Tuesday, October 18, 2022

ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਵੇਚੇ ਜਾਣ ਤੰਬਾਕੂ ਪਦਾਰਥ : ਸਿਵਲ ਸਰਜਨ

ਐਸ.ਏ.ਐਸ.ਨਗਰ, 18 ਅਕਤੂਬਰ :  ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਤੰਬਾਕੂ ਰੋਕਥਾਮ ਮੁਹਿੰਮ ਨੂੰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਲਗਭਗ 50 ਦੁਕਾਨਾਂ ਅਤੇ ਰੇਹੜੀਆਂ-ਫੜ੍ਹੀਆਂ ਦੀ ਚੈਕਿੰਗ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰ ਕੇ ਤੰਬਾਕੂ ਪਦਾਰਥ ਵੇਚਣ ਦੇ ਦੋਸ਼ ਹੇਠ 32 ਚਾਲਾਨ ਕੱਟੇ।



        ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਤੰਬਾਕੂ ਰੋਕਥਾਮ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਨਵਦੀਪ ਸਿੰਘ ਨੇ ਵੇਰਵਾ ਦਿੰਦਿਆਂ ਦਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ, 2003 (ਕੋਟਪਾ) ਤਹਿਤ ਟੀਮ ਨੇ ਫ਼ੇਜ਼ 6, 3, 1, 5 ਅਤੇ 7 ਵਿਖੇ ਮੁਹਿੰਮ ਚਲਾਈ ਅਤੇ ਜਿਥੇ ਕਿਤੇ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ, ਉਥੇ ਚਾਲਾਨ ਕਟਦਿਆਂ ਮੌਕੇ ’ਤੇ 4000 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। ਜਾਂਚ ਦੌਰਾਨ ਵੇਖਿਆ ਗਿਆ ਕਿ ਕੁਝ ਥਾਈਂ ਖਾਣ-ਪੀਣ ਦਾ ਸਮਾਨ ਵੇਚਣ ਦੇ ਨਾਲ-ਨਾਲ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕੋਟਪਾ ਕਾਨੂੰਨ ਦੀ ਉਲੰਘਣਾ ਹੈ। ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ।


        ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿਥੇ ਲਗਾਤਾਰ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ। ਚਾਲਾਨ ਦੀ ਕਾਰਵਾਈ ਕਰਦਿਆਂ ਦੁਕਾਦਾਰਾਂ ਅਤੇ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਕਿ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।


No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger