ਐਸ.ਏ.ਐਸ. ਨਗਰ, 02 ਦਸੰਬਰ : ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਜਲਦੀ ਹੀ 21 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ । ਇਨ੍ਹਾਂ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਕਲੀਨਿਕਾ ਸਬੰਧੀ ਚੱਲ ਰਹੇ ਕੰਮਾਂ ਦਾ ਜ਼ਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਪੀ.ਡਬਲਿਊ.ਡੀ. ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਵੇਂ ਸਥਾਪਤ ਕੀਤੇ ਜਾਣ ਵਾਲੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਾਰੀਆਂ ਬਿਲਡਿੰਗਾਂ ਦੀ ਲੋੜੀਂਦੀ ਰਿਪੇਅਰ ਕਰਨ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧਾਂ ਵੱਲ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪਹਿਲਾ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਇਲਾਵਾ ਹੋਰ 21 ਨਵੇਂ ਆਮ ਆਦਮੀ ਕਲੀਨਿਕ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਲਦੀ ਹੀ ਸਥਾਪਿਤ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਭਾਵੇਂ ਆਮ ਆਦਮੀ ਕਲੀਨਿਕ ਜਿਲ੍ਹੇ ਦੇ ਪ੍ਰਾਇਮਰੀ ਹੈਲਥ ਸੈਂਟਰਾ ਵਿੱਚ ਸਥਾਪਤ ਕੀਤੇ ਜਾ ਰਹੇ ਹਨ ਪ੍ਰੰਤੂ ਇਨ੍ਹਾਂ ਪ੍ਰਾਇਮਰੀ ਹੈਲਥ ਸੈਂਟਰਾਂ ਦੀਆਂ ਮੌਜੂਦਾ ਸਿਹਤ ਸੁਵਿਧਾਵਾ ਉਸੇ ਪ੍ਰਕਾਰ ਚਲਦੀਆਂ ਰਹਿਣਗੀਆਂ ਜਦਕਿ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਇਹ ਨਵੇਂ 21 ਆਮ ਆਦਮੀ ਕਲੀਨਿਕ ਵੱਖਰੇ ਤੌਰ ਤੇ ਸਥਾਪਤ ਕੀਤੇ ਜਾ ਰਹੇ ਹਨ ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਸਥਾਪਤ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਵਿਚ ਵੇਟਿੰਗ ਸੈੱਡ, ਅੱਗ ਬੁਝਾਊ ਯੰਤਰ, ਪਖਾਨਿਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ। ਇਸ ਦੌਰਾਨ ਉਨ੍ਹਾਂ ਵੱਖ ਵੱਖ ਸਬੰਧਤ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕਾਂ ਤੇ ਆਉਣ ਵਾਲੇ ਅੰਦਾਜ਼ਨ ਖਰਚੇ ਦੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼, ਪੀ.ਡਬਲਿਊ.ਡੀ. ਵਿਭਾਗ ਦੇ ਐਕਸੀਅਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਾ ਕੇ ਨਵੇਂ ਆਮ ਆਦਮੀ ਕਲੀਨਿਕਾ ਦੀ ਤਿਆਰੀ ਸਬੰਧੀ ਕੰਮਾਂ ਵਿੱਚ ਤੇਜੀ ਲਿਆਉਂਣ ਦੀ ਹਦਾਇਤ ਕੀਤੀ ਗਈ ਹੈ ।
ਇਸ ਮੌਕੇ ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ,ਸਿਵਲ ਸਰਜਨ ਡਾ ਆਦਰਸ਼ਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ , ਐਸ.ਐਮ.ਓਜ਼, ਈ.ਓਜ਼ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।
No comments:
Post a Comment