ਮਾਨਸਾ, 09 ਦਸੰਬਰ : ਆਰ.ਪੀ.ਡਬਲਿਯੂ.ਡੀ. (ਦਿਵਿਆਂਗ ਵਿਅਕਤੀਆਂ ਦਾ ਅਧਿਕਾਰ) ਐਕਟ-2016 ਦੀ ਧਾਰਾ 72 ਅਤੇ ਆਰ.ਪੀ.ਡਬਲਿਯੂ.ਡੀ. 2019 ਦੇ ਰੂਲ 22 ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਕੁਆਰਡੀਨੇਟਰ ਪੀ.ਡਬਲਊ.ਡੀ. ਸ੍ਰੀ ਸੰਜੀਵ ਗੋਇਲ ਵੱਲੋਂ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਦੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੀਨੀਅਰ ਸਿਟੀਜ਼ਨਾਂ ਵਾਂਗ ਦਿਵਿਆਂਗ ਵਿਅਕਤੀਆਂ ਲਈ ਵੀ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ’ਤੇ ਵੀਲ੍ਹ ਚੇਅਰ, ਰੈਂਪ ਅਤੇ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੀ ਸਹੂਲਤ ਲਾਜ਼ਮੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਜਿੰਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਮੈਡੀਕਲ ਲਈ ਫਰੀਦਕੋਟ ਰੈਫਰ ਕੀਤਾ ਗਿਆ ਹੈ, ਉਨ੍ਹਾਂ ਦਿਵਿਆਂਗ ਵਿਅਕਤੀਆਂ ਦੀ ਸੂਚਨਾ ਇਕੱਤਰ ਕੀਤੀ ਜਾਵੇ ਤਾਂ ਜੋ ਪ੍ਰਸ਼ਾਸਨ ਵੱਲੋਂ ਮੁਫ਼ਤ ਸਾਧਨ ਦਾ ਪ੍ਰਬੰਧ ਕਰਕੇ ਦਿੱਤਾ ਜਾ ਸਕੇ। ਉਨ੍ਹਾਂ ਦਿਵਿਆਂਗ ਵਿਦਿਆਰਥੀਆਂ ਦੇ ਪੜ੍ਹਨ ਲਈ ਸਕੂਲ ਖੋਲ੍ਹਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
No comments:
Post a Comment