ਐਸ ਏ ਐਸ ਨਗਰ, 01 ਅਕਤੂਬਰ : ਜ਼ਿਲੇ ਵਿਚ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ,ਲੇਬਰ ਜਾਂ ਆੜਤੀਆਂ ਨੂੰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਖਿਜਰਾਬਾਦ ਅਨਾਜ ਮੰਡੀ ਵਿਖੇ ਝੋਨੇ ਦੇ ਖਰੀਦ ਦੀ ਰਸਮੀ ਸ਼ਰੂਆਤ ਕਰਦਿਆਂ ਦਿੱਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ, ਸ਼ੈਲਰਾਂ ਦੀ ਅਲਾਟਮੈਂਟ,ਅਦਾਇਗੀ ਆਦਿ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖਰੀਦ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੀਜਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ/ਗੈਰ-ਕਾਨੂੰਨੀ ਖਰੀਦ ਰੋਕਣ ਲਈ ਵੀ ਜਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਨਾਲ ਲਗਦੀਆਂ ਅੰਤਰ ਰਾਜੀ ਬੈਰੀਅਰਾਂ ਤੇ ਨਾਕੇ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਭੁਗਤਾਨ 72 ਘੰਟਿਆਂ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਲੇਬਰ ਅਤੇ ਟਰਾਂਸਪੋਰਟ ਦੇ ਸਾਰੇ ਟੈਂਡਰ ਮੁਕੰਮਲ ਹੋ ਗਏ ਹਨ। ਸਾਰੀਆਂ ਮੰਡੀਆਂ ਨੂੰ ਚੌਲ ਮਿੱਲਾਂ ਨਾਲ ਜੋੜਿਆ ਗਿਆ ਹੈ ਅਤੇ ਬਰਦਾਨੇ ਢੁੱਕਵੀਂ ਮਾਤਰਾ ਵਿੱਚ ਉਪਲਬਧ ਕਰਵਾਏ ਜਾ ਚੁੱਕੇ ਹਨ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਧਾਉਨੀ ਅਨਾਜ ਮੰਡੀ ਤਹਿਸੀਲ ਡੇਰਾਬੱਸੀ ਅਤੇ ਐਸ ਡੀ ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਨੇ ਬਨੂੜ ਵਿਖੇ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਕਿਸੇ ਵੀ ਧਿਰ ਨੂੰ ਖਰੀਦ ਸਬੰਧੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਛਾਂ, ਪੀਣ ਵਾਲੇ ਪਾਣੀ, ਰੌਸ਼ਨੀ ਆਦਿ ਪ੍ਰਬੰਧ ਮੁਕੰਮਲ ਅਤੇ ਖਰੀਦ ਏਜੰਸੀਆਂ ਨੂੰ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ।
No comments:
Post a Comment