ਚੰਡੀਗੜ੍ਹ, ਦਸੰਬਰ 26 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਅਮਨ ਅਰੋੜਾ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ 'ਤੇ ਚੀਮਾ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਨਤਮਸਤਕ ਹੋਏ ਅਤੇ ਮਹਾਨ ਕ੍ਰਾਂਤੀਕਾਰੀ ਯੋਧੇ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਸੰਬੋਧਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਜ਼ਾਦੀ ਦੀ ਲੜਾਈ ਸਮੇਂ ਅੰਗਰੇਜ਼ ਹਕੂਮਤ ਦੀ ਈਨ ਨਹੀਂ ਮੰਨੀ ਅਤੇ ਜਲਿਆਂਵਾਲਾ ਬਾਗ਼ ਦੇ ਸਾਕੇ ਦਾ 21 ਸਾਲ ਬਾਅਦ ਬਦਲਾ ਲਿਆ। ਉਨ੍ਹਾਂ ਕਿਹਾ ਕਿ ਸੁਨਾਮ ਵਾਸੀਆਂ ਨੂੰ ਇਸ ਗੱਲ ਦਾ ਫ਼ਖ਼ਰ ਹੈ ਕਿ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧ ਸਿੰਘ ਨੇ ਇਥੋਂ ਦੀ ਧਰਤੀ 'ਤੇ ਜਨਮ ਲਿਆ ਅਤੇ ਜ਼ਬਰ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਅਨੇਕਾਂ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਸਰਕਾਰ ਦੇ ਨਾਲ ਨਾਲ ਹਰ ਨਾਗਰਿਕ ਦਾ ਵੀ ਇਹ ਮੁਢਲਾ ਫ਼ਰਜ਼ ਹੈ ਕਿ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਬਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ। ਸ੍ਰੀ ਅਰੋੜਾ ਨੇ ਕਿਹਾ ਕਿ ਨਵੀਆਂ ਪੀੜ੍ਹੀਆਂ ਨੂੰ ਦੇਸ਼ ਦੇ ਗੌਰਵਮਈ ਵਿਰਾਸਤ ਦੇ ਰੂਬਰੂ ਕਰਨਾ ਸਮੇਂ ਦੀ ਅਹਿਮ ਲੋੜ ਹੈ ਅਤੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨ ਵਾਰ ਕੇ ਮਿਸਾਲਾਂ ਕਾਇਮ ਕਰਨ ਵਾਲੇ ਸੂਰਬੀਰ ਯੋਧਿਆਂ ਦੇ ਜੀਵਨ ਬਾਰੇ ਨਵੀਂ ਪੀੜ੍ਹੀ ਨੂੰ ਸੁਚੇਤ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਇਸ ਮੌਕੇ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਸੁਨਾਮ ਦੇ ਬਹੁ ਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ਼ਹੀਦੀ ਸਮਾਰਕ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸੰਗਤ ਵਿੱਚ ਹਾਜ਼ਰੀ ਲਵਾਈ।
ਇਸ ਮੌਕੇ ਐਸਡੀਐਮ ਜਸਪ੍ਰੀਤ ਸਿੰਘ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ, ਲਾਭ ਸਿੰਘ ਨੀਲੋਵਾਲ ਸਮੇਤ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
No comments:
Post a Comment