ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ।
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁ ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਬਹੁ ਗਿਣਤੀ ਵਿੱਚ ਪ੍ਰੋਜੈਕਟ ਉਲੀਕਦਿਆਂ ਪੜਾਅਵਾਰ ਤਰੀਕੇ ਨਾਲ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਚੀਮਾ ਵਿਖੇ ਇਸ ਸਬ ਤਹਿਸੀਲ ਕੰਪਲੈਕਸ ਦੀ ਉਸਾਰੀ ਦੇ ਕਾਰਜ ਜਲਦੀ ਹੀ ਆਰੰਭ ਕਰ ਦਿੱਤੇ ਜਾਣਗੇ ਅਤੇ ਨਿਰਧਾਰਿਤ ਸਮੇਂ ਅੰਦਰ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਚੀਮਾ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਇਥੇ ਸਬ ਤਹਿਸੀਲ ਕੰਪਲੈਕਸ ਬਣਾਉਣ ਦੀ ਮੰਜੂਰੀ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਕਾਰ ਕਰਵਾਉਣ ਲਈ ਦੂਰ ਦੁਰਾਡੇ ਨਾ ਜਾਣਾ ਪਵੇ ਅਤੇ ਉਹ ਪਾਰਦਰਸ਼ਤਾ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਹਾਸਲ ਕਰ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਬ ਤਹਿਸੀਲ ਪ੍ਰਬੰਧਕੀ ਕੰਪਲੈਕਸ ਦੀ ਮੰਗ ਦੇ ਪੂਰਾ ਹੋਣ ਨਾਲ ਸਬ ਤਹਿਸੀਲ ਚੀਮਾ ਵਿੱਚ ਪੈਂਦੇ ਪਿੰਡਾਂ ਦੇ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ ਊਧਮ ਸਿੰਘ ਦੀ ਪਵਿੱਤਰ ਧਰਤੀ ਹਲਕਾ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਦ੍ਰਿੜਤਾ ਨਾਲ ਵਚਨਬੱਧ ਹਾਂ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਰਾਜ ਭਰ ਵਿੱਚ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ ਆਧੁਨਿਕ ਸਬ ਡਵੀਜ਼ਨਲ, ਤਹਿਸੀਲ ਅਤੇ ਸਬ ਤਹਿਸੀਲ ਕੰਪਲੈਕਸਾਂ ਦੀਆਂ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
No comments:
Post a Comment