ਐਸ ਏ ਐਸ ਨਗਰ 23 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਦੇ ਪਿੰਡਾਂ ਦੇ ਟਿਕਾਊ ਵਿਕਾਸ ਲਈ ਅਤੇ ਪੰਚਾਇਤਾਂ ਨੂੰ ਆਤਮਨਿਰਭਰ ਬਣਾਉਣ ਲਈ ਦੋ ਰੋਜ਼ਾ ਕੌਮੀ ਵਰਕਸ਼ਾਪ 22 ਅਤੇ 23 ਅਗਸਤ ਨੂੰ ਕਰਵਾਈ ਗਈ। ਇਸ ਦੋ ਰੋਜਾ ਵਰਕਸ਼ਾਪ ਦਾ ਉਦਘਾਟਨ ਕੇਂਦਰੀ ਪੰਚਾਇਤ ਰਾਜ ਮੰਤਰੀ ਕਪਿਲ ਮਰੇਸ਼ਵਰ ਪਾਟਿਲ ਅਤੇ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਟਿਆਲਾ- ਜ਼ੀਰਕਪੁਰ ਰੋਡ ਤੇ ਸਥਿਤ ਕ੍ਰਿਸਟਲ ਰਿਜ਼ੌਰਟ ਵਿਖੇ ਕੀਤਾ।
ਇਸ ਦੋ ਰੋਜ਼ਾ ਕੌਮੀ ਵਰਕਸ਼ਾਪ ਵਿਚ ਪਹਿਲੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ, ਡਾ. ਬਲਜੀਤ ਕੌਰ, ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ, ਅਨਮੋਲ ਗਗਨ ਮਾਨ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਤੋਂ ਇਲਾਵਾ ਭਾਰਤ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲਾ ਦੇ ਸਕੱਤਰ ਸੁਨੀਲ ਕੁਮਾਰ, ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲਾ ਸਕੱਤਰ ਵਿਨੀ ਮਹਾਜਨ, ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਕੇ.ਸਿਵਾ ਪ੍ਰਸਾਦ ਅਤੇ ਪੰਚਾਇਤੀ ਰਾਜ ਮੰਤਰਾਲਾ ਭਾਰਤ ਸਰਕਾਰ ਦੇ ਸੰਯੁਕਤ ਸਕੱਤਰ ਰੇਖਾ ਯਾਦਵ ਨੇ ਵੀ ਹਿੱਸਾ ਲਿਆ।
ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਵਿੱਚ ਪੰਜਾਬ ਵੱਲੋਂ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ ।
ਇਸ ਦੋ ਰੋਜ਼ਾ ਕੌਮੀ ਵਰਕਸ਼ਾਪ ਦੇ ਦੂਜੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਪੰਚਾਇਤੀ ਰਾਜ ਦੇ ਨੁਮਾਇੰਦਿੰਆ ਵੱਲੋਂ ਉਨ੍ਹਾਂ ਦੇ ਪਿੰਡਾਂ ਵਿੱਚ ਪੰਚਾਇਤਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਬਾਰੇ ਵੱਖ ਵੱਖ ਪੇਸ਼ਕਾਰੀਆ ਅਤੇ ਵੀਡੀਓ ਦਿਖਾ ਕੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਅਤੇ ਪਿੰਡਾਂ ਨੂੰ ਆਤਮ ਨਿਰਭਰ ਬਨਾਉਣ ਸਬੰਧੀ ਕੀਤੇ ਜਾ ਰਹੇ ਕਾਰਜਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਲਗਾ ਕੇ ਦੂਜੇ ਰਾਜਾਂ ਨੂੰ ਜਾਣਕਾਰੀ ਦਿੱਤੀ ਗਈ । ਇਸ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਵੀ ਉਨ੍ਹਾਂ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਵੱਖ ਵੱਖ ਪੇਸ਼ਕਾਰੀਆ ਅਤੇ ਵੀਡੀਓ ਰਾਹੀਂ ਦਿਖਾਇਆ ਗਿਆ ।
ਸਮਾਗਮ ਦੇ ਸਮਾਪਤੀ ਸਮੇਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ ਅਤੇ ਡਾਇਰੈਕਟਰ ਗੁਰਮੀਤ ਸਿੰਘ ਖਹਿਰਾ ਵੱਲੋਂ ਵੱਖ ਵੱਖ ਰਾਜਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ।
No comments:
Post a Comment