾਰੀਆਂ ਗੱਲਾਂ ਦਰਸਾਉਂਦੀਆਂ ਹਨ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕਰ ਰਹੇ ਹਨ। ਬਦਲੇ ਦੀ ਭਾਵਨਾ ਨਾਲ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਸਰਕਾਰਾਂ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਭਾਜਪਾ ਕਦੇ ਵੀ ਕਿਸਾਨ ਹਿਤੈਸ਼ੀ ਨਹੀਂ ਹੋ ਸਕਦੀ ਕਿਉਂਕਿ ਇਹ ਪੂੰਜੀਵਾਦੀਆਂ ਦੀ ਗੁਲਾਮ ਪਾਰਟੀ ਹੈ।
No comments:
Post a Comment