SBP GROUP

SBP GROUP

Search This Blog

Total Pageviews

Saturday, December 10, 2022

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ

ਚੰਡੀਗੜ੍ਹ, 10 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਨਵਾਂ ਮੀਲ ਦਾ ਪੱਥਰ ਸਥਾਪਤ ਕਰੇਗੀ।



ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸਿੰਗ ਵਿੱਚ ਭਾਗ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਵਿੱਚੋਂ ਪਹਿਲਾਂ 15, 16 ਤੇ 17 ਮਾਰਚ ਨੂੰ ਸਿੱਖਿਆ ਦੇ ਮੁੱਦੇ ਅਤੇ ਦੂਜਾ 22-23 ਜੂਨ ਨੂੰ ਲੇਬਰ ਦੇ ਮੁੱਦੇ ਉਤੇ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਵਿਸ਼ਵ ਭਰ ਵਿੱਚ ਮਸ਼ਹੂਰ ਹੈ ਅਤੇ ਇਨ੍ਹਾਂ ਸਮਾਗਮਾਂ ਦੌਰਾਨ ਭਾਗ ਲੈਣ ਵਾਲੇ ਦੇਸ਼ਾਂ ਦੇ ਮਹਿਮਾਨਾਂ ਦਾ ਸੁਆਗਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਹ ਸਮਾਗਮ ਅੰਮ੍ਰਿਤਸਰ ਦੀ ਪਵਿੱਤਰ ਧਰਤੀ 'ਤੇ ਹੋਣਗੇ, ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਹੋਰਾਂ ਥਾਵਾਂ 'ਤੇ ਮੱਥਾ ਟੇਕਦੀ ਹੈ।

ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਪਤਵੰਤਿਆਂ ਦੀ ਆਰਾਮਦਾਇਕ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਾਮਦਾਇਕ ਠਹਿਰ ਯਕੀਨੀ ਬਣਾਉਣ ਤੋਂ ਇਲਾਵਾ ਮਹਿਮਾਨਾਂ ਨੂੰ ਰਵਾਇਤੀ ਪੰਜਾਬੀ ਖਾਣਾ ਖਵਾਇਆ ਜਾਵੇਗਾ ਅਤੇ ਸ਼ਾਮ ਨੂੰ ਸੱਭਿਆਚਾਰਕ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਪਤਵੰਤੇ ਸਪੋਰਟਸ ਹੱਬ ਜਲੰਧਰ ਵਾਂਗ ਸੂਬੇ ਦੇ ਹੋਰ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੁਣਗੇ ਤਾਂ ਉਨ੍ਹਾਂ ਦੀ ਯਾਤਰਾ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਸ੍ਰੀ ਨਰਿੰਦਰ ਮੋਦੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਹਿਲਾਂ ਹੀ ਕਈ ਕਮੇਟੀਆਂ ਕਾਇਮ ਕੀਤੀਆਂ ਹੋਈਆਂ ਹਨ। ਕੈਬਨਿਟ ਸਬ-ਕਮੇਟੀ ਵੀ ਇਸ ਸਬੰਧੀ ਤਿਆਰੀਆਂ ’ਤੇ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਰੱਖ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੋਂ ਇਲ਼ਾਵਾ ਹੋਰ ਸੂਬਿਆਂ ਵਿੱਚ, ਜਿੱਥੇ ਪੰਜਾਬ ਨਾਲ਼ੋਂ ਪਹਿਲਾਂ ਸਮਾਗਮ ਹੋਣਗੇ, ਅਧਿਕਾਰੀ ਉਥੋਂ ਦਾ ਦੌਰਾ ਕਰ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਹ ਵੱਡ-ਆਕਾਰੀ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਸੂਬੇ ਵਿੱਚ ਅੰਤਰਰਾਸ਼ਟਰੀ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਹਰ ਪੰਜਾਬੀ ਨੂੰ ਸ਼ਾਮਲ ਕਰੇਗੀ ਤਾਂ ਜੋ ਸੂਬੇ ਦੇ ਸ਼ਾਨਾਮੱਤੇ ਵਿਰਸੇ ਨਾਲ ਸਾਰੇ ਪਤਵੰਤਿਆਂ ਨੂੰ ਰੂਬਰੂ ਕਰਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਦੌਰੇ ’ਤੇ ਆਇਆ ਵਫ਼ਦ ਸੂਬੇ ਵਿੱਚ ਆਪਣੇ ਠਹਿਰਾਅ ਸਬੰਧੀ ਸ਼ਾਨਦਾਰ ਯਾਦਾਂ ਲੈ ਕੇ ਜਾਵੇ। 

No comments:


Wikipedia

Search results

Powered By Blogger