Wednesday, November 2, 2022

ਸਿਹਤ ਵਿਭਾਗ ਦੀ ਟੀਮ ਨੇ ਪਿੰਡ ਭੜੌਂਜੀਆਂ ਵਿਚ ਕੀਤੀ ਫ਼ੌਗਿੰਗ ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰ

ਐਸ.ਏ.ਐਸ ਨਗਰ,2 ਨਵੰਬਰ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸਥਾਨਕ ਪਿੰਡ ਭੜੌਂਜੀਆਂ ਵਿਚ ਮੱਛਰਾਂ ਦੀ ਰੋਕਥਾਮ ਲਈ ਫ਼ੌਗਿੰਗ ਕੀਤੀ। ਡਾ. ਅਲਕਜੋਤ ਕੌਰ ਨੇ ਦਸਿਆ ਕਿ ਮਲੇਰੀਆ ਅਤੇ ਡੇਂਗੂ ਜਿਹੀਆਂ ਗੰਭੀਰ ਬੀਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੀ ਰੋਕਥਾਮ ਲਈ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਵੱਖ ਵੱਖ ਹਿੱਸਿਆਂ ਵਿਚ ਸਪਰੇਅ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਦਵਾਈ ਦੀ ਸਪਰੇਅ ਕਰਦੀਆਂ ਰਹਿੰਦੀਆਂ ਹਨ ਤਾਕਿ ਇਨ੍ਹਾਂ ਮਾਰੂ ਬੀਮਾਰੀਆਂ ਦੀ ਅਗਾਊਂ ਰੋਕਥਾਮ ਹੋ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੀ ਰੋਕਥਾਮ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਹੈ ਪਰ ਲੋਕਾਂ ਦਾ ਸਾਥ ਵੀ ਬਹੁਤ ਜ਼ਰੂਰੀ ਹੈ।



          ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਇਨ੍ਹੀਂ ਦਿਨੀਂ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਡੇਂਗੂ, ਚਿਕਨਗੁਨੀਆ ਜਾਂ ਮਲੇਰੀਆ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਇਹ ਸਾਰੇ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਇਸ ਤੋਂ ਇਲਾਵਾ ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਸਕੂਲਾਂ ਵਿਚ ਜਾ ਕੇ ਡੇਂਗੂ, ਮਲੇਰੀਆ, ਚਿਕਨਗੁਨੀਆ ਦੇ ਲੱਛਣਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਬੱਚਿਆਂ ਨੂੰ ਜਾਣਕਾਰੀ ਦੇ ਰਹੀਆਂ ਹਨ, ਉਥੇ ਪਿੰਡ-ਪਿੰਡ ਜਾ ਕੇ ਸਰਪੰਚਾਂ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ਜਾਗਰੂਕਤਾ ਮੁਹਿੰਮ ਚਲਾ ਰਹੀਆਂ ਹਨ ਅਤੇ ਸਪਰੇਅ ਦਾ ਕੰਮ ਵੀ ਕਰ ਰਹੀਆਂ ਹਨ। ਇਸ ਮੌਕੇ ਸਰਪੰਚ ਰਾਜਿੰਦਰ ਸਿੰਘ, ਹੈਲਥ ਇੰਸਪੈਕਟਰ ਸਵਰਨ ਸਿੰਘ, ਭੁਪਿੰਦਰ ਸਿੰਘ, ਸਿਹਤ ਵਰਕਰ ਜਤਿੰਦਰ ਸਿੰਘ, ਹਰਜੀਤ ਸਿੰਘ, ਰਘਬੀਰ ਸਿੰਘ, ਗੁਰਤੇਜ ਸਿੰਘ ਅਤੇ ਲੈਬ ਤਕਨੀਸ਼ੀਅਨ ਸੁਖਦੇਵ ਸਿੰਘ ਆਦਿ ਮੌਜੂਦ ਸਨ। 

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger